ਨਵਜੋਤ ਸਿੱਧੂ ਕਾਂਗਰਸ ਸਰਕਾਰ ਦੀ ਅਸਲੀਅਤ ਲੋਕਾਂ ਨੂੰ ਦੱਸਣ: ਡਾ.ਰਵਜੋਤ
Sunday, Jul 14, 2019 - 06:49 PM (IST)
ਹੁਸ਼ਿਆਰਪੁਰ (ਘੁੰਮਣ)-ਸੂਬੇ ਦੀ ਕਾਂਗਰਸ ਸਰਕਾਰ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਮੰਤਰੀ ਦੇ ਅਹੁੱਦੇ ਤੋਂ ਅਸਤੀਫਾ ਦੇ ਕੇ ਇਸ ਗੱਲ 'ਤੇ ਮੋਹਰ ਲੱਗਾ ਦਿੱਤੀ ਹੈ ਕਿ ਨਾ ਤਾਂ ਕਾਂਗਰਸ ਸਰਕਾਰ ਸੂਬੇ ਦਾ ਵਿਕਾਸ ਕਰਨਾ ਚਾਹੁੰਦੀ ਹੈ ਤੇ ਨਾ ਹੀ ਬੇਅਦਬੀ ਮੁੱਦੇ 'ਤੇ ਕੋਈ ਕਾਰਵਾਈ ਕਰਨਾ ਚਾਹੁੰਦੀ ਹੈ ਜਿਸ ਪ੍ਰਤੀ ਸ. ਸਿੱਧੂ ਵਾਰ-ਵਾਰ ਸਰਕਾਰ 'ਤੇ ਕਾਰਵਾਈ ਕਰਨ ਦਾ ਦਬਾਅ ਬਣਾ ਰਹੇ ਸਨ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਰਵਜੋਤ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬੇ ਦੀ ਨਿਕਮੀ ਕਾਂਗਰਸ ਸਰਕਾਰ ਦੇ ਨਿਕਮੇ ਮੁੱਖ ਮੰਤਰੀ ਨੂੰ ਪੰਜਾਬ ਨਾਲ ਕੋਈ ਹਮਦਰਦੀ ਨਹੀਂ ਹੈ ਤੇ ਨਾ ਹੀ ਉਕਤ ਸਰਕਾਰ ਬੇਅਦਬੀ ਮਾਮਲੇ 'ਚ ਦੋਸ਼ੀਆਂ ਖਿਲਾਫ ਕਾਰਵਾਈ ਕਰਨਾ ਚਾਹੁੰਦੀ ਹੈ। ਡਾ. ਰਵਜੋਤ ਨੇ ਕਿਹਾ ਕਿ 2017 'ਚ ਹੋਈਆਂ ਵਿਧਾਨ ਸਭਾ ਚੋਣਾ ਤੋਂ ਪਹਿਲਾ ਕਾਂਗਰਸ ਨੇ ਸੂਬੇ ਦੇ ਲੋਕਾਂ ਨਾਲ ਜੋ-ਜੋ ਵਾਅਦੇ ਕੀਤੇ ਸਨ ਉਹ ਅੱਜ ਤੱਕ ਵਫਾ ਨਹੀਂ ਹੋਏ ਤੇ ਇਸ ਸਰਕਾਰ ਦਾ ਜਿਹੜਾ ਇਕਲੌਤਾ ਮੰਤਰੀ ਆਪਣੀ ਸਰਕਾਰ 'ਤੇ ਵਾਅਦੇ ਪੂਰੇ ਕਰਨ ਦਾ ਦਬਾਅ ਬਣਾ ਰਿਹਾ ਸੀ ਉਕਤ ਮੰਤਰੀ ਨੂੰ ਮੁੱਖ ਮੰਤਰੀ ਸਮੇਤ ਦੂਜੇ ਮੰਤਰੀਆਂ ਤੇ ਕਾਂਗਰਸੀ ਵਿਧਾਇਕਾਂ ਨੇ ਅਸਤੀਫਾ ਦੇਣ ਲਈ ਮਜਬੂਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਨਵਜੋਤ ਸਿੱਧੂ ਨੂੰ ਚਾਹੀਦਾ ਹੈ ਕਿ ਕਾਂਗਰਸ ਸਰਕਾਰ ਦੀ ਅਸਲੀਅਤ ਪੰਜਾਬ ਦੇ ਲੋਕਾਂ ਸਾਹਮਣੇ ਰੱਖਣ ਤੇ ਫਿਰ ਸੂਬੇ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਹ ਫੈਸਲਾ ਕਰਨਗੇ ਕਿ ਸੱਤਾ ਕਿਸ ਨੂੰ ਸੌਂਪੀ ਜਾਵੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਹਿਲਾ ਅਕਾਲੀ-ਭਾਜਪਾ ਸਰਕਾਰ ਨੇ ਸੂਬੇ ਦਾ ਬੇੜਾ ਗਰਕ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਉਸੇ ਤਰਜ 'ਤੇ ਹੁਣ ਕਾਂਗਰਸ ਸਰਕਾਰ ਫੈਸਲੇ ਲੈ ਰਹੀ ਹੈ।