ਡੀ. ਸੀ. ਈਸ਼ਾ ਕਾਲੀਆ ਨੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

10/16/2018 5:13:20 PM

ਹੁਸ਼ਿਆਰਪੁਰ (ਅਮਰੀਕ)—  ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵੱਲੋਂ ਦਾਣਾ ਮੰਡੀ ਟਾਂਡਾ ਦਾ ਦੌਰਾ ਕੀਤਾ ਗਿਆ ਅਤੇ ਮੰਡੀ 'ਚ ਚੱਲ ਰਹੀ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ ਸਬੰਧੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਝੋਨੇ ਦੀ ਲਿਫਟਿੰਗ ਸਬੰਧੀ ਵੀ ਪ੍ਰਬੰਧ ਮੁਕੱਮਲ ਕਰ ਲਏ ਗਏ ਹਨ ਅਤੇ ਜਲਦੀ ਹੀ ਲਿਫਟਿੰਗ ਸ਼ੁਰੂ ਕਰ ਦਿੱਤੀ ਜਾਵੇਗਾ। 

ਈਸ਼ਾ ਕਾਲੀਆ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਹੀ ਹੱਲ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣਾ ਝੋਨਾ ਸੁਕਾ ਕੇ ਮੰਡੀ 'ਚ ਲਿਆਉਣ ਅਤੇ ਝੋਨੇ ਦੀ ਕਟਾਈ ਰਾਤ ਦੇ ਸਮੇਂ ਨਾ ਕੀਤੀ ਜਾਵੇ ਅਤੇ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਜਿੱਥੇ ਪਰਾਲੀ ਨੂੰ ਅੱਗ ਲਗਾਉਣ ਦੇ ਨਾਲ ਪ੍ਰਦੂਸ਼ਣ ਫੈਲਦਾ ਹੈ, ਉਥੇ ਹੀ ਜ਼ਮੀਨ ਦੀ ਉਪਜਾਉ ਸ਼ਕਤੀ ਵੀ ਖਤਮ ਹੋ ਜਾਂਦੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲਾ ਖੁਰਾਕ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਅਧਿਕਾਰੀ ਰਜਨੀਸ਼ ਕੌਰ ਅਤੇ ਪੰਜਾਬ ਐਗਰੋ ਫੂਡ ਗ੍ਰੇਨ ਕੋ-ਆਪਰੇਸ਼ਨ ਦੇ ਜ਼ਿਲਾ ਪ੍ਰਬੰਧਕ ਸੁਖਵਿੰਦਰ ਜੀਤ ਸਿੰਘ, ਇੰਸਪੈਕਟਰ, ਗੁਰਸ਼ਰਨਜੀਤ ਸਿੰਘ, ਸੈਕਟਰੀ ਮਾਰਕੀਟ ਕਮੇਟੀ ਟਾਂਡਾ ਆਦਿ ਮੌਜੂਦ ਸਨ।