ਸਮਾਰਟ ਕੁਨੈਕਟ ਸਕੀਮ ਤਹਿਤ ਵਿਧਾਇਕ ਆਦੀਆ ਨੇ ਵੰਡੇ ਮੋਬਾਇਲ ਫ਼ੋਨ

01/12/2021 3:32:39 PM

ਟਾਂਡਾ ਉੜਮੁੜ(ਪਰਮਜੀਤ ਸਿੰਘ ਮੋਮੀ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰਮਪੁਰ ਵਿਖੇ ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਪਵਨ ਕੁਮਾਰ ਆਦੀਆ ਨੇ ਵਿਦਿਆਰਥੀਆਂ ਨੂੰ ਸਮਾਰਟ ਕੁਨੈਕਟ ਸਕੀਮ ਤਹਿਤ ਮੋਬਾਇਲ ਫੋਨ ਭੇਟ ਕੀਤੇ। ਪਿ੍ਰੰਸੀਪਲ ਸਤਵੰਤ ਕੌਰ ਦੀ ਅਗਵਾਈ ’ਚ ਹੋਏ ਸਮਾਗਮ ਦੌਰਾਨ ਵਿਧਾਇਕ ਆਦੀਆ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਵਿਦਿਆਰਥੀਆਂ ਨੂੰ ਮੁਫ਼ਤ ਸਮਾਰਟ ਫੋਨ ਦੀ ਸਹੂਲਤ ਦੇ ਕੇ ਕੋਰੋਨਾ ਦੌਰ ’ਚ ਬੱਚਿਆਂ ਨੂੰ ਆਨਲਾਈਨ ਸਿੱਖਿਆ ਨਾਲ ਜੋੜਨ ਦਾ ਵੱਡਾ ਕੰਮ ਕੀਤਾ ਹੈ। ਉਨ੍ਹਾਂ ਨੇ ਮਾਪਿਆਂ ਨੂੰ ਆਪਣੇ ਬੱਚੇ ਵੱਧ ਤੋਂ ਵੱਧ ਸਰਕਾਰੀ ਸਕੂਲਾਂ ’ਚ ਦਾਖ਼ਲ ਕਰਵਾ ਕੇ ਪੰਜਾਬ ਸਰਕਾਰ ਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਉਨ੍ਹਾਂ ਸਕੂਲ ਦੀ ਬਿਹਤਰੀ ਲਈ 3 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕਰਨ ਦੇ ਨਾਲ-ਨਾਲ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਗਣਤੰਤਰਤਾ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ’ਚ ਸਨਮਾਨਿਤ ਕਰਨ ਦਾ ਐਲਾਨ ਵੀ ਕੀਤਾ। ਪਿ੍ਰੰਸੀਪਲ ਮੈਡਮ ਸਤਵੰਤ ਕੌਰ ਨੇ ਸਕੂਲ ਦੀਆਂ ਵਿੱਦਿਅਕ ਪ੍ਰਾਪਤੀਆਂ ਦੱਸਦਿਆਂ ਵਿਦਿਆਰਥੀਆਂ ਨੂੰ ਪੜਾਈ ਕਰਨ ਲਈ ਮੋਬਾਇਲ ਫੋਨਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਰਪੰਚ ਸੁਰਿੰਦਰ ਕੌਰ, ਪੰਚ ਨਿਸ਼ਾ ਸੈਣੀ, ਅਮਰਜੀਤ ਸਿੰਘ ਪੱਪੂ, ਪ੍ਰਧਾਨ ਹਰਜੀਤ ਸਿੰਘ, ਸੂਬੇਦਾਰ ਇੰਦਰਜੀਤ ਸਿੰਘ, ਪੰਚ ਇੰਦਰਪਾਲ ਸਿੰਘ, ਮਾਸਟਰ ਜਰਨੈਲ ਸਿੰਘ, ਗੁਰਪ੍ਰੀਤ ਸਿੰਘ ਗੋਪਾ, ਪ੍ਰਦੀਪ ਸਿੰਘ, ਪੰਚ ਨਰਿੰਦਰ ਸਿੰਘ ਖਾਲਸਾ, ਕੁਲਦੀਪ ਸਿੰਘ ਖਾਲਸਾ, ਸਰਪੰਚ ਸੁੱਚਾ ਸਿੰਘ, ਸਰਪੰਚ ਮਨਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ।


Aarti dhillon

Content Editor

Related News