ਪਾਕਿ ਵਲੋਂ ਲਾਂਘੇ ਲਈ ਸਿਰਫ ਸਿੱਖ ਸ਼ਰਧਾਲੂਆਂ ਨੂੰ ਆਗਿਆ ਦੇਣ ਦਾ ਫੈਸਲਾ ਇਤਰਾਜ਼ਯੋਗ : ਅਮਰਿੰਦਰ

01/24/2019 6:49:36 AM

ਜਲੰਧਰ,(ਧਵਨ)– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਗੁਰਦੁਆਰੇ ਦੇ ਦਰਸ਼ਨਾਂ ਲਈ  ਸਿਰਫ ਸਿੱਖ ਭਾਈਚਾਰੇ ਨੂੰ ਪਾਕਿਸਤਾਨ ਦੀ ਯਾਤਰਾ ਦੀ ਆਗਿਆ ਦੇਣ ਦੇ ਫੈਸਲੇ 'ਤੇ ਸਖਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਬੁੱਧਵਾਰ ਇਕ ਬਿਆਨ 'ਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਭ ਧਰਮਾਂ ਦੇ ਲੋਕ ਮੰਨਦੇ ਹਨ। ਭਾਰਤ ਸਰਕਾਰ ਨੂੰ ਪਾਕਿਸਤਾਨ ਦੇ ਇਸ ਫੈਸਲੇ 'ਤੇ ਤਿੱਖਾ ਇਤਰਾਜ਼ ਪ੍ਰਗਟ ਕਰਦੇ ਹੋਏ ਸਾਰਾ ਮਾਮਲਾ ਇਸਲਾਮਾਬਾਦ ਸਾਹਮਣੇ ਉਠਾਉਣਾ ਚਾਹੀਦਾ ਹੈ। 
ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਜਦੋਂ ਵੀ ਦੋਹਾਂ ਦੇਸ਼ਾਂ ਦਰਮਿਆਨ ਸਮਝੌਤੇ 'ਤੇ ਹਸਤਾਖਰ ਹੋਣਗੇ ਤਾਂ ਇਸ ਗੱਲ ਦਾ ਵਿਸ਼ੇਸ਼ ਤੌਰ 'ਤੇ ਭਾਰਤ ਸਰਕਾਰ ਨੂੰ ਧਿਆਨ ਰੱਖਣਾ ਚਾਹੀਦਾ ਹੈ। ਜੇ ਪਾਕਿਸਤਾਨ ਨੂੰ ਆਪਣੇ ਖੇਤਰ ਦੀ ਸੁਰੱਖਿਆ ਲਈ ਸ਼ਰਤਾਂ ਰੱਖਣ ਦਾ ਪੂਰਾ ਅਧਿਕਾਰ ਹੈ ਤਾਂ ਉਸ ਨੂੰ ਇਹ ਵੀ ਚਾਹੀਦਾ ਹੈ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਿਰਫ ਸਿੱਖ ਭਾਈਚਾਰੇ ਤਕ ਹੀ ਸੀਮਤ ਨਾ ਰੱਖੇ ਕਿਉਂਕਿ ਗੁਰੂ ਜੀ ਪ੍ਰਤੀ ਸਭ ਧਰਮਾਂ ਦੇ ਲੋਕਾਂ ਦੀ ਆਸਥਾ ਹੈ। ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਸਭ ਧਰਮਾਂ ਦੇ ਲੋਕ ਮਿਲ ਕੇ ਲੰਗਰ ਤਿਆਰ ਕਰਦੇ ਅਤੇ ਛਕਦੇ ਹਨ। ਗੁਰਦੁਆਰੇ ਸਭ ਧਰਮਾਂ ਦੇ ਲੋਕਾਂ ਲਈ ਖੁੱਲ੍ਹੇ ਹਨ। 
ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਗੁਰਦੁਆਰੇ ਦੇ ਦਰਸ਼ਨਾਂ ਲਈ ਸਿੱਖਾਂ ਦੇ ਨਾਲ-ਨਾਲ ਹਿੰਦੂਆਂ ਅਤੇ ਹੋਰ ਧਰਮਾਂ  ਦੇ ਲੋਕਾਂ ਨੂੰ ਵੀ ਜਾਣ ਦੀ ਆਗਿਆ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਸਿਰਫ 500 ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਆਗਿਆ ਦੇਣ ਦਾ ਫੈਸਲਾ ਵੀ ਠੀਕ ਨਹੀਂ ਹੈ। ਪਾਸਪੋਰਟ ਦੀ ਸ਼ਰਤ ਨੂੰ ਵੀ ਹਟਾਇਆ ਜਾਣਾ ਚਾਹੀਦਾ ਹੈ।