ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਡੀ. ਏ. ਵੀ. ਸੰਸਥਾਵਾਂ ਦਾ ਕੀਤਾ ਦੌਰਾ

06/26/2020 4:46:25 PM

ਜਲੰਧਰ (ਚੋਪੜਾ, ਕਮਲੇਸ਼)— ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਵੀਰਵਾਰ ਨੂੰ ਡੀ. ਏ. ਵੀ. ਯੂਨੀਵਰਸਿਟੀ, ਡੀ. ਏ. ਵੀ. ਕਾਲਜ ਅਤੇ ਡੀ. ਏ. ਵੀ. ਇੰਸਟੀਚਿਊਟ ਆਫ ਟੈਕਨਾਲੋਜੀ (ਡੇਵੀਅਟ) ਦਾ ਦੌਰਾ ਕੀਤਾ। ਉਨ੍ਹਾਂ ਨੇ ਕੋਵਿਡ-19 ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਭਵਿੱਖ 'ਚ ਕਿਸੇ ਵੀ ਐਮਰਜੈਂਸੀ ਸਥਿਤੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਦੇ ਸਮਰੱਥ ਬਣਾਉਣ ਨੂੰ ਲੈ ਕੇ ਇਨ੍ਹਾਂ ਸਿੱਖਿਅਕ ਸੰਸਥਾਵਾਂ 'ਚ ਸੰਭਾਵਨਾਵਾਂ ਦਾ ਜਾਇਜ਼ਾ ਲਿਆ।

ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿੱਖਿਅਕ ਸੰਸਥਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਦੌਰਾਨ ਦੱਸਿਆ ਗਿਆ ਕਿ ਜੇਕਰ ਭਵਿੱਖ 'ਚ ਜ਼ਰੂਰਤ ਪੈਂਦੀ ਹੈ ਤਾਂ ਇਨ੍ਹਾਂ ਸੰਸਥਾਵਾਂ 'ਚ ਕੋਵਿਡ ਕੇਅਰ ਸੈਂਟਰ ਸਥਾਪਤ ਕਰਕੇ ਸਮਰੱਥਾ ਨੂੰ ਵਧਾਇਆ ਜਾਵੇਗਾ। ਉਨ੍ਹਾਂ ਨੇ ਸੰਸਥਾਵਾਂ ਦੀਆਂ ਵੱਖ-ਵੱਖ ਬ੍ਰਾਂਚਾਂ ਦਾ ਦੌਰਾ ਕਰਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪ੍ਰੋਗਰਾਮ ਪਹਿਲਾਂ ਹੀ ਬਣਾਇਆ ਜਾ ਚੁੱਕਾ ਹੈ ਅਤੇ ਇਸ ਲਈ ਸਿਵਲ ਅਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਖ਼ਿਲਾਫ਼ ਜੰਗ 'ਚ ਜਿੱਤ ਪ੍ਰਾਪਤ ਕਰਨ ਲਈ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਕੋਰੋਨਾ ਵਾਇਰਸ ਸਬੰਧੀ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਮਾਜਿਕ ਦੂਰੀ, ਮਾਸਕ ਪਹਿਨਣ ਅਤੇ ਹੱਥਾਂ ਨੂੰ ਧੋਣ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਜਲੰਧਰ-2 ਰਾਹੁਲ ਸਿੰਧੂ ਅਤੇ ਐੱਸ. ਡੀ. ਐੱਮ. ਜਲੰਧਰ-1 ਡਾ. ਜੈਇੰਦਰ ਸਿੰਘ ਵੀ ਹਾਜ਼ਰ ਸਨ।


shivani attri

Content Editor

Related News