ਜਨਰਲ ਆਬਜ਼ਰਵਰ ਨੇ ਚੋਣਾਂ ਸਬੰਧੀ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

05/01/2019 11:12:07 AM

ਹੁਸ਼ਿਆਰਪੁਰ (ਘੁੰਮਣ)— ਚੋਣ ਕਮਿਸ਼ਨ ਭਾਰਤ ਵੱਲੋਂ 05-ਲੋਕ ਸਭਾ ਹਲਕਾ ਹੁਸ਼ਿਆਰਪੁਰ ਲਈ ਨਿਯੁਕਤ ਕੀਤੇ ਗਏ ਜਨਰਲ ਆਬਜ਼ਰਵਰ ਸ਼੍ਰੀ ਜੈ ਪ੍ਰਕਾਸ਼ ਸ਼ਿਵਹਰੇ ਆਈ. ਏ. ਐੱਸ. ਨੇ ਕਿਹਾ ਕਿ ਲੋਕ ਸਭਾ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਉਣ ਲਈ ਸਾਰੇ ਅਧਿਕਾਰੀ ਹੋਰ ਗੰਭੀਰਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ। ਉਹ ਅੱਜ ਚੋਣਾਂ ਸਬੰਧੀ ਲੋਕ ਸਭਾ ਹਲਕਾ ਹੁਸ਼ਿਆਰਪੁਰ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਪੁਲਸ ਆਬਜ਼ਰਵਰ ਆਸ਼ੂਤੋਸ਼ ਰੌਏ, ਆਈ. ਪੀ. ਐੱਸ., ਜ਼ਿਲਾ ਚੋਣ ਅਫ਼ਸਰ-ਕਮ-ਰਿਟਰਨਿੰਗ ਅਫ਼ਸਰ ਸ਼੍ਰੀਮਤੀ ਈਸ਼ਾ ਕਾਲੀਆ ਅਤੇ ਐੱਸ. ਐੱਸ. ਪੀ. ਜੇ. ਏਲੀਚੇਲੀਅਨ ਵੀ ਮੌਜੂਦ ਸਨ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਅਤੇ ਜੇਕਰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਸਾਹਮਣੇ ਆਉਂਦੀ ਹੈ, ਤਾਂ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਲੋਕਤੰਤਰ ਦਾ ਸਭ ਤੋਂ ਵੱਡਾ ਤਿਉਹਾਰ ਹਨ, ਇਸ ਲਈ ਪੂਰੇ ਉਤਸ਼ਾਹ ਅਤੇ ਜ਼ਿੰਮੇਵਾਰੀ ਨਾਲ ਆਪੋ-ਆਪਣੀ ਡਿਊਟੀ ਨਿਭਾਈ ਜਾਵੇ, ਤਾਂ ਜੋ ਲੋਕ ਸਭਾ ਚੋਣਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਆਪਣਾ ਮੋਬਾਇਲ ਨੰਬਰ 78147-20158 ਜਨਤਕ ਕਰਦਿਆਂ ਕਿਹਾ ਕਿ ਜਿਥੇ ਆਮ ਪਬਲਿਕ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਲਈ ਉਨ੍ਹਾਂ ਨਾਲ ਸੰਪਰਕ ਕਰ ਸਕਦੀ ਹੈ, ਉਥੇ ਹੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਸਾਹਮਣੇ ਆਉਣ 'ਤੇ ਚੋਣ ਅਮਲੇ ਵੱਲੋਂ ਵੀ ਕਿਸੇ ਵੀ ਸਮੇਂ ਉਨ੍ਹਾਂ ਨਾਲ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ। ਜਨਰਲ ਆਬਜ਼ਰਵਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਜਲਦੀ ਹੀ ਪੋਲਿੰਗ ਬੂਥਾਂ ਦਾ ਵੀ ਜਾਇਜ਼ਾ ਲਿਆ ਜਾਵੇਗਾ, ਤਾਂ ਜੋ ਉਥੇ ਕੀਤੇ ਗਏ ਪ੍ਰਬੰਧਾਂ ਦਾ ਜ਼ਮੀਨੀ ਪੱਧਰ 'ਤੇ ਮੁਆਇਨਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਵੀਪ ਤਹਿਤ ਵੀ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ, ਤਾਂ ਜੋ ਵੱਧ ਤੋਂ ਵੱਧ ਲੋਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਸਬੰਧੀ ਕੀਤੇ ਗਏ ਪ੍ਰਬੰਧਾਂ 'ਤੇ ਤਸੱਲੀ ਵੀ ਪ੍ਰਗਟਾਈ।
ਪੁਲਸ ਆਬਜ਼ਰਵਰ ਆਸ਼ੂਤੋਸ਼ ਰੌਏ ਨੇ ਕਿਹਾ ਕਿ ਜ਼ਿਲਾ ਪੁਲਸ ਅਤੇ ਸਿਵਲ ਪ੍ਰਸ਼ਾਸਨ 'ਚ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ ਅਤੇ ਇਹ ਹੁਸ਼ਿਆਰਪੁਰ ਲੋਕ ਸਭਾ ਹਲਕੇ ਵਿਚ ਬਾਖੂਬੀ ਨਜ਼ਰ ਆ ਰਿਹਾ ਹੈ। ਉਨ੍ਹਾਂ ਜ਼ਿਲਾ ਪੁਲਸ ਨੂੰ ਹਦਾਇਤ ਕੀਤੀ ਕਿ ਕਾਨੂੰਨ ਵਿਵਸਥਾ ਲਾਗੂ ਕਰਨ ਵਿਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ ਅਤੇ ਜੇਕਰ ਕੋਈ ਸਮੱਸਿਆ ਸਾਹਮਣੇ ਆਉਂਦੀ ਹੈ, ਤਾਂ ਉਨ੍ਹਾਂ ਨਾਲ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੁਲਸ ਟੀਮਾਂ ਵੱਲੋਂ ਕੀਤੀ ਜਾ ਰਹੀ ਚੈਕਿੰਗ ਦੌਰਾਨ ਇਹ ਯਕੀਨੀ ਬਣਾਇਆ ਜਾਵੇ ਕਿ ਬੇਵਜ੍ਹਾ ਕਿਸੇ ਰਾਹਗੀਰ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਉਹ ਜਲਦ ਜ਼ਿਲਾ ਪੁਲਸ ਵੱਲੋਂ ਲਾਏ ਜਾ ਰਹੇ ਨਾਕਿਆਂ ਦਾ ਜਾਇਜ਼ਾ ਲੈਣਗੇ।
ਜ਼ਿਲਾ ਚੋਣ ਅਫਸਰ ਕਾਲੀਆ ਨੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਪ੍ਰੀਜ਼ਾਈਡਿੰਗ ਅਫ਼ਸਰਾਂ ਅਤੇ ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰਾਂ ਨੂੰ ਈ.ਵੀ.ਐੱਮਜ਼. ਅਤੇ ਵੀ. ਵੀ. ਪੀ. ਏ. ਟੀ. ਮਸ਼ੀਨਾਂ ਬਾਰੇ ਛੋਟੇ ਗਰੁੱਪਾਂ ਵਿਚ ਟਰੇਨਿੰਗ ਦਿੱਤੀ ਜਾਵੇ, ਤਾਂ ਜੋ ਇਨ੍ਹਾਂ ਮਸ਼ੀਨਾਂ ਬਾਰੇ ਕੋਈ ਸ਼ੰਕਾ ਨਾ ਰਹੇ। ਉਨ੍ਹਾਂ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦੇ ਸੁਚੱਜੇ ਪ੍ਰਬੰਧਾਂ ਬਾਰੇ ਵੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜਿਥੇ ਨਾਜ਼ੁਕ ਪੋਲਿੰਗ ਬੂਥਾਂ ਦੀ ਮੈਪਿੰਗ ਯਕੀਨੀ ਬਣਾਈ ਜਾਵੇ, ਉਥੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਪੋਲਿੰਗ ਬੂਥਾਂ ਨੇੜੇ ਰਾਜਨੀਤਿਕ ਪਾਰਟੀਆਂ ਵੱਲੋਂ ਲਾਏ ਜਾ ਰਹੇ ਟੈਂਪਰੇਰੀ ਬੂਥ 200 ਮੀਟਰ ਘੇਰੇ ਤੋਂ ਬਾਹਰ ਹੋਣ।
ਕਾਲੀਆ ਨੇ ਏ. ਆਰ.ਓਜ਼ ਨੂੰ 'ਪਰਸਨ ਵਿਦ ਡਿਸਐਬਿਲਟੀ' (ਪੀ. ਡਬਲਯੂ. ਡੀ.) ਲਈ ਵਿਸ਼ੇਸ਼ ਸਹੂਲਤਾਂ ਯਕੀਨੀ ਬਣਾਉਣ ਲਈ ਕਿਹਾ, ਤਾਂ ਜੋ ਦਿਵਿਆਂਗ ਜਨਾਂ ਨੂੰ ਵੋਟਾਂ ਦੌਰਾਨ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕੇ ਪੈਂਦੇ ਹਨ, ਜਿਥੇ 19 ਮਈ ਨੂੰ ਵੋਟਾਂ ਪੈਣਗੀਆਂ ਅਤੇ 23 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਕਿਹਾ ਕਿ ਵੋਟਿੰਗ ਅਤੇ ਗਿਣਤੀ ਪ੍ਰਕਿਰਿਆ ਲਈ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ, ਤਾਂ ਜੋ ਚੋਣ ਪ੍ਰਕਿਰਿਆ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹੀ ਜਾ ਸਕੇ।
ਐੱਸ. ਐੱਸ. ਪੀ. ਜੇ. ਏਲੀਚੇਲੀਅਨ ਨੇ ਜਿਥੇ ਹੁਣ ਤੱਕ ਨਸ਼ਿਆਂ ਸਬੰਧੀ ਕੀਤੀ ਗਈ ਕਾਰਵਾਈ ਬਾਰੇ ਜਾਣੂ ਕਰਵਾਇਆ, ਉਥੇ ਹੀ ਸੁਰੱਖਿਆ ਪੱਖੋਂ ਸ਼ਾਂਤੀਪੂਰਵਕ ਤਰੀਕੇ ਨਾਲ ਚੋਣਾਂ ਕਰਵਾਉਣ ਦੀ ਵਚਨਬੱਧਤਾ ਵੀ ਦੁਹਰਾਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਸੂਦਨ, 9 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰ, ਪੁਲਸ ਅਧਿਕਾਰੀ ਅਤੇ ਵੱਖ-ਵੱਖ ਸੈੱਲਾਂ ਦੇ ਨੋਡਲ ਅਫ਼ਸਰ ਹਾਜ਼ਰ ਸਨ।


shivani attri

Content Editor

Related News