ਕਪੂਰਥਲਾ ਪੁੱਜੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੂੰ ਦਿੱਤਾ ਗਿਆ ਗਾਰਡ ਆਫ਼ ਆਨਰ

Friday, Oct 29, 2021 - 04:48 PM (IST)

ਕਪੂਰਥਲਾ (ਵਿਪਨ,ਮੱਲ੍ਹੀ)— ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਅੱਜ ਕਪੂਰਥਲਾ ਵਿਖੇ ਆਪਣੀ ਪਹਿਲੀ ਫੇਰੀ ’ਤੇ ਪਹੁੰਚੇ। ਕਪੂਰਥਲਾ ਦੀ ਫੇਰੀ ਦੌਰਾਨ ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਵੱਲੋਂ ਉਨ੍ਹਾਂ ਦਾ ਸੁਆਗਤ ਕੀਤਾ ਗਿਆ। ਇਸ ਮੌਕੇ ਪੰਜਾਬ ਪੁਲਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਦੇ ਖੇਤੀਬਾੜੀ ਮੰਤਰੀ ਬਣਨ ਤੋਂ ਬਾਅਦ ਰਣਦੀਪ ਸਿੰਘ ਨਾਭਾ ਦੀ ਅੱਜ ਕਪੂਰਥਲਾ ਵਿਖੇ ਪਹਿਲੀ ਫੇਰੀ ਸੀ। 

PunjabKesari

ਇਹ ਵੀ ਪੜ੍ਹੋ: ਪੰਜਾਬ ਪੁਲਸ ’ਚ ਵੱਡਾ ਫੇਰਬਦਲ, 72 IPS ਤੇ PPS ਅਧਿਕਾਰੀਆਂ ਦੇ ਤਬਾਦਲੇ

8 ਨਵੰਬਰ ਦੇ ਵਿਸ਼ੇਸ਼ ਸੈਸ਼ਨ ਦੌਰਾਨ ਕਾਲੇ ਖੇਤੀ ਕਾਨੂੰਨ ਮੁੱਢੋਂ ਹੋਣਗੇ ਰੱਦ 
ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨੀ ਨੂੰ ਕਾਲੇ ਕਾਨੂੰਨਾਂ ਦੀ ਮਾਰ ਤੋਂ ਬਚਾਉਣ ਲਈ ਵਿਧਾਨ ਸਭਾ ਦੇ 8 ਨਵੰਬਰ ਨੂੰ ਹੋਣ ਵਾਲੇ ਵਿਸ਼ੇਸ਼ ਸੈਸ਼ਨ ਦੌਰਾਨ ਤਿੰਨੇ ਕਾਨੂੰਨਾਂ ਨੂੰ ਮੁੱਢੋਂ ਰੱਦ ਕਰ ਦਿੱਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਕਿਸਾਨੀ ਦੇ ਹਿੱਤਾਂ ਦੀ ਰਾਖੀ ਲਈ ਕੋਈ ਵੀ ਕਦਮ ਚੁੱਕਣ ਤੋਂ ਗੁਰੇਜ਼ ਨਹੀਂ ਕਰੇਗੀ, ਚਾਹੇ ਇਸਦੀ ਕੋਈ ਵੀ ਕੀਮਤ ਚੁਕਾਉਣੀ ਪਵੇ। ਕੈਬਨਿਟ ਮੰਤਰੀ ਬਣਨ ਪਿੱਛੋਂ ਪਹਿਲੀ ਵਾਰ ਜ਼ਿਲ੍ਹਾ ਕਪੂਰਥਲਾ ਦੇ ਦੌਰੇ ’ਤੇ ਆਏ ਖੇਤੀ ਮੰਤਰੀ ਨੇ ਸਥਾਨਕ ਹਿੰਦੂ ਕੰਨਿਆ ਕਾਲਜ ਵਿਖੇ ‘ਪੰਜਾਬ ਦਾ ਭਵਿੱਖ’ ਵਿਸ਼ੇ ’ਤੇ ਵਿਚਾਰ ਚਰਚਾ ਦੌਰਾਨ ਭਾਗ ਲੈਣ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨੀ ਖਾਤਰ ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ 157 ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ।

ਉਨ੍ਹਾਂ ਹਿੰਦੂ ਕੰਨਿਆ ਕਾਲਜ ਵਿਖੇ ਵਿਦਿਆਰਥੀਆਂ ਨਾਲ ਵਿਚਾਰ-ਚਰਚਾ ਦੌਰਾਨ ਬੇਰੁਜ਼ਗਾਰੀ, ਨੌਕਰੀਆਂ ਦੀ ਕਮੀ ਅਤੇ ਵਿਦੇਸ਼ ਜਾਣ ਦੇ ਰੁਝਾਨ ਬਾਰੇ ਸਵਾਲਾਂ ਦੇ ਜਵਾਬ ਵੀ ਦਿੱਤੇ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਦੇਸ਼ ਵਿਚ ਧਰਮ ਨਿਰਪੱਖਤਾ ਅਤੇ ਲੋਕਤੰਤਰ ਦੀ ਰਾਖੀ ਲਈ ਅੱਗੇ ਆਉਣ। ਵਿਚਾਰ-ਚਰਚਾ ਦੌਰਾਨ ਸਾਬਕਾ ਸੰਸਦ ਮੈਂਬਰ ਸੰਦੀਪ ਦੀਕਸ਼ਤ, ਯੂਥ ਕਾਂਗਰਸ ਦੇ ਸਕੱਤਰ ਗੌਤਮ ਸੇਠ, ਕਾਲਜ ਦੇ ਡਾਇਰੈਕਟਰ ਡਾ. ਸਤੀਸ਼ ਕਪੂਰ ਅਤੇ ਪ੍ਰਿੰਸੀਪਲ ਅਰਚਨਾ ਗਰਗ ਵੱਲੋਂ ਵੀ ਹਿੱਸਾ ਲਿਆ ਗਿਆ। ਇਸ ਤੋਂ ਪਹਿਲਾਂ ਖੇਤੀ ਮੰਤਰੀ ਨੂੰ ਸਥਾਨਕ ਰੈੱਸਟ ਹਾਊਸ ਵਿਖੇ ਪੰਜਾਬ ਪੁਲਸ ਦੀ ਇਕ ਟੁਕੜੀ ਵੱਲੋਂ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ। ਜ਼ਿਲ੍ਹਾ ਪੁਲਸ ਮੁਖੀ ਹਰਕਮਲਪ੍ਰੀਤ ਸਿੰਘ ਖੱਖ, ਐੱਸ. ਡੀ. ਐੱਮ. ਡਾ. ਜੈ ਇੰਦਰ ਸਿੰਘ ਨੇ ਪ੍ਰਸ਼ਾਸਨ ਵੱਲੋਂ ਖੇਤੀ ਮੰਤਰੀ ਦਾ ਸਵਾਗਤ ਕੀਤਾ। ਇਸ ਮੌਕੇ ਐੱਸ. ਪੀ. ਰਮਨੀਸ਼ ਕੌਸ਼ਿਕ, ਐੱਸ. ਪੀ. ਜਸਬੀਰ ਸਿੰਘ ਅਤੇ ਖੇਤੀ ਮਹਿਕਮੇ ਦੇ ਅਧਿਕਾਰੀ ਵੀ ਹਾਜ਼ਰ ਸਨ।

PunjabKesari

ਇਜ਼ਰਾਇਲ ਦੇ ਸਹਿਯੋਗ ਨਾਲ ਦਸੰਬਰ ’ਚ ਖੇਤੀ ਸੰਮੇਲਨ ਕਰਵਾਉਣ ਦਾ ਐਲਾਨ
ਫਸਲੀ ਵਿਭਿੰਨਤਾ ਨੂੰ ਸਮੇਂ ਦੀ ਸਭ ਤੋਂ ਵੱਡੀ ਲੋੜ ਦੱਸਦਿਆਂ ਖੇਤੀ ਮੰਤਰੀ ਨੇ ਐਲਾਨ ਕੀਤਾ ਕਿ ਦਸੰਬਰ ਦੇ ਪਹਿਲੇ ਹਫ਼ਤੇ ਇਜ਼ਰਾਇਲੀ ਸਰਕਾਰ ਨਾਲ ਮਿਲ ਕੇ ਇਕ ਖੇਤੀ ਸੰਮੇਲਨ ਕਰਵਾਇਆ ਜਾ ਰਿਹਾ ਹੈ ਤਾਂ ਜੋ ਖੇਤੀ ਸਬੰਧੀ ਨਵੀਨਤਮ ਤਕਨੀਕਾਂ ਅਤੇ ਵਿਸ਼ੇਸ਼ ਕਰ ਕੇ ਪਾਣੀ ਦੀ ਬੱਚਤ ਸਬੰਧੀ ਤਕਨੀਕ ਨੂੰ ਪੰਜਾਬ ਦੇ ਕਿਸਾਨਾਂ ਤੱਕ ਪੁੱਜਦਾ ਕੀਤਾ ਜਾ ਸਕੇ। ਸੰਮੇਲਨ ਦੌਰਾਨ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਖੇਤੀ ਮਾਹਿਰ, ਫਿਕੀ ਅਤੇ ਵਿਸ਼ਵ ਬੈਂਕ ਦੇ ਪ੍ਰਤੀਨਿਧੀ ਵੀ ਭਾਗ ਲੈਣਗੇ।

PunjabKesari
2 ਫੂਡ ਪ੍ਰੋਸੈਸਿੰਗ ਯੂਨਿਟ ਲਗਾਉਣ ਦਾ ਫ਼ੈਸਲਾ
ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਵਿਸ਼ੇਸ਼ ਫਸਲ ਆਧਾਰਿਤ ਖੇਤਰਾਂ, ਸਬਜ਼ੀਆਂ ਤੇ ਫਲਾਂ ਦੀ ਕਾਸ਼ਤ ਵਾਲੇ ਖੇਤਰਾਂ ਅਤੇ ਆਲੂ ਆਦਿ ਦੇ ਉਤਪਾਦਨ ਵਾਲੇ ਖੇਤਰਾਂ ਲਈ 2 ਫੂਡ ਪ੍ਰੋਸੈਸਿੰਗ ਯੂਨਿਟ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾਲਵੇ ਦੇ ਨਰਮਾ ਪੱਟੀ ਵਾਲੇ ਕਿਸਾਨਾਂ ਨੂੰ ਖਰਾਬ ਹੋਏ ਨਰਮੇ ਦਾ ਮੁਆਵਜ਼ਾ ਅਤੇ ਪਿਛਲੇ ਦਿਨੀਂ ਪਏ ਭਾਰੀ ਮੀਂਹ ਕਾਰਨ ਨੁਕਸਾਨੇ ਗਏ ਝੋਨੇ ਅਤੇ ਬਾਸਮਤੀ ਬਦਲੇ ਮੁਆਵਜ਼ਾ ਦੇਣ ਲਈ ਵਿਸ਼ੇਸ਼ ਗਿਰਦਾਵਰੀ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਜਲਦ ਹੀ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।
ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਪਿਛਲੇ ਸਾਲ ਨਾਲੋਂ 55 ਫ਼ੀਸਦੀ ਘਟੇ
ਪਰਾਲੀ ਦੇ ਯੋਗ ਪ੍ਰਬੰਧਨ ਬਾਰੇ ਸਵਾਲ ਦੇ ਉੱਤਰ ਵਿਚ ਖੇਤੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ, ਪੰਚਾਇਤਾਂ, ਸਰਕਾਰੀ ਅਦਾਰਿਆਂ ਨੂੰ ਖੇਤੀ ਸਬੰਧੀ ਮਸ਼ੀਨਰੀ ਉੱਪਰ 80 ਫੀਸਦੀ ਤੱਕ ਸਬਸਿਡੀ ਦੇਣ ਦੇ ਸਾਰਥਕ ਨਤੀਜੇ ਨਿਕਲੇ ਹਨ। ਕੌਮੀ ਗਰੀਨ ਟ੍ਰਿਬਿਊਨਲ ਦੀ ਰਿਪੋਰਟ ਅਨੁਸਾਰ ਇਸ ਵਾਰ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਪਿਛਲੇ ਸਾਲ ਨਾਲੋਂ 55 ਫ਼ੀਸਦੀ ਘਟੇ ਹਨ।ਇਥੇ ਇਹ ਵੀ ਦੱਸਣਯੋਗ ਹੈ ਕਿ ਕਾਕਾ ਰਣਦੀਪ ਸਿੰਘ ਨਾਭਾ ਕਾਂਗਰਸ ਦੇ ਸੀਨੀਅਰ ਆਗੂ ਹੋਣ ਦੇ ਨਾਲ-ਨਾਲ ਪੰਜਾਬ ਦੇ ਖੇਤੀਬਾੜੀ ਮੰਤਰੀ ਅਤੇ ਅਮਲੋਹ ਹਲਕੇ ਤੋਂ ਵਿਧਾਇਕ ਵੀ ਹਨ। 

ਇਹ ਵੀ ਪੜ੍ਹੋ: 1 ਨਵੰਬਰ ਨੂੰ ਹੋਵੇਗੀ ਪੰਜਾਬ ਵਜ਼ਾਰਤ ਦੀ ਮੀਟਿੰਗ, ਲਏ ਜਾ ਸਕਦੇ ਨੇ ਕਈ ਅਹਿਮ ਫ਼ੈਸਲੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News