ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ''ਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਲਿਆ ਜਾਇਜ਼ਾ
Thursday, Sep 25, 2025 - 02:14 PM (IST)

ਜਲੰਧਰ (ਚੋਪੜਾ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਚੱਲ ਰਹੀ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਮੰਡੀਆਂ ਦਾ ਨਿਯਮਿਤ ਦੌਰਾ ਕਰਕੇ ਖ਼ਰੀਦ ਕੰਮਾਂ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਪੂਰਾ ਕੀਤਾ ਜਾਵੇ। ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ’ਚ ਖੁਰਾਕ ਅਤੇ ਸਿਵਲ ਸਪਲਾਈ, ਮੰਡੀ ਬੋਰਡ ਅਤੇ ਖੇਤੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਨੇ ਖ਼ਰੀਦੀ ਗਈ ਫ਼ਸਲ ਦੀ ਸਮੇਂ ਸਿਰ ਲਿਫਟਿੰਗ ਅਤੇ ਭੁਗਤਾਨ ਯਕੀਨੀ ਕਰਨ ਦੇ ਹੁਕਮ ਦਿੱਤੇ।
ਡੀ. ਸੀ. ਨੇ ਖੇਤੀ ਵਿਭਾਗ ਨੂੰ ਪਰਾਲੀ ਪ੍ਰਬੰਧਨ ’ਤੇ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਜਿਨ੍ਹਾਂ ਪਿੰਡਾਂ ਵਿਚ ਪਿਛਲੇ ਸਾਲ ਪਰਾਲੀ ਸਾੜਨ ਦੀਆਂ ਜ਼ਿਆਦਾ ਘਟਨਾਵਾਂ ਸਾਹਮਣੇ ਆਈਆਂ ਸਨ, ਉਥੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਏ. ਡੀ. ਸੀ. (ਜਨਰਲ) ਅਮਨਿੰਦਰ ਕੌਰ, ਡੀ. ਐੱਫ਼. ਐੱਸ. ਸੀ. ਹਰਵੀਨ ਕੌਰ, ਜ਼ਿਲਾ ਮੰਡੀ ਅਧਿਕਾਰੀ ਅਰਵਿੰਦਰ ਸਿੰਘ ਅਤੇ ਮੁੱਖ ਖੇਤੀ ਅਧਿਕਾਰੀ ਡਾ. ਜਸਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ।