ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ਰਧਾਲੂਆਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ: ਵਿਧਾਇਕ ਜਸਵੀਰ ਰਾਜਾ

Wednesday, Dec 20, 2023 - 01:45 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਸਿੰਘ ਮੋਮੀ)- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਸ਼ਿਮਲਾ ਪਹਾੜੀ ਟਾਂਡਾ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵਿਧਾਇਕ ਉੜਮੁੜ ਨੇ ਕਿਹਾ ਕਿ ਅੱਜ ਬਹੁਤ ਹੀ ਖ਼ੁਸ਼ੀ ਦਾ ਦਿਨ ਹੈ ਕਿ ਉੜਮੁੜ ਵਿਧਾਨ ਸਭਾ ਹਲਕੇ ਦੇ ਲੋਕ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨਾਲ ਜੋ ਵੀ ਵਾਅਦਾ ਕੀਤਾ ਹੈ, ਉਸ ਨੂੰ ਪੂਰਾ ਕੀਤਾ ਹੈ।

ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਤੀਰਥ ਯਾਤਰਾ 'ਤੇ ਜਾਣ ਦਾ ਵਾਅਦਾ ਵੀ ਕੀਤਾ ਸੀ, ਜਿਸ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਸੂਬੇ ਭਰ ਤੋਂ ਲੋਕ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਉੜਮੁੜ ਤੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚਲੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੀ ਯਾਤਰਾ ਕਰਨ ਲਈ ਮੁਫਤ ਯਾਤਰਾ ਦੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ਕਰਨ ਵਾਲੇ ਯਾਤਰੀਆਂ ਦਾ ਖ਼ਰਚਾ ਪੰਜਾਬ ਸਰਕਾਰ ਸਹਿਣ ਕਰੇਗੀ, ਜਿਸ ਵਿਚ ਉਨ੍ਹਾਂ ਦੇ ਸਫ਼ਰ, ਰਿਹਾਇਸ਼ ਅਤੇ ਖਾਣ-ਪੀਣ ਦੇ ਸਾਰੇ ਖ਼ਰਚੇ ਸ਼ਾਮਲ ਹਨ।

ਇਹ ਵੀ ਪੜ੍ਹੋ :  ਪੰਜਾਬ 'ਚ ਮੌਸਮ ਵਿਭਾਗ ਵੱਲੋਂ ‘ਯੈਲੋ ਅਲਰਟ’ ਜਾਰੀ, ਜਾਣੋ ਆਉਣ ਵਾਲੇ ਦਿਨਾਂ ਦੀ Weather ਦੀ ਤਾਜ਼ਾ ਅਪਡੇਟ

PunjabKesari

ਜਸਵੀਰ ਸਿੰਘ ਰਾਜਾ ਗਿੱਲ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਵਿੱਤਰ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਤਖ਼ਤ ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਣਸੀ, ਅਯੁੱਧਿਆ ਅਤੇ ਵਰਿੰਦਾਵਨ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਦੀ ਯਾਤਰਾ ਕਰਵਾਈ ਜਾਵੇਗੀ।ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਸਾਲਾਸਰ ਧਾਮ, ਸ੍ਰੀ ਖਾਟੂ ਸ਼ਿਆਮ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਵੈਸ਼ਨੋ ਦੇਵੀ ਜੀ, ਮਾਤਾ ਜਵਾਲਾ ਜੀ ਆਦਿ ਅਸਥਾਨਾਂ ਦੀਆਂ ਯਾਤਰਾਵਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਪੰਜਾਬ ਦੀਆਂ ਵੱਖ-ਵੱਖ ਥਾਵਾਂ ਤੋਂ ਰੋਜ਼ਾਨਾ ਬੱਸਾਂ ਅਤੇ ਰੇਲ ਗੱਡੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸੂਬਾ ਸਰਕਾਰ ਨੇ ਇਸ ਤੀਰਥ ਯਾਤਰਾ 'ਤੇ ਜਾਣ ਲਈ ਦੋ ਤਰ੍ਹਾਂ ਦੇ ਸਾਧਨਾਂ ਦਾ ਪ੍ਰਬੰਧ ਕੀਤਾ ਹੈ। 

ਉਨ੍ਹਾਂ ਦੱਸਿਆ ਕਿ ਲੰਬੀ ਦੂਰੀ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਛੋਟੀ ਦੂਰੀ ਲਈ ਸੜਕ ਮਾਰਗ ਰਾਹੀਂ ਏ. ਸੀ. ਬੱਸਾਂ ਰਾਹੀਂ ਯਾਤਰਾ ਕਰਵਾਈ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਉਨ੍ਹਾਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜੋ ਬੁਢਾਪੇ ਜਾਂ ਆਰਥਿਕ ਤੰਗੀ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 23 ਦਸੰਬਰ ਨੂੰ ਟਾਂਡਾ ਦੇ ਪਿੰਡ ਕੁਰਾਲਾ ਤੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੂਰ ਕਰਨ ਲਈ 22 ਦਸੰਬਰ ਨੂੰ ਟਾਂਡਾ ਦੇ ਪਿੰਡ ਮਸੀਤਪਾਲ ਕੋਟ ਅਤੇ 26 ਨੂੰ ਬੇਟ ਖੇਤਰ ਦੇ ਪਿੰਡ ਰੜਾਂ ਵਿਖੇ 'ਸਰਕਾਰ ਤੁਹਾਡੇ ਦੁਆਰ' ਤਹਿਤ ਸ਼ਿਕਾਇਤ ਨਿਵਾਰਣ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਸਮੂਹ ਸਰਕਾਰੀ ਵਿਭਾਗ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ।  ਇਸ ਮੌਕੇ ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਬਲਾਕ ਪ੍ਰਧਾਨ ਜਗਜੀਵਨ ਜੱਗੀ, ਡੀ. ਐੱਸ.ਪੀ ਟਾਂਡਾ ਕੁਲਵੰਤ ਸਿੰਘ, ਐੱਸ. ਐੱਮ. ਓ. ਟਾਂਡਾ ਡਾ. ਕਰਨ ਕੁਮਾਰ ਸੈਣੀ, ਤਹਿਸੀਲਦਾਰ ਟਾਂਡਾ ਗੁਰਪ੍ਰੀਤ ਸਿੰਘ, ਕੌਂਸਲਰ ਸੁਰਿੰਦਰਜੀਤ ਸਿੰਘ ਬਿੱਲੂ, ਐੱਸ. ਐੱਚ. ਓ. ਉਂਕਾਰ ਸਿੰਘ ਬਰਾੜ, ਕੁਲਦੀਪ ਸਿੰਘ, ਓਮ ਪ੍ਰਕਾਸ਼ ਭੱਟੀ, ਰਾਜਨ ਮਲਹੋਤਰਾ, ਹਰਵਿੰਦਰ ਕਲੋਟੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਦੀਆਂ ਤਿਆਰੀਆਂ, ਵੱਧ ਸੀਟਾਂ ਹਾਸਲ ਕਰਨ ਲਈ ‘ਆਪ’ ਤੇ ਕਾਂਗਰਸ ਦਬਾਅ ਦੀ ਸਿਆਸਤ ਕਰਨ ’ਚ ਜੁਟੀਆਂ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News