'ਧਰਤੀ 'ਚ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਸਾਂਝੇ ਹੰਭਲੇ ਦੀ ਜ਼ਰੂਰਤ'

01/28/2020 2:51:05 PM

ਹੁਸ਼ਿਆਰਪੁਰ (ਘੁੰਮਣ)— ਐੱਨ. ਜੀ. ਟੀ. ਵੱਲੋਂ ਦਰਿਆਵਾਂ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਬਣਾਈ ਗਈ ਨਿਗਰਾਨ ਕਮੇਟੀ ਦੇ ਚੇਅਰਮੈਨ ਸਾਬਕਾ ਜਸਟਿਸ ਜਸਬੀਰ ਸਿੰਘ ਨੇ ਬੀਤੇ ਦਿਨ ਜ਼ਿਲਾ ਪ੍ਰਬੰਧਕੀ ਕੰਪਲੈਕਸ 'ਚ ਸਾਲਿਡ ਵੇਸਟ ਮੈਨੇਜਮੈਂਟ ਦੇ ਪ੍ਰਬੰਧਨ ਅਤੇ ਹੋਰ ਵਿਸ਼ਿਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਸੇਵਾਮੁਕਤ ਮੁੱਖ ਸਕੱਤਰ ਪੰਜਾਬ ਐੱਸ.ਸੀ. ਅਗਰਵਾਲ, ਸੰਤ ਬਾਬਾ ਬਲਵੀਰ ਸਿੰਘ ਸੀਂਚੇਵਾਲ, ਐੱਨ.ਜੀ.ਟੀ. ਕਮੇਟੀ ਦੇ ਟੈਕਨੀਕਲ ਐਕਸਪਰਟ ਡਾ. ਬਾਬੂ ਰਾਮ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵੀ ਮੌਜੂਦ ਸਨ।

ਮੀਟਿੰਗ ਨੂੰ ਸੰਬੋਧਨ ਕਰਦੇ ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਜਸਟਿਸ ਜਸਬੀਰ ਸਿੰਘ ਨੇ ਕਿਹਾ ਕਿ ਸਾਡੀ ਅਗਿਆਨਤਾ ਕਾਰਨ ਹਵਾ, ਪਾਣੀ ਅਤੇ ਧਰਤੀ ਵਿਚ ਪ੍ਰਦੂਸ਼ਣ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਨੂੰ ਰੋਕਣ ਲਈ ਮਿਲਜੁਲ ਕੇ ਸਾਂਝੇ ਯਤਨ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਪਾਣੀ ਅਤੇ ਹਵਾ ਇਸ ਤਰ੍ਹਾਂ ਦੀਆਂ ਚੀਜ਼ਾਂ ਹਨ, ਜਿਸ ਨੂੰ ਸਾਫ-ਸੁਥਰਾ ਰੱਖਣਾ ਮਾਨਵਤਾ ਦੇ ਹਿੱਤ ਵਿਚ ਹੈ। ਉਨ੍ਹਾਂ ਕਿਹਾ ਕਿ ਹਵਾ ਅਤੇ ਪਾਣੀ ਦੀ ਸ਼ੁੱਧਤਾ ਲਈ ਸਾਨੂੰ ਆਪਣੀ ਸੋਚ 'ਚ ਤਬਦੀਲੀ ਲਿਆਉਣ ਦੀ ਜ਼ਰੂਰਤ ਹੈ। ਇਸ ਦੌਰਾਨ ਉਨ੍ਹਾਂ ਨਗਰ ਨਿਗਮ ਤੋਂ ਇਲਾਵਾ ਜ਼ਿਲੇ ਦੀਆਂ ਸਾਰੀਆਂ ਨਗਰ ਪ੍ਰੀਸ਼ਦਾਂ ਨੂੰ ਡੋਰ ਟੂ ਡੋਰ ਕੂੜਾ ਇਕੱਠਾ ਕਰਨ ਅਤੇ ਉਸ ਦੀ ਸੈਗ੍ਰੀਗੇਸ਼ਨ ਸਬੰਧੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਹਦਾਇਤ ਅਨੁਸਾਰ ਨਿਸ਼ਚਿਤ ਸਮੇਂ ਵਿਚ ਪੂਰੇ ਜ਼ਿਲੇ 'ਚ ਨਗਰ ਨਿਗਮ ਤੇ ਨਗਰ ਪ੍ਰੀਸ਼ਦ 100 ਫੀਸਦੀ ਡੋਰ ਟੂ ਡੋਰ ਕੂੜਾ ਇਕੱਤਰ ਕਰਨ ਅਤੇ ਇਸ ਦੀ ਸੈਗ੍ਰੀਗੇਸ਼ਨ ਨੂੰ ਯਕੀਨੀ ਬਣਾਵੇ।

ਚੇਅਰਮੈਨ ਜਸਟਿਸ ਜਸਬੀਰ ਸਿੰਘ ਨੇ ਕਿਹਾ ਕਿ ਅਸੀਂ ਠੋਸ ਕੂੜੇ ਨਾਲ ਖਾਦ ਬਣਾ ਕੇ ਸਾਫ ਪਾਣੀ ਨੂੰ ਸਿੰਚਾਈ ਲਈ ਪ੍ਰਯੋਗ ਕਰਕੇ ਆਪਣੀ ਸਮੱਸਿਆ ਦਾ ਆਪਣੇ ਪੱਧਰ 'ਤੇ ਹੱਲ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਵੱਖ-ਵੱਖ ਵਿਭਾਗ ਆਪਣੇ ਪੱਧਰ 'ਤੇ ਅਹਿਮ ਯਤਨ ਕਰ ਸਕਦੇ ਹਨ, ਜਿਸ ਲਈ ਅਧਿਕਾਰੀਆਂ ਨੂੰ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਬੰਧੀ ਹਰ ਤਰ੍ਹਾਂ ਦੇ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ, ਤਾਂ ਜੋ ਸ਼ੁੱਧ ਵਾਤਾਵਰਣ ਨੂੰ ਆਉਣ ਵਾਲੀਆਂ ਪੀੜ੍ਹੀ ਲਈ ਸੰਭਾਲ ਕੇ ਰੱਖਿਆ ਜਾ ਸਕੇ।

ਇਸ ਦੌਰਾਨ ਉਨ੍ਹਾਂ ਸਿੰਗਲ ਯੂਜ ਪਲਾਸਿਟਕ ਦਾ ਪ੍ਰਯੋਗ ਨਾ ਕਰਨ, ਕੂੜੇ ਦੇ ਡੰਪ, ਕੂੜਾ ਉਠਾਉਣ ਵਾਲੇ ਵਾਹਨ ਤੇ ਨਿਗਰਾਨੀ ਲਈ ਉਸ 'ਤੇ ਲਾਏ ਗਏ ਜੀ.ਪੀ.ਐੱਸ. ਸਿਸਟਮ, ਜਨਤਕ ਸਥਾਨਾਂ ਦੀ ਸਫ਼ਾਈ, ਪੋਲੀਥੀਨ ਦਾ ਪ੍ਰਯੋਗ ਨਾ ਕਰਨ ਸਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਬਾਇਓ ਮੈਡੀਕਲ ਵੇਸਟ ਸਬੰਧੀ ਹਸਪਤਾਲਾਂ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਦੀ ਵੀ ਜਾਣਕਾਰੀ ਹਾਸਲ ਕੀਤੀ ਅਤੇ ਅਧਿਕਾਰੀਆਂ ਨੂੰ ਇਸ ਸਬੰਧੀ ਸਮੇਂ-ਸਮੇਂ ਚੈਕਿੰਗ ਕਰਨ ਦੇ ਨਿਰਦੇਸ਼ ਵੀ ਦਿੱਤੇ।
ਡਿਪਟੀ ਕਮਿਸ਼ਨਰ ਨੇ ਅੰਤ ਵਿਚ ਐੱਨ.ਜੀ.ਟੀ. ਕਮੇਟੀ ਦੇ ਸਾਰੇ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਨਿਸ਼ਚਿਤ ਸਮੇਂ ਵਿਚ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਜ਼ਿਲਾ ਪ੍ਰਬੰਧਕੀ ਕੰਪਲੈਕਸ ਨੂੰ ਪੋਲੀਥੀਨ ਬੈਗ ਫਰੀ ਘੋਸ਼ਿਤ ਕਰ ਦਿੱਤਾ ਗਿਆ ਹੈ ਅਤੇ ਜ਼ਿਲੇ ਵਿਚ ਵੀ ਲੋਕਾਂ ਨੂੰ ਸਿੰਗਲ ਯੂਜ ਪਲਾਸਟਿਕ ਨਾ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਮੇਅਰ ਸ਼ਿਵ ਸੂਦ, ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਸੂਦਨ, ਕਮਿਸ਼ਨਰ ਨਗਰ ਨਿਗਮ ਬਲਬੀਰ ਰਾਜ ਸਿੰਘ, ਸੀ.ਜੇ.ਐੱਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ, ਡਾ. ਪੂਰਨ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

shivani attri

This news is Content Editor shivani attri