ਪੰਜਾਬ ਫੂਡ ਕਮਿਸ਼ਨ ਦੇ ਮੈਂਬਰ ਨੇ ਲਿਆ ਮਿਡ-ਡੇਅ ਮੀਲ ਤੇ ਰਾਸ਼ਨ ਵੰਡ ਪ੍ਰਣਾਲੀ ਦਾ ਜਾਇਜ਼ਾ
Tuesday, Dec 11, 2018 - 04:15 AM (IST)

ਹੁਸ਼ਿਆਰਪੁਰ, (ਘੁੰਮਣ)- ਮੈਂਬਰ ਪੰਜਾਬ ਫੂਡ ਕਮਿਸ਼ਨ ਸ਼੍ਰੀਮਤੀ ਜੱਸੀ ਕੁਮਾਰ ਨੇ ਅੱਜ ਹੁਸ਼ਿਆਰਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਤੋਂ ਵੱਖ-ਵੱਖ ਯੋਜਨਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੁਪਮ ਕਲੇਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਸ਼੍ਰੀਮਤੀ ਜੱਸੀ ਕੁਮਾਰ ਨੇ ਮੀਟਿੰਗ ਦੌਰਾਨ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਿਡ-ਡੇਅ ਮੀਲ ਤੇ ਰਾਸ਼ਨ ਵੰਡ ਪ੍ਰਣਾਲੀ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਕੋਈ ਲਾਪ੍ਰਵਾਹੀ ਨਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਫੂਡ ਕਮਿਸ਼ਨ ਮਿਡ-ਡੇਅ ਮੀਲ ਦੀ ਪੌਸ਼ਟਿਕਤਾ ਅਤੇ ਰਾਸ਼ਨ ਵੰਡ ਪ੍ਰਣਾਲੀ ਦੀ ਪਾਰਦਰਸ਼ਿਤਾ ਨੂੰ ਲੈ ਕੇ ਕਾਫ਼ੀ ਗੰਭੀਰ ਹੈ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੁਪਮ ਕਲੇਰ ਨੇ ਉਨ੍ਹਾਂ ਨੂੰ ਭਰੋਸਾ ਦੁਆਇਆ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲੇ ਵਿਚ ਮਿਲਾਵਟ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸਮੇਂ-ਸਮੇਂ ’ਤੇ ਜਿਥੇ ਸਕੂਲਾਂ ਦੀ ਚੈਕਿੰਗ ਕਰ ਕੇ ਮਿਡ-ਡੇਅ ਮੀਲ ਦਾ ਜਾਇਜ਼ਾ ਲਿਆ ਜਾਂਦਾ ਹੈ, ਉਥੇ ਹੀ ਫੂਡ ਸਪਲਾਈਜ਼ ਵਿਭਾਗ ਵੱਲੋਂ ਰਾਸ਼ਨ ਵੰਡ ਪ੍ਰਣਾਲੀ ਨੂੰ ਲੈ ਕੇ ਰਾਸ਼ਨ ਡਿਪੂ ਚੈੱਕ ਕੀਤੇ ਜਾਂਦੇ ਹਨ।
ਮੀਟਿੰਗ ਤੋਂ ਬਾਅਦ ਸ਼੍ਰੀਮਤੀ ਜੱਸੀ ਕੁਮਾਰ ਨੇ ਸਰਕਾਰੀ ਐਲੀਮੈਂਟਰੀ ਸਕੂਲ ਅਸਲਾਮਾਬਾਦ ਅਤੇ ਕਿਲਾ ਬਰੂਨ ਤੇ ਇਥੋਂ ਦੇ ਆਂਗਣਵਾਡ਼ੀ ਸੈਂਟਰਾਂ ਦਾ ਦੌਰਾ ਕੀਤਾ, ਜਿਸ ਵਿਚ ਉਨ੍ਹਾਂ ਮਿਡ-ਡੇਅ ਮੀਲ ਤੇ ਆਂਗਣਵਾਡ਼ੀ ਨਾਲ ਸਬੰਧਤ ਯੋਜਨਾਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਮਿਡ-ਡੇਅ ਮੀਲ ਦੀ ਕੁਆਲਿਟੀ, ਵੰਡ, ਪ੍ਰਬੰਧ ਤੇ ਤਿਆਰੀ ਆਦਿ ਨੂੰ ਚੈੱਕ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕ ਇਹ ਯਕੀਨੀ ਬਣਾਉਣ ਕਿ ਬੱਚਿਆਂ ਨੂੰ ਦਿੱਤਾ ਜਾਣ ਵਾਲਾ ਮਿਡ-ਡੇਅ ਮੀਲ ਉੱਤਮ ਕੁਆਲਿਟੀ ਦਾ ਅਤੇ ਪੌਸ਼ਟਿਕ ਹੋਵੇ। ਅਧਿਆਪਕ ਇਹ ਵੀ ਯਕੀਨੀ ਬਣਾਉਣ ਕਿ ਸਕੂਲਾਂ ਵਿਚ ਬੱਚਿਆਂ ਨੂੰ ਪੀਣ ਲਈ ਸਾਫ਼ ਪਾਣੀ ਮੁਹੱਈਆ ਹੈ। ਸਰਕਾਰੀ ਸਕੂਲਾਂ ਤੇ ਆਂਗਣਵਾਡ਼ੀ ਸੈਂਟਰਾਂ ਵਿਚ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਸਕੂਲਾਂ ਦੇ ਦੌਰੇ ਤੋਂ ਬਾਅਦ ਉਨ੍ਹਾਂ ਰਾਸ਼ਨ ਵੰਡ ਪ੍ਰਣਾਲੀ ਦਾ ਜਾਇਜ਼ਾ ਲੈਣ ਲਈ ਅਸਲਾਮਾਬਾਦ ਤੇ ਸ਼ੇਰਗਡ਼੍ਹ ਦੇ ਡਿਪੂਆਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਦੱਸਿਆ ਕਿ ਰਾਸ਼ਨ ਵੰਡ ਪ੍ਰਣਾਲੀ ਨੂੰ ਕਾਫ਼ੀ ਹੱਦ ਤੱਕ ਪਾਰਦਰਸ਼ੀ ਬਣਾ ਦਿਤਾ ਗਿਆ ਹੈ, ਤਾਂ ਕਿ ਲਾਭਪਾਤਰੀਆਂ ਨੂੰ ਇਸ ਦਾ ਪੂਰਾ ਲਾਭ ਮਿਲ ਸਕੇ। ਇਸ ਦੌਰਾਨ ਕੰਟਰੋਲਰ ਖੁਰਾਕ ਤੇ ਫੂਡ ਸਪਲਾਈਜ਼ ਰਜਨੀਸ਼ ਕੌਰ, ਜ਼ਿਲਾ ਸਿੱਖਿਆ ਅਫ਼ਸਰ (ਐਲੀ.) ਸੰਜੀਵ ਗੌਤਮ, ਜ਼ਿਲਾ ਸਮਾਜਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।