ਕਪੂਰਥਲਾ ਜ਼ਿਲ੍ਹਾ ਚੋਣ ਅਫ਼ਸਰ ਤੇ ਵਧੀਕ DC ਨੇ ਪੋਲਿੰਗ ਕੇਂਦਰਾਂ ਤੇ ਸਟਰਾਂਗ ਰੂਮ ਦਾ ਕੀਤਾ ਦੌਰਾ
Tuesday, May 26, 2026 - 03:47 PM (IST)
ਕਪੂਰਥਲਾ (ਵਿਪਨ ਮਹਾਜਨ)- ਨਗਰ ਨਿਗਮ ਕਪੂਰਥਲਾ ਅਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ। ਇਸੇ ਤਹਿਤ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਅਤੇ ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਵੱਖ-ਵੱਖ ਪੋਲਿੰਗ ਸੈਂਟਰਾਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਐੱਮ. ਜੀ. ਐੱਨ. ਸਕੂਲ ਅਤੇ ਐੱਮ. ਡੀ. ਐੱਸ. ਡੀ. ਸਕੂਲ ਵਿਖੇ ਬਣਾਏ ਗਏ ਪੋਲਿੰਗ ਸੈਂਟਰਾਂ ਦਾ ਜਾਇਜ਼ਾ ਲਿਆ, ਜਿੱਥੇ ਵੋਟਿੰਗ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਤਰੀਕੇ ਨਾਲ ਚੱਲ ਰਹੀ ਸੀ।

ਇਹ ਵੀ ਪੜ੍ਹੋ: ਕਪੂਰਥਲਾ 'ਚ ਵੋਟਾਂ ਪੈਣ ਦਾ ਕੰਮ ਲਗਾਤਾਰ ਜਾਰੀ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ ਵੋਟਿੰਗ
ਦੌਰੇ ਦੌਰਾਨ ਅਧਿਕਾਰੀਆਂ ਨੇ ਉੱਥੇ ਤਾਇਨਾਤ ਚੋਣ ਅਮਲੇ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਚੋਣ ਏਜੰਟਾਂ ਨਾਲ ਗੱਲਬਾਤ ਕਰਕੇ ਚੋਣ ਪ੍ਰਬੰਧਾਂ ਬਾਰੇ ਫੀਡਬੈਕ ਲਿਆ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪੋਲਿੰਗ ਕੇਂਦਰ 'ਤੇ ਆਏ ਇਕ ਬਜ਼ੁਰਗ ਵੋਟਰ ਨਾਲ ਵੀ ਗੱਲਬਾਤ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਬਜ਼ੁਰਗ ਵੋਟਰ ਤੋਂ ਪ੍ਰਬੰਧਾਂ ਬਾਰੇ ਜਾਣਕਾਰੀ ਲਈ ਅਤੇ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਹਿੱਸਾ ਲੈਣ ਲਈ ਉਨ੍ਹਾਂ ਦਾ ਹੌਸਲਾ ਵਧਾਇਆ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਵੋਟਰਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਦੁਪਹਿਰ ਦੋ ਵਜੇ ਪ੍ਰਾਪਤ ਹੋਈ ਰਿਪੋਰਟ ਮੁਤਾਬਕ ਨਗਰ ਨਿਗਮ ਕਪੂਰਥਲਾ ਵਿੱਚ 31.69 ਫ਼ੀਸਦੀ ਅਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਵਿੱਚ 34.54 ਫ਼ੀਸਦੀ ਪੋਲਿੰਗ ਦਰਜ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਜ਼ਿਲ੍ਹੇ ’ਚ 6 ਨਗਰ ਕੌਂਸਲਾਂ ਲਈ ਵੋਟਿੰਗ ਪ੍ਰਕਿਰਿਆ ਜਾਰੀ, ਹੁਣ ਤੱਕ ਇੰਨੇ ਫ਼ੀਸਦੀ ਹੋਈ ਵੋਟਿੰਗ
ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਕੇਂਦਰਾਂ 'ਤੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਬਜ਼ੁਰਗਾਂ ਅਤੇ ਦਿਵਿਆਂਗ ਵੋਟਰਾਂ ਲਈ ਵ੍ਹੀਲ ਚੇਅਰਜ਼, ਗਰਮੀ ਤੋਂ ਬਚਾਅ ਲਈ ਛਾਂਦਾਰ ਥਾਂ (ਸ਼ੈੱਡ) ਅਤੇ ਪੀਣ ਲਈ ਸਾਫ਼ ਤੇ ਠੰਡੇ ਪਾਣੀ ਦੇ ਵਿਸ਼ੇਸ਼ ਪ੍ਰਬੰਧ ਅਮਲ ਵਿੱਚ ਲਿਆਂਦੇ ਗਏ ਹਨ ਤਾਂ ਜੋ ਕਿਸੇ ਵੀ ਨਾਗਰਿਕ ਨੂੰ ਵੋਟ ਪਾਉਣ ਵੇਲੇ ਕੋਈ ਦਿੱਕਤ ਨਾ ਆਵੇ।

ਪੋਲਿੰਗ ਸੈਂਟਰਾਂ ਦਾ ਨਿਰੀਖਣ ਕਰਨ ਤੋਂ ਬਾਅਦ ਜ਼ਿਲ੍ਹਾ ਚੋਣ ਅਫਸਰ ਅਕਾਸ਼ ਬਾਂਸਲ ਅਤੇ ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ ਨੇ ਵਿਰਸਾ ਵਿਹਾਰ ਵਿਖੇ ਬਣਾਏ ਗਏ ਸਟਰਾਂਗ ਰੂਮ ਦਾ ਦੌਰਾ ਵੀ ਕੀਤਾ। ਉਨ੍ਹਾਂ ਉੱਥੇ ਬੈਲਟ ਬਾਕਸਾਂ ਦੀ ਸੁਰੱਖਿਆ ਲਈ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਤਾਇਨਾਤ ਅਮਲੇ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ।


ਇਹ ਵੀ ਪੜ੍ਹੋ: Punjab: ਮੇਲੇ 'ਚ ਲੋਕਾਂ ਨਾਲ ਭਰਿਆ ਝੂਲਾ ਹਵਾ 'ਚ ਲਟਕਿਆ, ਖ਼ੌਫ਼ਨਾਕ ਵੀਡੀਓ ਆਈ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
