ਮਿਸ਼ਨ ਫਤਿਹ : ਕੋਰੋਨਾ ਨੂੰ ਲੈ ਕੇ ਲੋਕਾਂ ''ਚ ਜਾਗਰੂਕਤਾ ਦੀ ਅਲਖ ਜਗਾਏਗਾ ਯੁਵਕ ਸੇਵਾਵਾਂ ਵਿਭਾਗ

09/15/2020 12:16:18 AM

ਹੁਸ਼ਿਆਰਪੁਰ : ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਅਤੇ ਅਫਵਾਹਾਂ ਤੋਂ ਸਾਵਧਾਨ ਰੱਖਣ ਲਈ ਯੁਵਕ ਸੇਵਾਵਾਂ ਵਿਭਾਗ ਵਲੋਂ ਜ਼ਿਲ੍ਹੇ 'ਚ 20 ਸਤੰਬਰ ਤੱਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਜਾਗਰੂਕਤਾ ਪੈਂਫਲੇਟ ਜਾਰੀ ਕਰਕੇ ਇਸ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ। ਯੁਵਕ ਸੇਵਾਵਾਂ ਵਿਭਾਗ ਵਲੋਂ ਲੋਕਾਂ ਨੂੰ ਘਰੇਲੂ ਇਕਾਂਤਵਾਸ, 6 ਫੁੱਟ ਦੀ ਦੂਰੀ ਬਣਾ ਕੇ ਰੱਖਣ, ਕੋਰੋਨਾ ਦੇ ਲੱਛਣ-ਬਚਾਅ ਸਬੰਧੀ ਜਾਗਰੂਕ ਕਰਨ ਲਈ ਇਹ ਯਤਨ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ 20 ਸਤੰਬਰ ਤੱਕ ਚੱਲਣ ਵਾਲੇ ਇਸ ਅਭਿਆਨ ਵਿੱਚ 6 ਹਜ਼ਾਰ ਐਨ.ਐਸ.ਐਸ., 1800 ਯੂਥ ਕਲੱਬ ਅਤੇ 1600 ਰੈਡ ਰਿਬਨ ਕਲੱਬਾਂ ਦੇ ਵਲੰਟੀਅਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਸੋਸ਼ਲ ਮੀਡੀਆ 'ਤੇ ਫੈਲ ਰਹੀਆਂ ਗਲਤ ਅਫਵਾਹਾਂ, ਟੈਸਟਿੰਗ ਤੇ ਕੋਰੋਨਾ ਦੇ ਲੱਛਣ ਅਤੇ ਬਚਾਅ ਸਬੰਧੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਲੋਕਾਂ ਨੂੰ ਸਿਹਤ ਟੀਮਾਂ ਨੂੰ ਸਹਿਯੋਗ ਦੇਣ ਲਈ ਵੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਧਾਰਮਿਕ ਸਥਾਨਾਂ 'ਤੇ ਲਾਊਡ ਸਪੀਕਰ ਰਾਹੀਂ ਵੀ ਲੋਕਾਂ ਨੂੰ ਕੋਰੋਨਾ ਸਬੰਧੀ ਸਹੀ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਲੋਕ ਜਾਗਰੂਕ ਹੋ ਕੇ ਆਪਣੇ ਅਤੇ ਆਪਣੇ ਪਰਿਵਾਰ ਦੀ ਸਿਹਤ ਦਾ ਧਿਆਨ ਰੱਖ ਸਕਣ।

ਅਪਨੀਤ ਰਿਆਤ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਅਫਵਾਹਾਂ ਤੋਂ ਬਚ ਕੇ ਟੈਸਟਿੰਗ ਕਰਵਾਉਣਾ ਸਮੇਂ ਦੀ ਮੁੱਖ ਜ਼ਰੂਰਤ ਹੈ ਜਿਸ ਵਿੱਚ ਸਿਹਤ ਟੀਮਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣਾ ਜਾਰੂਰੀ ਹੈ। ਉਨ੍ਹਾਂ ਕਿਹਾ ਕਿ ਯੁਵਕ ਸੇਵਾਵਾਂ ਵਿਭਾਗ ਵਲੋਂ ਪਹਿਲਾਂ ਵੀ ਕੋਰੋਨਾ ਵਾਇਰਸ ਤੋਂ ਬਚਾਅ ਪ੍ਰਤੀ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ, ਜਿਸ ਵਿੱਚ ਘਰ-ਘਰ ਸੰਪਰਕ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਸੀ। ਇਸ ਤੋਂ ਇਲਾਵਾ ਆਨਲਾਈਨ ਪਲੇਟਫਾਰਮ ਰਾਹੀਂ ਵੀ ਜਾਗਰੂਕਤਾ ਮੁਹਿੰਮ ਚਲਾਈ ਗਈ ਸੀ, ਜਿਸ ਵਿੱਚ 8300 ਤੋਂ ਵੱਧ ਨੌਜਵਾਨ ਸ਼ਾਮਲ ਹੋਏ ਸਨ।
ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ ਨੇ ਦੱਸਿਆ ਕਿ 14 ਸਤੰਬਰ ਨੂੰ ਮੁਹਿੰਮ ਦੀ ਸ਼ੁਰੂਆਤ ਦੇ ਨਾਲ ਜਾਗਰੂਕਤਾ ਸਮਗਰੀ ਦੀ ਵੰਡ ਕੀਤੀ ਜਾਵੇਗੀ, 15 ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਜੋ ਕਿ ਲਗਾਤਾਰ ਜਾਰੀ ਰਹੇਗੀ। ਇਸੇ ਤਰ੍ਹਾਂ 16 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਆਨਲਾਈਨ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾਣਗੇ, 17 ਨੂੰ ਜ਼ਿਲ੍ਹਾ ਪੱਧਰੀ ਆਨਲਾਈਨ ਸਲੋਗਨ ਰਾਈਟਿੰਗ ਮੁਕਾਬਲੇ, 18 ਤੇ 19 ਨੂੰ ਘਰ-ਘਰ ਪੈਂਲਫੇਟ ਵੰਡਣ ਦੀ ਮੁਹਿੰਮ ਅਤੇ 20 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਆਨਲਾਈਨ ਕਵਿਜ਼ ਪ੍ਰਤੀਯੋਗਤਾ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਆਨਲਾਈਨ ਕਵਿਜ਼ ਪ੍ਰਤੀਯੋਗਤਾ ਵਿੱਚ 60 ਪ੍ਰਤੀਸ਼ਤ ਤੋਂ ਵੱਧ ਅੰਕ ਲੈਣ ਵਾਲੇ ਨੌਜਵਾਨਾਂ ਨੂੰ ਵਿਭਾਗ ਵਲੋਂ ਆਨਲਾਈਨ ਸਰਟੀਫਿਕੇਟ ਵੀ ਭੇਜੇ ਜਾਣਗੇ।
 

Deepak Kumar

This news is Content Editor Deepak Kumar