ਜ਼ਿਲੇ ’ਚ 79,966 ਮੀਟ੍ਰਿਕ ਟਨ ਕਣਕ ਦੀ ਆਮਦ ’ਚੋਂ 76,842 ਮੀਟ੍ਰਿਕ ਟਨ ਦੀ ਹੋਈ ਖਰੀਦ : ਡਿਪਟੀ ਕਮਿਸ਼ਨਰ
Monday, Apr 21, 2025 - 12:21 AM (IST)

ਜਲੰਧਰ, (ਚੋਪੜਾ)- ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ਦੀਆਂ ਵੱਖ-ਵੱਖ ਮੰਡੀਆਂ ’ਚ 79,966 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ’ਚੋਂ 76,842 ਮੀਟ੍ਰਿਕ ਟਨ ਕਣਕ ਦੀ ਖਰੀਦ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਖਰੀਦੀ ਗਈ ਕਣਕ ਦਾ 132 ਕਰੋੜ ਰੁਪਏ ਦਾ ਭੁਗਤਾਨ ਵੀ ਯਕੀਨੀ ਬਣਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੀਜ਼ਨ ’ਚ ਜ਼ਿਲੇ ਦੀਆਂ 79 ਮੰਡੀਆਂ ’ਚ 5.25 ਲੱਖ ਮੀਟ੍ਰਿਕ ਟਨ ਕਣਕ ਪਹੁੰਚਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਬੰਪਰ ਫਸਲ ਉਤਪਾਦਨ ਨੂੰ ਦੇਖਦੇ ਹੋਏ 23 ਆਰਜ਼ੀ ਮੰਡੀਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਣਕ ਸੀਜ਼ਨ ਦੀ ਸਫਲ ਸਮਾਪਤੀ ਲਈ ਉਚਿਤ ਖਰੀਦ, ਸਮੇਂ ’ਤੇ ਲਿਫਟਿੰਗ ਅਤੇ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਕਣਕ ਦੀ ਉਚਿਤ ਖਰੀਦ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਕਿਸਾਨਾਂ ਦੀ ਕਣਕ ਦਾ ਇਕ-ਇਕ ਦਾਣਾ ਮੰਡੀਆਂ ’ਚ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਾਰਦਾਨੇ ਦੀ ਕੋਈ ਸਮੱਸਿਆ ਪੈਦਾ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਖਰੀਦ ਕੇਂਦਰਾਂ ਵਿਚ ਸਮੁੱਚੇ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ’ਚ ਖਰੀਦ ਪ੍ਰਬੰਧਾਂ ਨੂੰ ਲੈ ਕੇ ਕਿਸਾਨ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਤੋਂ ਸੰਤੁਸ਼ਟ ਹੈ ਅਤੇ ਪ੍ਰਸ਼ਾਸਨ ਦੇ ਯਤਨਾਂ ਦੀ ਸ਼ਲਾਘਾ ਕਰ ਰਹੇ ਹਨ।