''ਗੈਰ ਸਰਕਾਰੀ ਸੰਸਥਾਵਾਂ ਕਮਜ਼ੋਰ ਵਰਗ ਤੇ ਲੋੜਵੰਦ ਵਿਦਿਆਰਥੀਆਂ ਦੀ ਕਰ ਰਹੀਆਂ ਮਦਦ''
Thursday, Apr 11, 2019 - 07:11 PM (IST)
ਜਲੰਧਰ : ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਮਾਜ ਦੇ ਕਮਜ਼ੋਰ ਵਰਗਾਂ ਨਾਲ ਤੇ ਲੋੜਵੰਦ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਐਨ. ਜੀ. ਓਜ਼ ਵਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ। ਅੱਜ ਇਥੇ ਗੈਰ ਸਰਕਾਰੀ ਸੰਸਥਾ ਸ੍ਰੀ ਗੁਰੂ ਨਾਨਕ ਸੇਵਾ ਸੁਸਾਇਟੀ ਵਲੋਂ ਰੈਡ ਕਰਾਸ ਭਵਨ ਜਲੰਧਰ ਵਿਖੇ ਲੋੜਵੰਦ ਵਿਦਆਰਥੀਆਂ ਨੂੰ ਕਿਤਾਬਾਂ, ਕਾਪੀਆਂ ਤੇ ਹੋਰ ਜ਼ਰੂਰੀ ਸਮੱਗਰੀ ਵੰਡਣ ਲਈ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗੈਰ ਸਰਕਾਰੀ ਸੰਸਥਾਵਾਂ ਵਲੋਂ ਸਮਾਜ ਦੇ ਕਮਜ਼ੋਰ ਵਰਗਾਂ ਤੇ ਲੋੜਵੰਦ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ 'ਚ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮਨੁੱਖਤਾ ਦੀ ਭਲਾਈ ਲਈ ਬਹੁਤ ਹੀ ਮਹਾਨ ਕਾਰਜ ਹੈ ਤੇ ਇਸ ਦੀ ਸਭ ਨੂੰ ਸ਼ਲਾਘਾ ਕਰਨੀ ਚਾਹੀਦੀ ਹੈ। ਉਨ੍ਹਾਂ ਇਸ ਨੇਕ ਕਾਰਜ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐਨ. ਜੀ. ਓਜ਼ ਨੂੰ ਹਰ ਤਰ੍ਹਾਂ ਦੀ ਮਦਦ ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸੁਣਨ 'ਚ ਬਹੁਤ ਚੰਗਾ ਲੱਗ ਰਿਹਾ ਹੈ ਕਿ ਐਨ. ਜੀ. ਓਜ਼ ਵਲੋਂ ਨਾ ਸਿਰਫ਼ ਲੋੜਵੰਦ ਵਿਦਿਆਰਥੀਆਂ ਨੂੰ ਮੁਫ਼ਤ 'ਚ ਕਿਤਾਬਾਂ ਤੇ ਕਾਪੀਆਂ ਹੀ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਸਗੋਂ ਉਨ੍ਹਾਂ ਨੂੰ ਫੀਸਾਂ ਅਦਾ ਕਰਨ ਲਈ ਚੈਕ ਵੀ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ 'ਚ ਇਕ ਅਹਿਮ ਉਪਰਾਲਾ ਹੈ। ਜੇਕਰ ਵਿਦਿਆਰਥੀਆਂ ਵਲੋਂ ਮਿਆਰੀ ਸਿੱਖਿਆ ਹਾਸਲ ਕਰ ਲਈ ਜਾਂਦੀ ਹੈ ਤਾਂ ਇਸ ਨਾਲ ਉਨਾਂ ਦਾ ਭਵਿੱਖ ਵਧੀਆ ਬਣਾਉਣ ਨੂੰ ਯਕੀਨੀ ਬਣਾਇਆ ਜਾ ਸਕੇਗਾ।

ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਆਪਣੀ ਪੜ੍ਹਾਈ ਪ੍ਰਤੀ ਦ੍ਰਿੜ ਨਿਸ਼ਚਾ ਤੇ ਸਹੀ ਸੋਚ ਨੂੰ ਅਪਣਾਇਆ ਜਾਵੇ ਜੋ ਕਿ ਉਨ੍ਹਾਂ ਦੀ ਸਮੁੱਚੀ ਸਖਸ਼ੀਅਤ ਵਿਕਾਸ 'ਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀ ਵਿਸ਼ਵ ਪੱਧਰੀ ਮੁਕਾਬਲਿਆਂ ਦੇ ਯੋਗ ਬਣ ਸਕਣਗੇ ਅਤੇ ਇਹ ਸਮੇਂ ਦੀ ਲੋੜ ਹੈ ਕਿ ਭਾਰਤ ਨੂੰ ਮਜ਼ਬੂਤ ਤੇ ਖੁਸ਼ਹਾਲ ਦੇਸ਼ ਬਣਾਇਆ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਜ਼ਿਲ੍ਹਾ ਗਾਈਡੈਂਸ ਕਾਊਂਸਲਰ ਸੁਰਜੀਤ ਲਾਲ, ਡਾਇਰੈਕਟਰ ਰੂਡਸੈਟ ਜਗਦੀਸ਼ ਕੁਮਾਰ, ਸਾਬਕਾ ਡਾਇਰੈਕਟਰ ਦੂਰਦਰਸ਼ਨ ਓਮ ਗੌਰੀ ਦੱਤ ਸ਼ਰਮਾ, ਅਸ਼ੋਕ ਸਹੋਤਾ, ਡਾ. ਜੀ. ਐਸ. ਛਾਬੜਾ ਤੇ ਹੋਰ ਵੀ ਹਾਜ਼ਰ ਸਨ।

