ਚੋਣਾਂ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਈਆਂ ਜਾਣ : ਚੋਣ ਆਬਜ਼ਰਵਰ
Monday, Feb 08, 2021 - 03:03 PM (IST)
ਕਪੂਰਥਲਾ (ਮਹਾਜਨ)-ਨਗਰ ਨਿਗਮ ਕਪੂਰਥਲਾ ਅਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਦੇ ਚੋਣ ਆਬਜ਼ਰਵਰ ਨੇ ਰਿਟਰਨਿੰਗ ਅਫ਼ਸਰਾਂ ਨੂੰ ਕਿਹਾ ਕਿ ਜ਼ਿਲ੍ਹੇ ਵਿਚ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਜਨਰਲ ਚੋਣ ਆਬਜ਼ਰਵਰ ਵਿਨੈ ਬੁਬਲਾਨੀ, ਪੁਲਸ ਆਬਜ਼ਰਵਰ ਐੱਸ. ਕੇ. ਕਾਲੀਆ, ਜਿਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਵੀ ਮੌਜੂਦ ਸਨ, ਨੇ ਕਿਹਾ ਕਿ ਰਿਟਰਨਿੰਗ ਅਫ਼ਸਰ ਚੋਣਾਂ ਦੌਰਾਨ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਚੋਣਾਂ ਨੂੰ ਸ਼ਾਂਤਮਈ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਉਨ੍ਹਾਂ ਦੇ ਮੋਢਿਆਂ ’ਤੇ ਵੱਡੀ ਜ਼ਿੰਮੇਵਾਰੀ ਹੁੰਦੀ ਹੈ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਇੱਛੁਕ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵੀਜ਼ਾ ਨਿਯਮਾਂ ’ਚ ਹੋਇਆ ਬਦਲਾਅ
ਆਬਜ਼ਰਵਰਾਂ ਨੇ ਕਿਹਾ ਕਿ ਚੋਣ ਅਮਲੇ ਦੀ ਸਿਖਲਾਈ ਤੋਂ ਲੈ ਕੇ ਵੋਟਾਂ ਵਾਲੇ ਦਿਨ ਲਈ ਸਾਰੇ ਪ੍ਰਬੰਧਾਂ ਨੂੰ ਸੁਚੱਜੇ ਨਾਲ ਕਰ ਲੈਣਾ ਚਾਹੀਦਾ ਹੈ। ਜਨਰਲ ਆਬਜ਼ਰਵਰ ਨੇ ਅੱਗੇ ਕਿਹਾ ਕਿ ਮਾਡਲ ਕੋਡ ਆਫ਼ ਕੰਡਕਟ ਪੂਰੀ ਤਨਦੇਹੀ ਨਾਲ ਲਾਗੂ ਕਰਨਾ ਚਾਹੀਦਾ ਹੈ ਕਿਉਂਕਿ ਇਹ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਦਾ ਆਧਾਰ ਹੁੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਸਾਰੇ 96 ਪੋਲਿੰਗ ਬੂਥਾਂ ਦਾ ਨਿੱਜੀ ਦੌਰਾ ਕਰਨਾ ਯਕੀਨੀ ਬਣਾਉਣਾ ਚਾਹੀਦਾ ਹੈ, ਜਿੱਥੇ 62 ਵਾਰਡਾਂ ਲਈ ਚੋਣ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਵਿਚ ਵਿਸ਼ਵਾਸ ਬਣਾਈ ਰੱਖਣ ਲਈ ਸਾਰੇ 46 ਸੰਵੇਦਨਸ਼ੀਲ ਬੂਥਾਂ ’ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨੇ ਚਾਹੀਦੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐੱਸ. ਪੀ. ਜਸਵੀਰ ਸਿੰਘ, ਉਪ ਮੰਡਲ ਮੈਜਿਸਟਰੇਟ ਵਰਿੰਦਰ ਸਿੰਘ ਬਾਜਵਾ ਅਤੇ ਹੋਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਨਕੋਦਰ ਵਿਚ ਵੱਡੀ ਵਾਰਦਾਤ, ਬਜ਼ੁਰਗ ਦਾ ਸ਼ੱਕੀ ਹਾਲਾਤ ’ਚ ਕਤਲ
ਰਾਜਨੀਤਿਕ ਪਾਰਟੀਆਂ ਮਾਡਲ ਕੋਡ ਆਫ਼ ਕੰਡਕਟ ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਕਰਨ ਪਾਲਣਾ
ਚੋਣ ਆਬਜ਼ਰਵਰਾਂ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੂੰ ਆਦਰਸ਼ ਚੋਣ ਜ਼ਾਬਤੇ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਵੀ ਸੁਣੇ ਗਏ ਅਤੇ ਡਿਪਟੀ ਕਮਿਸ਼ਨਰ ਨੂੰ ਇਨ੍ਹਾਂ ਦਾ ਸਮੇਂ-ਸਿਰ ਨਿਪਟਾਰਾ ਕਰਨ ਲਈ ਵੀ ਕਿਹਾ।
ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਚ ਕਾਂਗਰਸ ਤੇ ਪੰਜਾਬ ਪੁਲਸ ਕਰੇਗੀ ਅਕਾਲੀਆਂ ਦਾ ਹਿਸਾਬ : ਜਾਖ਼ੜ
ਚੋਣ ਪ੍ਰਕਿਰਿਆ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਨ ਲਈ ਕੀਤੇ ਪੁਖ਼ਤਾ ਪ੍ਰਬੰਧ : ਡੀ. ਸੀ.
ਡਿਪਟੀ ਕਮਿਸ਼ਨਰ ਦੀਪਤੀ ਉਪੱਲ ਅਤੇ ਵਧੀਕ ਡਿਪਟੀ ਕਮਿਸ਼ਨਰ ਐੱਸ. ਪੀ. ਆਂਗਰਾ ਵੱਲੋਂ ਆਬਜ਼ਰਵਰ ਸਾਹਿਬਾਨਾਂ ਨੂੰ ਭਰੋਸਾ ਦੁਆਇਆ ਗਿਆ ਕਿ ਜ਼ਿਲਾ ਪ੍ਰਸ਼ਾਸਨ ਸ਼ਾਂਤਮਈ, ਨਿਰਪੱਖ ਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਪਾਬੰਦ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਲੋਕਤੰਤਰੀ ਪ੍ਰਕਿਰਿਆ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਨ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸਮੂਹ ਰਿਟਰਨਿੰਗ ਅਫ਼ਸਰਾਂ ਅਤੇ ਪੁਲਸ ਅਫ਼ਸਰਾਂ ਨੂੰ ਕਿਹਾ ਕਿ ਉਨ੍ਹਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਆਪਸ ਵਿਚ ਮੀਟਿੰਗਾਂ ਕਰ ਲਈਆਂ ਜਾਣ। ਉਨ੍ਹਾਂ ਦੱਸਿਆ ਕਿ ਚੋਣਾਂ ਸਬੰਧੀ ਸ਼ਿਕਾਇਤਾਂ ਨੂੰ ਪ੍ਰਾਪਤ ਕਰਨ ਅਤੇ ਇਨ੍ਹਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸ਼ਿਕਾਇਤ ਸੈੱਲ ਦੀ ਸਥਾਪਨਾ ਕੀਤੀ ਜਾ ਚੁੱਕੀ ਹੈ।