ਜੋਗਿੰਦਰ ਮਾਨ ਨੇ ਫਗਵਾੜਾ ਖੰਡ ਮਿੱਲ ਸੰਕਟ ਦੇ ਤੁਰੰਤ ਹੱਲ ਲਈ ਖੇਤੀਬਾੜੀ ਮੰਤਰੀ ਦੇ ਦਖ਼ਲ ਦੀ ਕੀਤੀ ਮੰਗ

08/19/2022 11:22:18 PM

ਫਗਵਾੜਾ (ਜਲੋਟਾ) : ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ‘ਆਪ’ ਆਗੂ ਜੋਗਿੰਦਰ ਸਿੰਘ ਮਾਨ ਨੇ ਅੱਜ ਫਗਵਾੜਾ ਸ਼ੂਗਰ ਮਿੱਲ ਦੇ ਸੰਕਟ ਦੇ ਤੁਰੰਤ ਹੱਲ ਲਈ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਦਖ਼ਲ ਦੀ ਮੰਗ ਕੀਤੀ ਹੈ। ਧਾਲੀਵਾਲ ਨੂੰ ਸ਼ਹਿਰ ਦੇ ਦੌਰੇ ਦੌਰਾਨ ਮਿਲੇ ਮਾਨ ਨੇ ਕਿਹਾ ਕਿ ਅੰਦੋਲਨ ਦੇ ਰਾਹ ਪਏ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਮੁੱਦੇ ਦਾ ਫੌਰੀ ਹੱਲ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਸਲੇ ਦੇ ਫੌਰੀ ਹੱਲ ਲਈ ਦਖਲ ਦੇਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ। ਉਨ੍ਹਾਂ ਮੰਤਰੀ ਨੂੰ ਇਹ ਵੀ ਕਿਹਾ ਕਿ ਕਿਸਾਨਾਂ ਦੇ ਬਕਾਏ ਜਾਰੀ ਕੀਤੇ ਜਾਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸਹਿਕਾਰੀ ਖੰਡ ਮਿੱਲਾਂ ਦੀਆਂ ਅਦਾਇਗੀਆਂ ਜਾਰੀ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਦੇ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਕ ਪਾਸੇ ਅਨਾਜ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਅਤੇ ਦੂਜੇ ਪਾਸੇ ਕੀਮਤੀ ਪਾਣੀ ਨੂੰ ਬਚਾਉਣ ਲਈ ਪਹਿਲਾਂ ਹੀ ਕਈ ਹੋਰ ਕਦਮ ਚੁੱਕੇ ਹਨ। ਮਾਨ ਨੇ ਆਸ ਪ੍ਰਗਟਾਈ ਕਿ ਜਲਦ ਹੀ ਇਸ ਮਸਲੇ ਦਾ ਹੱਲ ਹੋ ਜਾਵੇਗਾ ਅਤੇ ਕਿਸਾਨਾਂ ਨੂੰ ਇਸ ਦਾ ਵੱਡਾ ਲਾਭ ਮਿਲੇਗਾ। ਉਨ੍ਹਾਂ ਨੇ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ ਤੇ ਕਿਹਾ ਕਿ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਫਗਵਾੜਾ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ, ਜਿਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।


Manoj

Content Editor

Related News