ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਫੁੱਲਾਂ ਨਾਲ ਕੀਤਾ ਗਿਆ ਸਵਾਗਤ

12/18/2023 2:45:13 AM

ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਬਿਬਾਣਗੜ੍ਹ ਸਾਹਿਬ, ਕੀਰਤਪੁਰ ਸਾਹਿਬ ਤੋਂ ਸ਼ੁਰੂ ਹੋ ਕੇ 12 ਕਿਲੋਮੀਟਰ ਦਾ ਸਫ਼ਰ ਤੈਅ ਕਰ ਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਿਆ। ਇਸ ਦੌਰਾਨ ਨਗਰ ਕੀਰਤਨ ਦਾ ਸਵਾਗਤ ਜੈਕਾਰੇ ਲਗਾ ਕੇ ਅਤੇ ਫੁੱਲਾਂ ਦੀ ਵਰਖਾ ਕਰ ਕੇ ਕੀਤਾ ਗਿਆ। 

ਇਸ ਦੌਰਾਨ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੱਲੋਂ ਨਿਸ਼ਾਨਚੀ ਸਿੰਘਾਂ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਜੋਗਿੰਦਰ ਸਿੰਘ ਜੀ ਨੇ ਨਗਰ ਕੀਰਤਨ ਦੀ ਸੰਪਨਤਾ ਦੀ ਅਰਦਾਸ ਕੀਤੀ।

ਇਸ ਦੌਰਾਨ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਤੇ ਸਕੂਲੀ ਵਿਦਿਆਰਥੀਆਂ ਦੇ ਆਪਸੀ ਧਾਰਮਿਕ ਪ੍ਰਸ਼ਨ-ਉੱਤਰ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ, ਮੈਨੇਜਰ ਗੁਰਮੀਤ ਸਿੰਘ, ਮੀਤ ਮੈਨੇਜਰ ਹਰਦੇਵ ਸਿੰਘ ਹੈਪੀ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਲਗਾਈ ਸੀ।


 

Harpreet SIngh

This news is Content Editor Harpreet SIngh