ਪੀਣ ਵਾਲੇ ਪਾਣੀ ਤੇ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਜਲਦ ਦੂਰ ਕੀਤੀ ਜਾਵੇਗੀ : ਹਰਜੋਤ ਬੈਂਸ

Sunday, Jun 23, 2024 - 06:46 PM (IST)

ਪੀਣ ਵਾਲੇ ਪਾਣੀ ਤੇ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਜਲਦ ਦੂਰ ਕੀਤੀ ਜਾਵੇਗੀ : ਹਰਜੋਤ ਬੈਂਸ

ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਭਗਵਾਲਾ ਵਾਰਡ ਨੰਬਰ 11 ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਬਰੋਟਾ ਸਾਹਿਬ ਪਾਤਸਾਹੀ ਛੇਵੀਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੂਹ ਪਿੰਡ ਵਾਸੀਆਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ, ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁੱਚਾ ਸਿੰਘ ਜੀ ਦੀ ਯੋਗ ਅਗਵਾਈ ਹੇਠ, ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਸਲਾਨਾ ਜੋੜ ਮੇਲਾ ਕਰਵਾਇਆ ਗਿਆ। ਸਭ ਤੋਂ ਪਹਿਲਾਂ ਪਿਛਲੇ ਦਿਨ ਤੋਂ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੰਪੂਰਨਤਾ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਹਜੂਰੀ ਰਾਗੀ ਭਾਈ ਰਾਮ ਸਿੰਘ ਜੀ ਅਤੇ ਭਾਈ ਰਾਜਨਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਕਥਾ ਵਾਚਕ ਭਾਈ ਬਲਵੀਰ ਸਿੰਘ ਕਲਿਆਣਪੁਰ ਵੱਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ ਅਤੇ ਸੰਗਤ ਨੂੰ ਗੁਰੂ ਮਹਾਰਾਜ ਵਲੋਂ ਦਰਸਾਏ ਹੋਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ- ਟਾਂਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਡਿਊਟੀ ਤੋਂ ਘਰ ਜਾ ਰਹੇ ਹੋਮ ਗਾਰਡ ਦੀ ਦਰਦਨਾਕ ਮੌਤ

ਇਸ ਮੌਕੇ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪੁੱਜੇ ਹਲਕਾ ਵਿਧਾਇਕ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੰਗਤਾਂ ਨਾਲ ਧਾਰਮਿਕ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਕਿਹਾ ਕਿ ਪਿੰਡ ਭਗਵਾਲਾ ਦੀ ਸੰਗਤ ਵੱਲੋਂ ਹਰ ਸਾਲ ਸਾਲਾਨਾ ਜੋਡ਼ ਮੇਲਾ ਕਰਵਾਉਣਾ ਇਕ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਸਾਡੇ ਬੱਚੇ ਅਤੇ ਨੌਜਵਾਨ ਪੀੜ੍ਹੀ ਆਪਣੇ ਧਰਮ ਅਤੇ ਇਤਿਹਾਸ ਨਾਲ ਜੁੜ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰੂ ਮਹਾਰਾਜ ਜੀ ਦੀ ਅਪਾਰ ਕਿਰਪਾ ਸਦਕਾ ਸੰਗਤਾਂ ਵੱਲੋਂ ਉਨਾਂ ਨੂੰ ਜੋ ਮਾਣ ਬਖਸ਼ਿਆ ਗਿਆ ਹੈ ਉਸ ਲਈ ਉਹ ਗੁਰੂ ਮਹਾਰਾਜ ਜੀ ਅਤੇ ਸੰਗਤਾਂ ਦੇ ਹਮੇਸ਼ਾ ਰਿਣੀ ਰਹਿਣਗੇ। ਉਨ੍ਹਣਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਧਾਰਮਿਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣ ਵਾਲੇ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਮੁੱਢਲਾ ਸਿਹਤ ਕੇਂਦਰ ਸ੍ਰੀ ਕੀਰਤਪੁਰ ਸਾਹਿਬ ਦੀ ਕਾਇਆ ਕਲਪ ਕਰਨ ਲਈ ਜਲਦ ਕੰਮ ਸ਼ੁਰੂ ਕੀਤਾ ਜਾਵੇਗਾ। ਪਿੰਡ ਭਗਵਾਲਾ ਦੇ ਲੋਕਾਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਅਤੇ ਬਰਸਾਤੀ ਪਾਣੀ ਦੇ ਨਿਕਾਸੀ ਦੀ ਸਮੱਸਿਆ ਨੂੰ ਇਕ ਮਹੀਨੇ ’ਚ ਦੂਰ ਕੀਤਾ ਜਾਵੇਗਾ ਇਸ ਸਬੰਧੀ ਉਹ ਜਲਦ ਡਿਪਟੀ ਕਮਿਸ਼ਨਰ ਰੂਪਨਗਰ ਨਾਲ ਮੀਟਿੰਗ ਕਰ ਕੇ ਇਸ ਦੀ ਰੂਪ-ਰੇਖਾ ਤਿਆਰ ਕਰਨਗੇ।

ਇਹ ਵੀ ਪੜ੍ਹੋ- ਫਿਰੋਜ਼ਪੁਰ ਤੋਂ ਵੱਡੀ ਖ਼ਬਰ, ਕਾਂਗਰਸੀ ਆਗੂ ਦਾ ਗੋਲ਼ੀਆਂ ਮਾਰ ਕੇ ਕਤਲ

ਇਸ ਮੌਕੇ ਪ੍ਰਬੰਧਕਾਂ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਾਬਕਾ ਸਰਪੰਚ ਕਸ਼ਮੀਰਾ ਸਿੰਘ ਅਤੇ ਵਾਰਡ ਨੰਬਰ 11 ਦੇ ਕੌਂਸਲਰ ਜੋਗਿੰਦਰ ਸਿੰਘ ਬਿੱਟੂ ਵਲੋਂ ਆਪਣੇ ਸਾਥੀ ਪ੍ਰਬੰਧਕਾਂ ਸਮੇਤ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ ਗਿਆ ਅਤੇ ਮੋਹਤਬਰ ਵਿਅਕਤੀਆਂ ਨੂੰ ਸਿਰੋਪਾਓ ਸਾਹਿਬ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਦਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਸਮਾਗਮ ਵਿਚ ਕਾਰ ਸੇਵਾ ਕਿਲਾ ਅਨੰਦਗਡ਼੍ਹ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁੱਚਾ ਸਿੰਘ ਜੀ, ਬਾਬਾ ਖਡ਼ਕ ਸਿੰਘ ਜੀ ਚੰਦਪੁਰ ਬੇਲਾ, ਕਸ਼ਮੀਰਾ ਸਿੰਘ ਸਾਬਕਾ ਸਰਪੰਚ, ਜੋਗਿੰਦਰ ਸਿੰਘ ਐਮਸੀ, ਕਮਿਕਰ ਸਿੰਘ ਡਾਢੀ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ, ਦਰਸ਼ਨ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਟਾਂਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਡਿਊਟੀ ਤੋਂ ਘਰ ਜਾ ਰਹੇ ਹੋਮ ਗਾਰਡ ਦੀ ਦਰਦਨਾਕ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News