ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ

06/28/2023 4:33:09 PM

ਨਵਾਂਸ਼ਹਿਰ (ਤ੍ਰਿਪਾਠੀ)-ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਧਾਰਾ 144 ਅਧੀਨ ਗਾਵਾਂ/ਪਸ਼ੂਆਂ ਨੂੰ ਬੇਸਹਾਰਾ ਛੱਡਣ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਗਊਵੰਸ਼ ਦਾ ਕੁਝ ਧਰਮਾਂ ਵਿਚ ਬਹੁਤ ਜ਼ਿਆਦਾ ਸਤਿਕਾਰ ਹੋਣ ਕਾਰਨ ਗਊਵੰਸ਼ ਨੂੰ ਇਸ ਤਰ੍ਹਾਂ ਬੇਸਹਾਰਾ ਛੱਡਣ ਕਾਰਨ ਉਨ੍ਹਾਂ ਨੂੰ ਪੁੱਜਣ ਵਾਲੇ ਜਾਨੀ ਨੁਕਸਾਨ ਨਾਲ ਜਿਥੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ, ਉਥੇ ਅਮਨ ਅਤੇ ਕਾਨੂੰਨ ਦੀ ਸਮੱਸਿਆ ਵੀ ਪੈਦਾ ਹੋ ਸਕਦੀ ਹੈ। ਇਸ ਤੋਂ ਇਲਾਵਾ ਪਸ਼ੂਆਂ ਨੂੰ ਬੇਸਹਾਰਾ ਛੱਡਣ ਨਾਲ ਇਹ ਸੜਕਾਂ ’ਤੇ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ।

ਵਿਆਹ ਵਾਲੇ ਦਿਨ ਜਾਂ ਤਿਊਹਾਰਾਂ 'ਤੇ ਪਟਾਕੇ ਚਲਾਉਣ ਦੀ ਮਨਾਹੀ
ਜ਼ਿਲ੍ਹਾ ਮੈਜਿਸਟਰੇਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਹੁਕਮਾਂ ਤਹਿਤ ਵਿਆਹ ਵਾਲੇ ਦਿਨ, ਨਵੇਂ ਸਾਲ ਦੇ ਦਿਵਸ ਜਾਂ ਕੋਈ ਵੀ ਖ਼ੁਸ਼ੀ ਦੇ ਤਿਉਹਾਰ ਮੌਕੇ ਪਟਾਕੇ ਚਲਾਉਣ ’ਤੇ ਮਨਾਹੀ ਦੇ ਹੁਕਮ ਕੀਤੇ ਹਨ।

ਇਹ ਵੀ ਪੜ੍ਹੋ- ਵੈਸ਼ਨੋ ਦੇਵੀ ਤੋਂ ਘਰ ਪਰਤ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ ਨੇ ਘਰ 'ਚ ਵਿਛਾਏ ਸੱਥਰ, ਮਿਲੀ ਰੂਹ ਕੰਬਾਊ ਮੌਤ

ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ/ਵਰਤੋਂ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਰਾਜ ਅੰਦਰ ਸਰਹੱਦੀ ਜ਼ਿਲ੍ਹਿਆਂ ’ਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਡਰੋਨ ਦੀ ਮੱਦਦ ਨਾਲ ਗੈਰ-ਕਾਨੂੰਨੂ ਗਤੀਵਿਧੀਆਂ ਨੂੰ ਅੰਜਾਮ ਦੇਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦੇ ਡਰੋਨ ਉਡਾਉਣ/ਵਰਤੋਂ ’ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵਿਆਹ ਸਮਾਗਮਾਂ/ਧਾਰਮਿਕ ਸਮਾਗਮਾਂ ਅਤੇ ਹੋਰ ਪ੍ਰੋਗਰਾਮਾਂ ਵਿੱਚ ਬਿਨਾਂ ਮਨਜੂਰੀ ਡਰੋਨ ਚਲਾਉਣ ’ਤੇ ਪੂਰਣ ਪਾਬੰਦੀ ਲਗਾ ਦਿੱਤੀ ਹੈ।

ਜ਼ਿਲ੍ਹੇ ਵਿਚ ਅਣ-ਅਧਿਕਾਰਿਤ ਤੌਰ ’ਤੇ ਧਾਰਮਿਕ ਸਥਾਨਾਂ ਦੀ ਉਸਾਰੀ ’ਤੇ ਰੋਕ
ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਜ਼ਿਲ੍ਹੇ ਦੀਆਂ ਸਰਕਾਰੀ ਥਾਵਾਂ-ਜਨਤਕ ਸਥਾਨਾਂ-ਗਲੀਆਂ-ਪਾਰਕਾਂ ਉੱਤੇ ਅਣ-ਅਧਿਕਾਰਿਤ ਤੌਰ ’ਤੇ ਕਿਸੇ ਵੀ ਤਰ੍ਹਾਂ ਦੇ ਧਾਰਮਿਕ ਸਥਾਨ ਦੀ ਉਸਾਰੀ ਕਰਨ ’ਤੇ ਰੋਕ ਲਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਨਿਰਦੇਸ਼ਾਂ ਵਿਚ ਕਿਸੇ ਵੀ ਜਨਤਕ ਸਥਾਨ, ਪਾਰਕ ਜਾਂ ਗਲੀਆਂ ਆਦਿ ਉੱਤੇ ਧਾਰਮਿਕ ਸਥਾਨ ਦੀ ਉਸਾਰੀ ਕਰਨ ’ਤੇ ਸਖ਼ਤੀ ਨਾਲ ਰੋਕ ਲਾਈ ਹੈ। ਇਨ੍ਹਾਂ ਹੁਕਮਾਂ ਦੀ ਪਾਲਣਾ ਵਿਚ ਹੀ ਇਹ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵੱਖੋ-ਵੱਖਰੇ ਵਿਭਾਗਾਂ ਦੇ ਮੁਖੀਆਂ ਦੀ ਇਹ ਜ਼ਿੰਮੇਵਾਰੀ ਹੋਵੇਗੀ ਕਿ ਉਨ੍ਹਾਂ ਦੇ ਅਧੀਨ ਪੈਂਦੀ ਕਿਸੇ ਵੀ ਅਜਿਹੀ ਥਾਂ ’ਤੇ ਕਿਸੇ ਵੀ ਤਰ੍ਹਾਂ ਦੇ ਮੰਦਰ, ਚਰਚ, ਮਸੀਤ ਜਾਂ ਗੁਰਦੁਆਰੇ ਦੀ ਉਸਾਰੀ ਨਾ ਹੋਵੇ ਅਤੇ ਉਹ ਇਸ ਦੀ ਬਾਕਾਇਦਾ ਨਜ਼ਰਸਾਨੀ ਕਰਦੇ ਰਹਿਣ। ਉਨ੍ਹਾਂ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਅਤੇ ਸਰਪੰਚਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਨਗਰ ਕੌਂਸਲ/ਪੰਚਾਇਤੀ/ਸ਼ਾਮਲਾਟ/ਮੁਸ਼ਤਰਕਾ ਮਾਲਕਾਨ ਜ਼ਮੀਨ ’ਤੇ ਕਿਸੇ ਵੀ ਧਾਰਮਿਕ ਸਥਾਨ ਦੀ ਅਣਅਧਕਾਰਿਤ ਤੌਰ ’ਤੇ ਉਸਾਰੀ ਨਾ ਹੋਣ ਦੇਣ। ਜੇਕਰ ਕੋਈ ਵਿਅਕਤੀ ਉਲੰਘਣਾ ਕਰਦਾ ਹੈ ਤਾਂ ਉਸ ਬਾਰੇ ਤੁਰੰਤ ਨੇੜੇ ਦੀ ਪੁਲਸ ਚੌਂਕੀ/ਥਾਣੇ ਨੂੰ ਇਤਲਾਹ ਕੀਤੀ ਜਾਵੇ। ਉਨ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਪੁਲਿਸ ਕਪਤਾਨ ਨੂੰ ਆਪਣੇ ਇਨ੍ਹਾਂ ਰੋਕ ਦੇ ਹੁਕਮਾਂ ਦੀ ਅਦੂਲੀ ਕਰਨ ਵਾਲੇ ਕਿਸੇ ਵੀ ਵਿਅਕਤੀ ਖ਼ਿਲਾਫ਼ ਤੁਰੰਤ ਪਰਚਾ ਦਰਜ ਕਰਨ ਅਤੇ ਉਸਾਰੀ ਬੰਦ ਕਰਵਾਉਣ ਲਈ ਵੀ ਆਖਿਆ ਹੈ।

ਇਹ ਵੀ ਪੜ੍ਹੋ- ਜਲੰਧਰ 'ਚ ਵੱਡੀ ਵਾਰਦਾਤ, ਬਸਤੀ ਗੁਜ਼ਾਂ 'ਚ ਕਰਿਆਨਾ ਸਟੋਰ ਮਾਲਕ ਦਾ ਚੜ੍ਹਦੀ ਸਵੇਰ ਕੀਤਾ ਕਤਲ

ਜ਼ਿਲ੍ਹੇ ਵਿਚ ਸ਼ੋਰ ਪ੍ਰਦੂਸ਼ਣ ਸਬੰਧੀ ਮਨਾਹੀ ਦੇ ਹੁਕਮ ਜਾਰੀ
ਜ਼ਿਲ੍ਹਾ ਮੈਜਿਸਟਰੇਟ ਨੇ ਅਦਾਲਤ ਦੇ ਹੁਕੱਮਾ ਦੇ ਤਹਿਤ ਸ਼ੋਰ ਪ੍ਰਦੂਸ਼ਣ ’ਤੇ ਰੋਕ ਅਤੇ ਨਿਯੰਤਰਣ ਲਈ ਵੱਖ-ਵੱਖ ਸੰਸਥਾਵਾਂ ਅਤੇ ਅਦਾਰਿਆਂ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਜਥੇਬੰਦੀਆਂ ਦੇ ਲੀਡਰਾਂ ਤੇ ਅਹੁਦੇਦਾਰਾਂ ਵੱਲੋਂ ਕੀਤੇ ਜਾਣ ਵਾਲੇ ਜਲਸਿਆਂ, ਰੈਲੀਆਂ, ਰੋਸ ਧਰਨੇ ਆਦਿ, ਕਿਸੇ ਵੀ ਐਨ.ਜੀ.ਓਜ਼, ਪ੍ਰਾਈਵੇਟ, ਸਮਾਜਿਕ, ਮੰਦਿਰਾਂ, ਮਸਜਿਦਾਂ ਅਤੇ ਗੁਰਦੁਆਰਿਆਂ ਦੀਆਂ ਪ੍ਰਬੰਧਕੀ ਸੰਸਥਾਵਾਂ, ਵਪਾਰਕ ਸੰਸਥਾਵਾਂ/ਅਦਾਰਿਆਂ ਆਦਿ ਦੇ ਪ੍ਰਬੰਧਕਾਂ/ਅਹੁਦੇਦਾਰਾਂ ਵੱਲੋਂ ਵੱਖ-ਵੱਖ ਪ੍ਰੋਗਰਾਮ, ਸਮਾਗਮ ਆਦਿ ਮੌਕੇ ’ਤੇ ਕਿਸੇ ਵੀ ਬਿਲਡਿੰਗ, ਪਬਲਿਕ ਸਥਾਨਾਂ, ਖੁੱਲੇ ਸਥਾਨਾਂ, ਪੰਡਾਲਾਂ ਵਿਚ ਲਾਊਡ ਸਪੀਕਰ ਆਦਿ ਦੀ ਵਰਤੋਂ ਲਈ ਅਤੇ ਕਿਸੇ ਵੱਲੋਂ ਵੀ ਵਿਆਹ ਸ਼ਾਦੀਆਂ, ਖੁਸ਼ੀ ਦੇ ਮੌਕਿਆਂ ਅਤੇ ਹੋਰ ਵੱਖ-ਵੱਖ ਮੌਕਿਆ ਆਦਿ ਤੇ ਮੈਰਿਜ ਪੈਲੇਸਾਂ, ਕਲੱਬਾਂ, ਹੋਟਲਾਂ ਅਤੇ ਖੁੱਲ੍ਹੇ ਸਥਾਨਾਂ ਆਦਿ ਵਿਚ ਡੀ. ਜੇ, ਆਰਕੈਸਟਰਾ, ਸੰਗੀਤਕ ਯੰਤਰ ਆਦਿ ਦੀ ਵਰਤੋਂ ਕਿਸੇ ਵੀ ਸਮੇਂ (ਦਿਨ ਜਾਂ ਰਾਤ), ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੁਆਇਸ) ਐਕਟ, 1956 ਵਿਚ ਦਰਜ ਸ਼ਰਤਾਂ ਤਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਏ ਜਾਣਗੇ।

ਇਸੇ ਤਰ੍ਹਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਲਾਊਡ ਸਪੀਕਰ ਅਤੇ ਕਿਸੇ ਵੀ ਹੋਰ ਸੰਗੀਤਕ ਯੰਤਰ ਆਦਿ ਚਲਾਉਣ ਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਉਕਤ ਕਿਸੇ ਵੀ ਆਵਾਜ਼ੀ ਅਤੇ ਸੰਗੀਤਕ ਯੰਤਰਾਂ ਆਦਿ ਦੇ ਕਿਸੇ ਵੀ ਬਿਲਡਿੰਗ ਵਿਚ ਅਤੇ ਸਥਾਨ ’ਤੇ ਚਲਾਉਣ/ਵਜਾਉਣ ’ਤੇ ਮੁਕੰਮਲ ਪਾਬੰਦੀ ਹੋਵੇਗੀ, ਸਿਵਾਏੇ ਸੱਭਿਆਚਾਰਕ ਤੇ ਧਾਰਮਿਕ ਮੌਕਿਆਂ ’ਤੇ ਰਾਤ 10 ਵਜੇ ਤੋਂ 12 ਵਜੇ ਤੱਕ, ਜਿਹੜੇ ਕਿ ਪੂਰੇ ਸਾਲ ਵਿੱਚ 15 ਦਿਨਾਂ ਤੋਂ ਵੱਧ ਨਹੀਂ ਹੋਣਗੇ ਅਤੇ ਆਵਾਜ਼ ਦਾ ਪੱਧਰ 10 ਡੀ ਬੀ (ਏ) ਤੋਂ ਜ਼ਿਆਦਾ ਨਹੀਂ ਹੋਵੇਗਾ। ਇਸ ਤੋਂ ਇਲਾਵਾ ਨਿੱਜੀ ਮਲਕੀਅਤ ਵਾਲੇ ਸਾਊਂਡ ਸਿਸਟਮ ਅਤੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਦੀ ਆਵਾਜ਼ ਦਾ ਪੱਧਰ 5 ਡੀ ਬੀ (ਏ) ਤੋਂ ਜ਼ਿਆਦਾ ਨਹੀਂ ਹੋਵੇਗਾ।

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਜ਼ਿਲ੍ਹਾ ਤੇ ਪੁਲਸ ਪ੍ਰਸ਼ਾਸਨ ਨੂੰ ਈ ਮੇਲ ਕਰਨਾ ਲਾਜ਼ਮੀ
ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਸਥਿਤ ਮਿਊਂਸਪਲ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਜਦੋਂ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਇਕ ਹਫ਼ਤੇ ਦੇ ਵਿੱਚ-ਵਿੱਚ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਈ ਮੇਲ ਆਈ.ਡੀਜ਼ ’ਤੇ ਭੇਜਣਾ ਯਕੀਨੀ ਬਣਾਏਗਾ। ਇਸ ਈ ਮੇਲ ਦੇ ਨਾਲ ਸਬੰਧਤ ਦਾ ਨਾਮ, ਪਿਤਾ ਦਾ ਨਾਮ, ਫੋਟੋ ਅਤੇ ਆਧਾਰ ਕਾਡਰ ਭੇਜਣਾ ਲਾਜ਼ਮੀ ਹੈ। ਇਹ ਹੁਕਮ ਉਨ੍ਹਾਂ ’ਤੇ ਵੀ ਲਾਗੂ ਹੋਵੇਗਾ ਜਿਨ੍ਹਾਂ ਨੇ ਪਹਿਲਾਂ ਤੋਂ ਹੀ ਰੱਖੇ ਹੋਏ ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਵੇਰਵਾ ਹਾਲਾਂ ਤੱਕ ਪੁਲਿਸ ਨੂੰ ਨਹੀਂ ਦਿੱਤਾ ਹੈ। ਉਪਰੋਕਤ ਸਾਰੇ ਹੁਕੱਮ 22 ਅਗਸਤ ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ-ਮਨੀਕਰਨ ਸਾਹਿਬ ਤੋਂ ਪਰਤੇ ਗੁਰਦਾਸਪੁਰ ਦੇ ਪਰਿਵਾਰ ਦੀ ਬਦਲੀ ਕਿਸਮਤ, ਰਾਤੋਂ-ਰਾਤ ਬਣਿਆ ਕਰੋੜਪਤੀ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

shivani attri

This news is Content Editor shivani attri