ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਜਥੇਦਾਰ ਗੜਗੱਜ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਜ਼ੋਰਦਾਰ ਮੰਗ

Monday, Nov 24, 2025 - 07:33 PM (IST)

ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਜਥੇਦਾਰ ਗੜਗੱਜ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਜ਼ੋਰਦਾਰ ਮੰਗ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਚੱਲ ਰਹੇ ਸਮਾਗਮਾਂ ਦੌਰਾਨ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਪ੍ਰਮੁੱਖ ਧਾਰਮਿਕ, ਪੰਥਕ ਤੇ ਸਿਆਸੀ ਸਖਸ਼ੀਅਤਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।

ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸਜਾਏ ਗਏ ਮੁੱਖ ਪੰਡਾਲ ਵਿਚ ਅੱਜ ਹੋਏ ਗੁਰਮਤਿ ਸਮਾਗਮ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚਲਦੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ, ਕਵਿਤਾ, ਕਵੀਸ਼ਰੀ, ਢਾਡੀ ਵਾਰਾਂ ਅਤੇ ਭਾਸ਼ਣ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਸਮੇਤ ਹੋਰ ਸ਼ਖ਼ਸੀਅਤਾਂ ਵੱਲੋਂ ਵੀ ਸੰਬੋਧਨ ਕੀਤਾ ਗਿਆ।

ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਸ਼ਤਾਬਦੀ ਸਮਾਗਮਾਂ ਦੇ ਸਜੇ ਵਿਸ਼ਾਲ ਦੀਵਾਨ ਵਿਚ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਧਰਮ ਅਤੇ ਜ਼ਮੀਰ ਦੀ ਆਜ਼ਾਦੀ ਲਈ ਸ਼ਹਾਦਤ ਦੇ ਕੇ ਹਿੰਦੋਸਤਾਨ ਦੀ ਧਰਤੀ ਤੋਂ ਜ਼ੁਲਮੀ ਮੁਗ਼ਲ ਰਾਜ ਦੀ ਜੜ੍ਹ ਪੁੱਟੀ ਸੀ। ਉਨ੍ਹਾਂ ਕਿਹਾ ਕਿ ਅੱਜ ਦੀਆਂ ਸਰਕਾਰਾਂ ਨੌਵੇਂ ਪਾਤਸ਼ਾਹ ਦਾ 350 ਸਾਲਾ ਸ਼ਹੀਦੀ ਦਿਹਾੜਾ ਤਾਂ ਮਨਾ ਰਹੀਆਂ ਹਨ, ਪਰ ਗੁਰੂ ਸਾਹਿਬ ਦੀ ਸੋਚ ਨੂੰ ਬਿਲਕੁਲ ਉਸੇ ਤਰ੍ਹਾਂ ਕੁਚਲਣ ਦੇ ਯਤਨ ਕਰ ਰਹੀਆਂ ਹਨ ਜਿਵੇਂ ਔਰੰਗਜ਼ੇਬ ਨੇ ਆਪਣੇ ਜ਼ੁਲਮ ਦੇ ਰਾਜ ਨੂੰ ਕਾਇਮ ਰੱਖਣ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਹੀਦ ਕੀਤਾ ਸੀ। 

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਧਾਨ ਸਭਾ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਗਣ ਵਾਲਾ ਵਿਸ਼ੇਸ਼ ਸ਼ੈਸ਼ਨ ਤਾਂ ਹੀ ਸਾਰਥਿਕ ਹੋ ਸਕਦਾ ਸੀ ਜੇਕਰ ਪੰਜਾਬ ਸਰਕਾਰ ਵੱਲੋਂ ਸਿੱਖ ਕੌਮ ਨਾਲ ਸਬੰਧਤ ਮਾਮਲਿਆਂ ਅਤੇ ਖਾਸਕਰ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਲਈ ਮਤਾ ਪਾਸ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਦਿੱਲੀ ਦੀਆਂ ਵੱਖ-ਵੱਖ ਸਰਕਾਰਾਂ ਵਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਸਿੱਖ ਕੈਦੀਆਂ ਨਾਲ ਕੀਤੇ ਜਾ ਰਹੇ ਧੱਕੇ ਵਿਰੁੱਧ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਤਾਂ ਜੋ ਪਤਾ ਲੱਗ ਸਕੇ ਕਿ ਨੌਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਮਨਾ ਰਹੀ ਪੰਜਾਬ ਸਰਕਾਰ ਪੰਜਾਬ ਦੇ ਨਾਲ ਖੜ੍ਹੀ ਹੈ ਨਾ ਕਿ ਦਿੱਲੀ ਦੇ ਨਾਲ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਤੋਂ ਸਿੱਖਿਆ ਲੈਣੀ ਚਾਹੀਦੀ ਹੈ ਕਿ ਜ਼ੁਲਮ ਦੇ ਨਾਲ ਦੂਜਿਆਂ ਦੇ ਅਧਿਕਾਰਾਂ ਨੂੰ ਕੁਚਲ ਕੇ ਕੋਈ ਵੀ ਰਾਜ ਟਿਕਿਆ ਨਹੀਂ ਰਹਿ ਸਕਦਾ।

ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਾਵਨ ਸ਼ਹਾਦਤ ਦੇ ਸੰਕਲਪ ਤੇ ਸਿਧਾਂਤ ਦੇ ਧਾਰਨੀ ਹੋਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਗੁਰੂ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸਾਰਿਆਂ ਨੂੰ ਆਪੋ ਆਪਣੇ ਧਰਮ ਵਿਚ ਪ੍ਰਪੱਕ ਹੋਣ ਲਈ ਪ੍ਰੇਰਨਾ ਦਿੰਦਿਆਂ ਆਖਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਬਾਣੀ ਅਤੇ ਪ੍ਰਵਚਨ ਸਰਬ ਸਾਂਝੀਵਾਲਤਾ ’ਤੇ ਜ਼ੋਰ ਦਿੰਦਿਆਂ ਆਤਮ ਚਿੰਤਨ ਦੀ ਪ੍ਰੇਰਨਾ ਦਿੰਦੇ ਹਨ।

ਇਸ ਦੌਰਾਨ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਬਾਬਾ ਜੀਤ ਸਿੰਘ ਜੌਹਲਾਂ ਵਾਲੇ, ਬਾਬਾ ਦਵਿੰਦਰ ਸਿੰਘ ਸ਼ਹਾਬਪੁਰ ਤੇ ਬਾਬਾ ਜੀਵਨ ਸਿੰਘ ਹਾਂਗਕਾਂਗ ਨੇ ਵੀ ਸੰਬੋਧਨ ਕੀਤਾ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਵੱਖ ਵੱਖ ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਦਲਜੀਤ ਸਿੰਘ ਭਿੰਡਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਗੁਰਬਖਸ਼ ਸਿੰਘ ਖਾਲਸਾ, ਭੁਪਿੰਦਰ ਸਿੰਘ ਭਲਵਾਨ, ਰਘਬੀਰ ਸਿੰਘ ਸਹਾਰਨਮਾਜਰਾ, ਭਾਈ ਅਜੈਬ ਸਿੰਘ ਅਭਿਆਸੀ ਅਵਤਾਰ ਸਿੰਘ ਰੀਆ, ਅਮਰਜੀਤ ਸਿੰਘ ਬੰਡਾਲਾ, ਅਮਰਜੀਤ ਸਿੰਘ ਭਲਾਈਪੁਰ, ਅਮਰੀਕ ਸਿੰਘ ਸ਼ਾਹਪੁਰ, ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਇੰਜੀ ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਜਸਵਿੰਦਰ ਸਿੰਘ ਜੱਸੀ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਗੁਰਦਿਆਲ ਸਿੰਘ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਡਿਪਟੀ ਡਾਇਰੈਕਟਰ ਬੀਬੀ ਸਤਵੰਤ ਕੌਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਰਾਮ ਸਿੰਘ ਮੁੰਬਈ ਆਨਰੇਰੀ ਇੰਚਾਰਜ ਸਿੱਖ ਮਿਸ਼ਨ ਮਹਾਂਰਾਸ਼ਟਰ ਤੇ ਗੁਜਰਾਤ, ਦਿਲਸਾਦ ਸਿੰਘ ਅਨੰਦ ਆਨਰੇਰੀ ਇੰਚਾਰਜ ਸਿੱਖ ਮਿਸ਼ਨ ਆਂਧਰਾ ਪ੍ਰਦੇਸ਼, ਬਲਬੀਰ ਸਿੰਘ ਚੰਗਿਆੜਾ, ਸੁਰਿੰਦਰ ਸਿੰਘ ਕਿਸ਼ਨਪੁਰਾ, ਪਰਮਿੰਦਰ ਸਿੰਘ ਭੰਡਾਲ, ਇੰਚਾਰਜ ਮੇਜ਼ਰ ਸਿੰਘ, ਬਲਦੇਵ ਸਿੰਘ ਚੀਫ 85 ਜਗਦੀਸ਼ ਸਿੰਘ ਬੁੱਟਰ, ਮੈਨੇਜਰ ਗੁਰਦੀਪ ਸਿੰਘ ਕੰਗ, ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਮੈਨੇਜਰ ਜਗੀਰ ਸਿੰਘ, ਧਰਮਿੰਦਰ ਸਿੰਘ, ਬਲਦੇਵ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਰਿਆੜ, ਸਤਿੰਦਰ ਸਿੰਘ, ਨਿਸ਼ਾਨ ਸਿੰਘ ਜ਼ਫਰਵਾਲ, ਸੁਰਜੀਤ ਸਿੰਘ ਬਰਨਾਲਾ, ਵਧੀਕ ਮੈਨੇਜਰ ਹਰਦੇਵ ਸਿੰਘ, ਸੰਦੀਪ ਸਿੰਘ ਕਲੋਤਾ, ਅਮਰਜੀਤ ਸਿੰਘ ਜਿੰਦਬੜੀ ਸਮੇਤ ਹੋਰ ਹਾਜ਼ਰ ਸਨ।


author

Baljit Singh

Content Editor

Related News