ਮੇਅਰ ਨੇ ਇਲਾਕੇ ਦਾ ਦੌਰਾ ਕਰਕੇ ਅਧਿਕਾਰੀਆਂ ਨੂੰ ਤੁਰੰਤ ਐਕਸ਼ਨ ਦੇ ਦਿੱਤੇ ਦਿਸ਼ਾ-ਨਿਰਦੇਸ਼
Thursday, Feb 13, 2025 - 11:59 AM (IST)
![ਮੇਅਰ ਨੇ ਇਲਾਕੇ ਦਾ ਦੌਰਾ ਕਰਕੇ ਅਧਿਕਾਰੀਆਂ ਨੂੰ ਤੁਰੰਤ ਐਕਸ਼ਨ ਦੇ ਦਿੱਤੇ ਦਿਸ਼ਾ-ਨਿਰਦੇਸ਼](https://static.jagbani.com/multimedia/2025_2image_11_58_560649291untitled-3copy.jpg)
ਜਲੰਧਰ (ਪੁਨੀਤ)–ਵੱਖ-ਵੱਖ ਇਲਾਕਿਆਂ ਵਿਚ ਸੀਵਰੇਜ ਜਾਮ ਦੀ ਸਮੱਸਿਆ ਇਲਾਕਾ ਵਾਸੀਆਂ ਲਈ ਪ੍ਰੇਸ਼ਾਨੀਆਂ ਦਾ ਸਬੱਬ ਬਣ ਰਹੀ ਹੈ। ਇਸ ਕਾਰਨ ਲੋਕਾਂ ਵੱਲੋਂ ਵਿਰੋਧ ਜਤਾਇਆ ਜਾ ਰਿਹਾ ਹੈ ਅਤੇ ਨਿਗਮ ਦੀ ਕਾਰਜਪ੍ਰਣਾਲੀ ’ਤੇ ਸਵਾਲੀਆ ਨਿਸ਼ਾਨ ਲਗਾਏ ਜਾ ਰਹੇ ਹਨ। ਲਗਾਤਾਰ ਸਾਹਮਣੇ ਆ ਰਹੀਆਂ ਇਨ੍ਹਾਂ ਪ੍ਰੇਸ਼ਾਨੀਆਂ ਨੂੰ ਲੈ ਕੇ ਮੇਅਰ ਵਿਨੀਤ ਧੀਰ ਨੇ ਬਸਤੀ ਬਾਵਾ ਖੇਲ ਇਲਾਕੇ ਦਾ ਦੌਰਾ ਕੀਤਾ ਅਤੇ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ। ਮੇਅਰ ਵਿਨੀਤ ਧੀਰ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਲੋਕਾਂ ਦੀਆਂ ਸੁਵਿਧਾਵਾਂ ਨੂੰ ਪਹਿਲ ਦੇ ਆਧਾਰ ’ਤੇ ਰੱਖਿਆ ਜਾ ਰਿਹਾ ਹੈ। ਜਿਥੇ ਸਮੱਸਿਆਵਾਂ ਬਾਰੇ ਪਤਾ ਲੱਗਾ ਹੈ, ਉਥੇ ਹੀ ਉਹ ਖ਼ੁਦ ਮੌਕਾ ਵੇਖਣ ਲਈ ਪਹੁੰਚੇ ਹਨ। ਅਧਿਕਾਰੀਆਂ ਨੂੰ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ, ਜਲਦ ਹੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਇਕੱਠੇ ਹੋਏ ਲੋਕਾਂ ਨੇ ਮੇਅਰ ਨੂੰ ਪ੍ਰੇਸ਼ਾਨੀਆਂ ਸਬੰਧੀ ਵੀ ਦੱਸਿਆ।
ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਬੁੱਧਵਾਰ ਨੂੰ ਬੰਦ ਰਹਿਣਗੇ ਸਕੂਲ ਤੇ ਕਾਲਜ
ਮੇਅਰ ਵਾਰਡ ਨੰਬਰ 62 ਤੋਂ ਚੋਣ ਜਿੱਤੇ ਹਨ ਪਰ ਪਿਛਲੇ ਦਿਨਾਂ ਦੌਰਾਨ ਮੇਅਰ ਦੇ ਵਾਰਡ ਸਮੇਤ ਆਸ-ਪਾਸ ਦੇ ਵਾਰਡ ਨੰਬਰ 60 ਦੇ ਇਲਾਕੇ ਵਿਚ ਸੀਵਰੇਜ ਜਾਮ ਪ੍ਰੇਸ਼ਾਨੀਆਂ ਦਾ ਕਾਰਨ ਬਣ ਰਿਹਾ ਹੈ, ਜਿਸ ਕਾਰਨ ਲੋਕਾਂ ਵੱਲੋਂ ਰੋਸ ਜਤਾਇਆ ਜਾ ਰਿਹਾ ਹੈ। ਉਥੇ ਹੀ ਮੇਅਰ ਦੇ ਦੌਰੇ ਦੌਰਾਨ ਨਿਗਮ ਦੇ ਸੀਨੀਅਰ ਅਧਿਕਾਰੀ, ਐੱਸ. ਡੀ. ਓ. ਅਤੇ ਜੇ. ਈ. ਮੌਕੇ ’ਤੇ ਬੁਲਾਏ ਗਏ। ਮੇਅਰ ਵੱਲੋਂ ਉਨ੍ਹਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਤਾਂ ਜੋ ਤੁਰੰਤ ਕਦਮ ਉਠਾਏ ਜਾ ਸਕਣ।
ਸੜਕਾਂ ’ਤੇ ਖੜ੍ਹੇ ਗੰਦੇ ਪਾਣੀ ਨਾਲ ਵਧ ਰਹੀ ਪ੍ਰੇਸ਼ਾਨੀ
ਵਾਰਡ ਨੰਬਰ 62 ਅਤੇ 60 ਵਿਚ ਅੱਜ ਵੀ ਭਸੀਨ ਮੈਡੀਕਲ ਵਾਲੀ ਗਲੀ, ਮਹੰਤਾਂ ਵਾਲੀ ਗਲੀ, ਨਿਊ ਗੌਤਮ ਨਗਰ ਵਿਚ ਸੀਵਰੇਜ ਜਾਮ ਦੀ ਸਮੱਸਿਆ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਮੇਅਰ ਦੇ ਆਉਣ ਨਾਲ ਉਨ੍ਹਾਂ ਨੂੰ ਉਮੀਦ ਜਾਗੀ ਹੈ। ਉਨ੍ਹਾਂ ਕਿਹਾ ਕਿ ਨਿਗਮ ਅਧਿਕਾਰੀਆਂ ਨੂੰ ਸਮੇਂ ’ਤੇ ਇਸ ਸਮੱਸਿਆ ’ਤੇ ਗੰਭੀਰਤਾ ਦਿਖਾਉਣੀ ਚਾਹੀਦੀ ਸੀ ਤਾਂ ਜੋ ਸਮੱਸਿਆ ਭਿਆਨਕ ਰੂਪ ਧਾਰਨ ਨਾ ਕਰਦੀ। ਉਨ੍ਹਾਂ ਕਿਹਾ ਕਿ ਸੜਕਾਂ ’ਤੇ ਖੜ੍ਹੇ ਗੰਦੇ ਪਾਣੀ ਕਾਰਨ ਰੋਜ਼ਾਨਾ ਪ੍ਰੇਸ਼ਾਨੀਆਂ ਵਧ ਰਹੀਆਂ ਹਨ ਅਤੇ ਬੀਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਸਵਾਲ ਉਠਾਉਂਦੇ ਹੋਏ ਉਨ੍ਹਾਂ ਕਿਹਾ ਕਿ ਜੇਕਰ ਬੀਮਾਰੀਆਂ ਨੇ ਆਪਣੇ ਪੈਰ ਪਸਾਰ ਲਏ ਤਾਂ ਇਸ ਦਾ ਜ਼ਿੰਮੇਵਾਰ ਕੌਣ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਦੋਸਤ ਨੂੰ ਮਾਰ ਮਾਪਿਆਂ ਨੂੰ ਕੀਤਾ ਫੋਨ, ਲੈ ਜਾਓ ਚੱਕ ਕੇ...
ਸਮੱਸਿਆਵਾਂ ਹੱਲ ਹੋਣਗੀਆਂ, ਵਿਕਾਸ ਕੰਮਾਂ ’ਚ ਆਵੇਗੀ ਤੇਜ਼ੀ : ਵਿਨੀਤ ਧੀਰ
ਮੇਅਰ ਵੱਲੋਂ ਆਉਣ ਵਾਲੇ ਦਿਨਾਂ ਵਿਚ ਦੂਜੇ ਵਾਰਡਾਂ ਵਿਚ ਵੀ ਦੌਰਾ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਪ੍ਰਤੀ ਕਦਮ ਉਠਾਏ ਜਾਣਗੇ। ਮੇਅਰ ਵੱਲੋਂ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਵਚਨਬੱਧਤਾ ਦੁਹਰਾਈ ਜਾ ਰਹੀ ਹੈ। ਮੇਅਰ ਦਾ ਕਹਿਣਾ ਹੈ ਕਿ ਪਿਛਲੇ ਸਮੇਂ ਦੌਰਾਨ ਜੋ ਵੀ ਸ਼ਿਕਾਇਤਾਂ ਆਈਆਂ ਹਨ, ਉਨ੍ਹਾਂ ’ਤੇ ਧਿਆਨ ਦਿੱਤਾ ਜਾ ਰਿਹਾ ਹੈ। ਜਲਦ ਹੀ ਸਮੱਸਿਆਵਾਂ ਹੱਲ ਕੀਤੀਆਂ ਜਾਣਗੀਆਂ ਅਤੇ ਵਿਕਾਸ ਕੰਮਾਂ ਵਿਚ ਤੇਜ਼ੀ ਵੇਖਣ ਨੂੰ ਮਿਲੇਗੀ।
ਇਹ ਵੀ ਪੜ੍ਹੋ : 10 ਮਾਰਚ ਤੋਂ ਲੈ ਕੇ 15 ਮਾਰਚ ਤੱਕ ਪੰਜਾਬ ਦੇ ਇਹ ਰਸਤੇ ਰਹਿਣਗੇ ਬੰਦ, ਜਾਣੋ ਕੀ ਹੈ ਕਾਰਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e