ਜਨਮ ਦਿਨ ਦੀ ਪਾਰਟੀ ਦੌਰਾਨ ਫਾਇਰਿੰਗ ਕਰਨ ਵਾਲਾ ਜਲੰਧਰ ਪੁਲਸ ਵੱਲੋਂ ਗ੍ਰਿਫ਼ਤਾਰ
Wednesday, May 15, 2024 - 01:49 PM (IST)
ਜਲੰਧਰ (ਸੁਧੀਰ)- ਜਲੰਧਰ ਸ਼ਹਿਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੇ ਵਪਾਰ ਅਤੇ ਅਪਰਾਧ ਨੂੰ ਨੱਥ ਪਾਉਣ ਲਈ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਜਨਮ ਦਿਨ ਦੀ ਪਾਰਟੀ ਦੌਰਾਨ ਖ਼ੂਨ-ਖ਼ਰਾਬਾ ਕਰਨ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਸੰਨੀ ਉਰਫ਼ ਕਾਕਾ ਨੇ ਸ਼ਿਕਾਇਤ ਕੀਤੀ ਸੀ ਕਿ 13 ਮਾਰਚ 2024 ਨੂੰ ਉਸ ਨੂੰ ਇਕ ਦੋਸਤ ਨੇ ਜਨਮ ਦਿਨ ਦੇ ਜਸ਼ਨ ਲਈ ਬੁਲਾਇਆ ਸੀ। ਉਨ੍ਹਾਂ ਦੱਸਿਆ ਕਿ ਪਾਰਟੀ ਦੌਰਾਨ ਗੌਰਵ ਕਪਿਲਾ ਪੁੱਤਰ ਸੰਜੀਵ ਕੁਮਾਰ ਵਾਸੀ ਐੱਨ. ਸੀ. 154 ਕੋਟ ਕਿਸ਼ਨ ਚੰਦ ਜਲੰਧਰ ਅਤੇ ਉਸ ਦੇ ਦੋਸਤਾਂ ਨੇ ਡੀਜੇ ਦੇ ਸੰਗੀਤ 'ਤੇ ਨੱਚਦੇ ਹੋਏ ਹਵਾ 'ਚ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ। ਸਵਪਨ ਸ਼ਰਮਾ ਨੇ ਦੱਸਿਆ ਕਿ ਸੰਨੀ ਅਤੇ ਉਸ ਦੇ ਦੋਸਤਾਂ ਨੇ ਦਖ਼ਲ ਦੇਣ ਦੀ ਕੋਸ਼ਿਸ਼ ਕੀਤੀ ਪਰ ਗੌਰਵ ਕਪਿਲਾ ਨੇ ਉਨ੍ਹਾਂ ’ਤੇ ਗੋਲ਼ੀ ਚਲਾ ਦਿੱਤੀ, ਜਿਸ ਕਾਰਨ ਸੰਨੀ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ-ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਕਰੰਟ ਲੱਗਣ ਕਾਰਨ ਤੜਫ਼-ਤੜਫ਼ ਕੇ ਨਿਕਲੀ ਜਾਨ
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਸ਼ਿਕਾਇਤ 'ਤੇ ਥਾਣਾ ਡਿਵੀਜ਼ਨ 1 ਜਲੰਧਰ ਵਿਖੇ ਐੱਫ਼. ਆਈ. ਆਰ. 39 ਮਿਤੀ 15-03-2024 ਅਧੀਨ 307/326/34 ਆਈ. ਪੀ. ਸੀ, 25/27 ਅਸਲਾ ਐਕਟ ਦਰਜ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਪਾਰਕਿੰਗ ਦੇ ਠੇਕੇ ਦੀ ਅਲਾਟਮੈਂਟ ਨੂੰ ਲੈ ਕੇ ਕਈ ਦਿਨ ਪਹਿਲਾਂ ਜ਼ੁਬਾਨੀ ਤਕਰਾਰ ਦੌਰਾਨ ਦੋਵਾਂ ਵਿਚਾਲੇ ਝਗੜਾ ਹੋਇਆ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਗੌਰਵ ਕਪਿਲਾ ਘਟਨਾ ਤੋਂ ਬਾਅਦ ਤੋਂ ਹੀ ਫ਼ਰਾਰ ਸੀ।
ਉਧਰ ਪੁਲਸ ਕਮਿਸ਼ਨਰ ਨੇ ਕਿਹਾ ਕਿ ਖ਼ੁਫ਼ੀਆ ਜਾਣਕਾਰੀ ਅਤੇ ਸਬੂਤਾਂ ਦੀ ਮਦਦ ਨਾਲ ਪੁਲਸ ਨੇ ਮਾਮਲੇ ਦੀ ਜਾਂਚ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੰਜ ਹਥਿਆਰ (32 ਬੋਰ ਦੇ ਚਾਰ ਪਿਸਤੌਲ ਅਤੇ ਇਕ ਦੇਸੀ ਕੱਟਾ) ਸਮੇਤ ਮੈਗਜ਼ੀਨ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ। ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਹੀ ਦੋ ਕੇਸ ਦਰਜ ਹਨ, ਉਨ੍ਹਾਂ ਕਿਹਾ ਕਿ ਹੋਰ ਪੁੱਛਗਿੱਛ ਜਾਰੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।
ਇਹ ਵੀ ਪੜ੍ਹੋ-ਜਲੰਧਰ: ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋਏ ਵਿਅਕਤੀ ਨੇ ਤੋੜਿਆ ਦਮ, ਇੰਟਰਨੈਸ਼ਨਲ ਡਰੱਗ ਰੈਕੇਟ ਨਾਲ ਜੁੜੇ ਨੇ ਤਾਰ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8