ਨਵਾਂਸ਼ਹਿਰ ਪੁਲਸ ਨੇ ਨਵੰਬਰ ''ਚ 41 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਹੈਰੋਇਨ, ਅਫ਼ੀਮ ਸਣੇ ਡਰੱਗ ਮਨੀ ਕੀਤੀ ਬਰਾਮਦ

12/03/2023 5:42:56 PM

ਨਵਾਂਸ਼ਹਿਰ (ਤ੍ਰਿਪਾਠੀ)- ਐੱਸ. ਐੱਸ. ਪੀ. ਡਾ.ਅਖਿਲ ਚੌਧਰੀ ਨੇ ਦੱਸਿਆ ਕਿ ਨਵੰਬਰ ਮਹੀਨੇ ਦੌਰਾਨ ਜ਼ਿਲ੍ਹਾ ਪੁਲਸ ਨੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ ਕੁੱਲ 37 ਮੁਕੱਦਮੇ ਦਰਜ ਕਰਕੇ 41 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 716 ਗ੍ਰਾਮ ਹੈਰੋਇਨ, 400 ਗ੍ਰਾਮ ਅਫ਼ੀਮ, 2 ਕਿਲੋ ਭੁੱਕੀ, 112 ਨਸ਼ੀਲੇ ਕੈਪਸੂਲ, 1 ਕਿਲੋ 800 ਗ੍ਰਾਮ ਗਾਂਜਾ ਅਤੇ 12,510 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। 

ਪੁਲਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਇਸ ਮਹੀਨੇ ਦੌਰਾਨ ਜ਼ਿਲ੍ਹਾ ਪੁਲਸ ਨੇ ਨਾਜਾਇਜ਼ ਹਥਿਆਰਾਂ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਪਿਸਤੌਲ, 7 ਜ਼ਿੰਦਾ ਕਾਰਤੂਸ ਅਤੇ 350 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਜ਼ਿਲ੍ਹਾ ਪੁਲਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਡਰਾਈਵ ਅਗੇਂਸਟ ਡਰੱਗ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਇਸੇ ਤਹਿਤ ਜ਼ਿਲ੍ਹਾ ਪੁਲਸ ਵੱਲੋਂ ਫੁੱਟਬਾਲ ਲੀਗ ਅਤੇ ਮੈਗਾ ਵੀਕ ਰੈਲੀ ਵੀ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਵਿੱਦਿਅਕ ਸੰਸਥਾਵਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਨਸ਼ਾ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਪੁਲਸ ਨੇ 99 ਵਿਅਕਤੀਆਂ ਵਿਰੁੱਧ ਜੁਰਮ ਵਿਰੋਧੀ ਕਾਰਵਾਈ ਕੀਤੀ ਅਤੇ 14 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ। 

ਇਹ ਵੀ ਪੜ੍ਹੋ : ਤਿੰਨ ਸੂਬਿਆਂ 'ਚ ਭਾਜਪਾ ਦੀ ਜਿੱਤ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ

ਜ਼ਿਲ੍ਹਾ ਪੁਲਸ ਵੱਲੋਂ ਇਸ ਮਹੀਨੇ ਦੌਰਾਨ ਲੋਕਾਂ ਨੂੰ ਜਲਦੀ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਤੌਰ ’ਤੇ ਲਗਾਏ ਗਏ ਕੰਪਲੇਂਟ ਰੈਜੋਲੇਸ਼ਨ ਕੈਂਪ ਦੌਰਾਨ 587 ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਟ੍ਰੈਫਿਕ ਸਮੱਸਿਆ ਨੂੰ ਨੱਥ ਪਾਉਣ ਅਤੇ ਸੜਕ ਹਾਦਸਿਆਂ ਵਿਚ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ ਲਈ ਜ਼ਿਲ੍ਹਾ ਪੁਲਸ ਵੱਲੋਂ ਟ੍ਰੈਫਿਕ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਇਸ ਮਹੀਨੇ ਦੌਰਾਨ ਟ੍ਰੈਫਿਕ ਪੁਲਸ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ 931 ਵਾਹਨਾਂ ਦੇ ਚਲਾਨ ਕੀਤੇ ਗਏ ਹਨ। ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਅਪਰਾਧਿਕ ਕਿਸਮ ਦੇ ਲੋਕਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਕਿਸੇ ਵੀ ਬੇਕਸੂਰ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਲੋਕਾਂ ਨੂੰ ਜਲਦੀ ਇਨਸਾਫ਼ ਦਿਵਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : ਵਿਆਹ ਸਮਾਗਮ 'ਚ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਮਚਿਆ ਚੀਕ-ਚਿਹਾੜਾ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


shivani attri

Content Editor

Related News