ਕਿਸਾਨਾਂ ਦੇ ਹੱਕ ’ਚ ਲੋਕਲ ਬਾਡੀ ਮੰਤਰੀ ਬਲਕਾਰ ਸਿੰਘ,ਕੇਂਦਰ ਸਰਕਾਰ ਨੂੰ ਕੀਤੀ ਇਹ ਅਪੀਲ
Thursday, Feb 15, 2024 - 02:33 PM (IST)
ਜਲੰਧਰ (ਧਵਨ) : ਲੋਕਲ ਬਾਡੀ ਮੰਤਰੀ ਬਲਕਾਰ ਸਿੰਘ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਕਿਸਾਨ ਅੰਦੋਲਨ ’ਚ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਇਸ ਮਾਮਲੇ ’ਚ ਕੇਂਦਰ ਸਰਕਾਰ ਨੂੰ ਤੁਰੰਤ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ ਤਾਂ ਜੋ ਸਾਰਿਆਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਇਸ ਮਸਲੇ ਨੂੰ ਵਧਣ ਤੋਂ ਰੋਕਿਆ ਜਾ ਸਕਦਾ ਸੀ ਪਰ ਇਸ ਪਾਸੇ ਕੇਂਦਰ ਸਰਕਾਰ ਨੇ ਧਿਆਨ ਨਹੀਂ ਦਿੱਤਾ, ਜਿਸ ਕਾਰਨ ਹੁਣ ਮਾਮਲਾ ਇੰਨਾ ਜ਼ਿਆਦਾ ਵਧ ਗਿਆ ਹੈ। ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਐੱਮ. ਐੱਸ. ਪੀ. ਅਤੇ ਕਰਜ਼ਿਆਂ ਨੂੰ ਖ਼ਤਮ ਕਰਨ ਨਾਲ ਜੁੜੀਆਂ ਹੋਈਆਂ ਹਨ। ਪੰਜਾਬ ਦੇ ਕਿਸਾਨਾਂ ਉੱਪਰ ਕਾਫੀ ਕਰਜ਼ਾ ਚੜ੍ਹਿਆ ਹੋਇਆ ਹੈ ਅਤੇ ਉਨ੍ਹਾਂ ਵਲੋਂ ਆਤਮਹੱਤਿਆਵਾਂ ਕਰਨ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸ ਲਈ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਨੇਤਾਵਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ, ਜਿਸ ਨਾਲ ਇਸ ਮਸਲੇ ਨੂੰ ਹੱਲ ਕਰਵਾਇਆ ਜਾ ਸਕੇ। ਬਲਕਾਰ ਸਿੰਘ ਨੇ ਕਿਹਾ ਕਿ ਇਸ ਵੇਲੇ ਸਥਿਤੀ ਵਿਸਫੋਟਕ ਬਣਨ ਤੋਂ ਰੋਕੀ ਜਾਣੀ ਚਾਹੀਦੀ ਹੈ ਅਤੇ ਕੇਂਦਰ ਸਰਕਾਰ ਨੂੰ ਸੰਜਮ ਤੋਂ ਕੰਮ ਲੈਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ ’ਚ ਉਤਰੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੇਂਦਰ ਨੂੰ ਕੀਤੀ ਇਹ ਮੰਗ
ਦੱਸਣਯੋਗ ਹੈ ਕਿ ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ‘ਦਿੱਲੀ ਚਲੋ’ ਅੰਦੋਲਨ ਚਲਾ ਰਹੇ ਹਨ ਅਤੇ ਇਸ ਸਮੇਂ ਸੈਂਕੜੇ ਕਿਸਾਨ ਸਰਹੱਦਾਂ ’ਤੇ ਡੇਰੇ ਲਾਏ ਹੋਏ ਹਨ, ਜਦਕਿ ਸੁਰੱਖਿਆ ਕਰਮੀ ਉਨ੍ਹਾਂ ਨੂੰ ਰਾਸ਼ਟਰੀ ਰਾਜਧਾਨੀ ’ਚ ਦਾਖ਼ਲ ਹੋਣ ਤੋਂ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹਨ। ਇਨ੍ਹਾਂ ਤਿਆਰੀਆਂ ਦੇ ਹਿੱਸੇ ਵਜੋਂ ਦਿੱਲੀ ਪੁਲਸ ਨੇ 30,000 ਹੰਝੂ ਗੈਸ ਦੇ ਗੋਲੇ ਮੰਗਵਾਏ ਹਨ। ਦਿੱਲੀ ਪੁਲਸ ਦੇ ਇਕ ਸੂਤਰ ਨੇ ਕਿਹਾ ਕਿ ਉਹ ਪ੍ਰਦਰਸ਼ਨਕਾਰੀਆਂ ਦੇ ਅੱਗੇ ਵਧਣ 'ਤੇ ਉਨ੍ਹਾਂ ਨੂੰ ਰਾਸ਼ਟਰੀ ਰਾਜਧਾਨੀ ’ਚ ਪ੍ਰਵੇਸ਼ ਕਰਨ ਤੋਂ ਰੋਕਣ ਲਈ ਵਚਨਬੱਧ ਹਨ। ਇਕ ਅਧਿਕਾਰੀ ਨੇ ਕਿਹਾ ਕਿ ਦਿੱਲੀ ਪੁਲਸ ਪੂਰੀ ਤਰ੍ਹਾਂ ਤਿਆਰ ਹੈ ਅਤੇ ਉਸ ਨੇ ਪਹਿਲਾਂ ਹੀ ਵੱਡੀ ਗਿਣਤੀ ’ਚ ਹੰਝੂ ਗੈਸ ਦੇ ਗੋਲੇ ਇਕੱਠੇ ਕਰ ਲਏ ਹਨ। ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਦੇ ਗਵਾਲੀਅਰ ਦੇ ਟੇਕਨਪੁਰ ਸਥਿਤ ਬੀ. ਐੱਸ. ਐੱਫ. ਦੀ 'ਟੀਅਰ ਸਮੋਕ ਯੂਨਿਟ' (ਟੀ.ਐੱਸ.ਯੂ.) ਤੋਂ 30,000 ਗੋਲਿਆਂ ਦੀ ਨਵੀਂ ਖੇਪ ਮੰਗਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਗੋਲੇ ਗਵਾਲੀਅਰ ਤੋਂ ਦਿੱਲੀ ਲਿਆਂਦੇ ਜਾ ਰਹੇ ਹਨ। ਹੰਝੂ ਗੈਸ ਇਕ ਦੰਗਾ ਵਿਰੋਧੀ ਯੰਤਰ ਹੈ, ਜਿਸ ਦਾ ਸੁਰੱਖਿਆ ਫ਼ੋਰਸ ਭੀੜ ਨੂੰ ਦੌੜਾਉਣ ਲਈ ਉਪਯੋਗ ਕਰਦੀ ਹੈ। ਗੈਸ ਨਾਲ ਅੱਖਾਂ ਵਿਚ ਜਲਣ ਅਤੇ ਹੰਝੂ ਆਉਂਦੇ ਹਨ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਜ਼ਖ਼ਮੀ ਹੋਏ ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e