NHM ਮੁਲਾਜ਼ਮਾਂ ਨੇ ਰੈਗੂਲਰ ਨਾ ਕਰਨ ’ਤੇ ‘ਆਪ’ ਸਰਕਾਰ ਨੂੰ ਦਿੱਤੀ ਇਹ ਚਿਤਾਵਨੀ

10/23/2022 10:06:08 PM

ਭੋਗਪੁਰ (ਸੂਰੀ) : ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਮੂਹ ਰੈਗੂਲਰ ਕਰਮਚਾਰੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ 6 ਫੀਸਦੀ ਡੀ. ਏ. ਦੀ ਕਿਸ਼ਤ ਜਾਰੀ ਕਰਨ ਅਤੇ ਪੰਜਾਬ ’ਚ ਮੁੜ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ਪਰ ਸਿਹਤ ਵਿਭਾਗ ’ਚ ਪਿਛਲੇ 10-15 ਸਾਲਾਂ ਤੋਂ ਬਹੁਤ ਹੀ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਠੇਕਾ ਮੁਲਾਜ਼ਮਾਂ ਲਈ ਨਾਹੀ ਕੋਈ ਐਲਾਨ ਕੀਤਾ ਗਿਆ ਹੈ ਤੇ ਨਾ ਹੀ ਕੁੱਝ ਦਿੱਤਾ ਗਿਆ ਹੈ। ਇਸ ਕਾਰਨ ਨੈਸ਼ਨਲ ਹੈਲਥ ਮਿਸ਼ਨ ਦੇ ਸਮੂਹ ਕੱਚੇ ਮੁਲਾਜ਼ਮਾਂ ਨੂੰ ਭਾਰੀ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਮੁਲਾਜ਼ਮ ਹੁਣ ਪਿਛਲੀ ਵਾਰ ਵਾਂਗ ਇਸ ਵਾਰ ਵੀ ਕਾਲ਼ੀ ਦੀਵਾਲੀ ਮਨਾਉਣ ਲਈ ਮਜਬੂਰ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਦੇ ਆਗੂ  ਡਾ. ਸੁਮਿਤ, ਡਾ. ਯੁਗੇਸ਼ ਸਚਦੇਵਾ, ਸੁਖਪ੍ਰੀਤ ਕੌਰ, ਡਾ. ਵਿਪਨ ਆਦਿ ਨੇ ਕਿਹਾ ਕਿ ਪਹਿਲਾਂ ਅਕਾਲੀ-ਭਾਜਪਾ ਸਰਕਾਰ ਨੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਫਿਰ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਤੇ ਹੁਣ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਇਸ਼ਤਿਹਾਰ ਜਾਰੀ ਕਰ ਰਹੀ ਹੈ ਪਰ ਹਕੀਕਤ ਇਹ ਹੈ ਕਿ ਸਿਹਤ ਵਿਭਾਗ ਦਾ ਇਕ ਵੀ ਮੁਲਾਜ਼ਮ ਅਜੇ ਤੱਕ ਰੈਗੂਲਰ ਨਹੀਂ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨ ’ਤੇ ਭਾਰਤ ਦੀ ਜਿੱਤ ’ਤੇ ਬੋਲੇ CM ਮਾਨ, ਕਿਹਾ-ਭਾਰਤ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਵੱਡਾ ਤੋਹਫ਼ਾ

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਫੋਕੇ ਐਲਾਨ ਕਰਨ ਤੱਕ ਸੀਮਤ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਇਸ ਸਰਕਾਰ ਨੇ ਵੀ ਦੀਵਾਲੀ ਮੌਕੇ ਸਿਹਤ ਵਿਭਾਗ ਵਰਗੇ ਅਹਿਮ ਮਹਿਕਮੇ ’ਚ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਹੇ ਨੈਸ਼ਨਲ ਹੈਲਥ ਮਿਸ਼ਨ ਦੇ ਠੇਕਾ ਮੁਲਾਜ਼ਮਾਂ ਦੇ ਪੱਲੇ ਕੁਝ ਵੀ ਨਹੀਂ ਆਇਆ ਹੈ। ਇਨ੍ਹਾਂ ਕੱਚੇ ਸਿਹਤ ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਨਾ ਕੀਤੀਆਂ ਤਾਂ ਉਹ ਪੰਜਾਬ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਗੁਜਰਾਤ ’ਚ ਆਮ ਆਦਮੀ ਪਾਰਟੀ ਦੀ ਅਸਲੀਅਤ ਲੋਕਾਂ ਸਾਹਮਣੇ ਰੱਖਣ ਲਈ ਜਾ ਸਕਦੇ ਹਨ। ਇਸ ਮੌਕੇ ਐੱਨ.ਐੱਚ.ਐੱਮ. ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਮੂਹ ਐੱਨ.ਐੱਚ.ਐੱਮ. ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਜਲਦ ਸ਼ੁਰੂ ਨਾ ਕੀਤੀ ਗਈ ਤਾਂ ਉਹ ਸਰਕਾਰ ਦਾ ਪਰਦਾਫ਼ਾਸ਼ ਕਰਦਿਆਂ ਸੰਘਰਸ਼ ਸ਼ੁਰੂ ਕਰਨਗੇ, ਜਿਸ ਦੀ ਜ਼ਿਮੇਵਾਰ ਪੰਜਾਬ ਸਰਕਾਰ ਹੋਵੇਗੀ।

ਇਹ ਖ਼ਬਰ ਵੀ ਪੜ੍ਹੋ : ਥਾਣੇ ’ਚੋਂ ਗਾਇਬ AK 47 ਰਾਈਫਲ ਤੇ ਕਾਰਬਾਈਨ ਹੋਮਗਾਰਡ ਜਵਾਨ ਦੇ ਘਰੋਂ ਬਰਾਮਦ


Manoj

Content Editor

Related News