ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕੇ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਿਤ ਕਰਨ ਦੀ ਤਿਆਰੀ

07/14/2019 12:26:39 PM

ਚੰਡੀਗੜ੍ਹ/ਸ੍ਰੀ ਆਨੰਦਪੁਰ ਸਾਹਿਬ (ਅਸ਼ਵਨੀ)— ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕਾ ਧਾਰਮਿਕ, ਇਤਿਹਾਸਕ ਅਤੇ ਰੋਮਾਂਚਕ ਸੈਲਾਨੀ ਕੇਂਦਰ ਵਜੋਂ ਵਿਕਸਿਤ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਮਕਸਦ ਲਈ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਇਕ ਉੱਚ ਪੱਧਰੀ ਮੀਟਿੰਗ ਕੀਤੀ ਗਈ, ਜਿਸ 'ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ, ਪੰਜਾਬ ਸਰਕਾਰ ਦੇ ਸੈਰ-ਸਪਾਟਾ, ਸੱਭਿਆਚਾਰਕ ਅਤੇ ਤਕਨੀਕੀ ਸਿੱਖਿਆ ਮੰਤਰੀ, ਚਰਨਜੀਤ ਸਿੰਘ ਚੰਨੀ, ਸਥਾਨਕ ਸੰਸਦ ਮੈਂਬਰ ਮੁਨੀਸ਼ ਤਿਵਾੜੀ ਅਤੇ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਦੱÎਸਿਆ ਕਿ ਸੰਸਦੀ ਹਲਕਾ ਸ੍ਰੀ ਆਨੰਦਪੁਰ ਸਾਹਿਬ ਨੂੰ ਖਾਲਸੇ ਦੀ ਜਨਮ ਭੂਮੀ ਹੋਣ ਦਾ ਮਾਣ ਹਾਸਲ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪਵਿੱਤਰ ਸਥਾਨ ਚਮਕੌਰ ਸਾਹਿਬ, ਜਿੱਥੇ ਦੋ ਵੱਡੇ ਸਾਹਿਬਜ਼ਾਦਿਆਂ ਨੇ ਸ਼ਕਤੀਸ਼ਾਲੀ ਮੁਗਲ ਸੈਨਾ ਨਾਲ ਲੜਦਿਆਂ ਆਪਣਾ ਬਲੀਦਾਨ ਦੇ ਦਿੱਤਾ, ਵੀ ਇਸੇ ਸੰਸਦੀ ਹਲਕੇ 'ਚ ਪੈਂਦਾ ਹੈ। ਇਸ ਤੋਂ ਇਲਾਵਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜੱਦੀ ਪਿੰਡ ਖਟਕੜ ਕਲਾਂ, ਜ਼ਿਲਾ ਨਵਾਂਸ਼ਹਿਰ ਵੀ ਇਸੇ ਸੰਸਦੀ ਹਲਕੇ 'ਚ ਆਉਂਦਾ ਹੈ।
ਤਿਵਾੜੀ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਪਹਿਲਾਂ ਹੀ ਇਕ ਧਾਰਮਿਕ ਸੈਰ-ਸਪਾਟਾ ਸਰਕਟ ਵਿਕਸਿਤ ਕਰ ਰਹੀ ਹੈ, ਜਿਸ ਨਾਲ ਅੰਮ੍ਰਿਤਸਰ, ਅਨੰਦਪੁਰ ਸਾਹਿਬ, ਫਤਿਹਗੜ੍ਹ ਸਾਹਿਬ ਅਤੇ ਹੋਰਨਾਂ ਪਵਿੱਤਰ ਅਤੇ ਇਤਿਹਾਸਕ ਸਥਾਨਾਂ ਨੂੰ ਜੋੜਿਆ ਜਾ ਰਿਹਾ ਹੈ। ਸਰਕਟ ਨੂੰ ਵਿਕਸਿਤ ਕਰਨ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਦੀ ਮੀਟਿੰਗ ਇਹ ਯਕੀਨੀ ਬਣਾਉਣ ਲਈ ਕੀਤੀ ਗਈ ਸੀ ਕਿ ਕੰਮ 'ਚ ਤੇਜ਼ੀ ਲਿਆਂਦੀ ਜਾਵੇ ਅਤੇ ਸੂਬਾ ਜਾਂ ਕੇਂਦਰ ਸਰਕਾਰਾਂ ਦੇ ਪੱਧਰ 'ਤੇ ਜੋ ਕੁਝ ਕੰਮ ਵੀ ਕੀਤਾ ਜਾਣਾ ਹੈ, ਨੂੰ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ। ਤਿਵਾੜੀ ਨੇ ਕਿਹਾ ਕਿ ਰੋਪੜ 'ਚ ਧਾਰਮਿਕ ਅਤੇ ਇਤਿਹਾਸਕ ਸੈਰ-ਸਪਾਟੇ ਤੋਂ ਇਲਾਵਾ ਵਾਟਰ ਸਪੋਰਟਸ ਦੀ ਵੀ ਬਹੁਤ ਸਮਰੱਥਾ ਹੈ ਅਤੇ ਉਨ੍ਹਾਂ ਨੇ ਪਹਿਲਾਂ ਹੀ ਮਾਹਿਰਾਂ ਦੀ ਸਲਾਹ ਨਾਲ ਸੰਭਾਵਨਾਵਾਂ ਤਲਾਸ਼ਣੀਆਂ ਸ਼ੁਰੂ ਕਰ ਦਿੱਤੀਆਂ ਹਨ।

shivani attri

This news is Content Editor shivani attri