ਪੰਚਾਇਤੀ ਉਪ ਚੋਣਾਂ ਦੇ ਮੱਦੇਨਜ਼ਰ, 27 ਜੁਲਾਈ ਨੂੰ ਪੇਂਡੂ ਖੇਤਰਾਂ ਵਿੱਚ ਸ਼ਰਾਬ ਦੀ ਵਿਕਰੀ ''ਤੇ ਪੂਰਨ ਪਾਬੰਦੀ : ਆਸ਼ਿਕਾ ਜੈਨ

Saturday, Jul 26, 2025 - 11:10 PM (IST)

ਪੰਚਾਇਤੀ ਉਪ ਚੋਣਾਂ ਦੇ ਮੱਦੇਨਜ਼ਰ, 27 ਜੁਲਾਈ ਨੂੰ ਪੇਂਡੂ ਖੇਤਰਾਂ ਵਿੱਚ ਸ਼ਰਾਬ ਦੀ ਵਿਕਰੀ ''ਤੇ ਪੂਰਨ ਪਾਬੰਦੀ : ਆਸ਼ਿਕਾ ਜੈਨ

ਹੁਸ਼ਿਆਰਪੁਰ (ਘੁੰਮਣ) ਰਾਜ ਚੋਣ ਕਮਿਸ਼ਨ, ਪੰਜਾਬ ਦੀਆਂ ਹਦਾਇਤਾਂ 'ਤੇ, ਰਾਜ ਵਿੱਚ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਸੀਟਾਂ 'ਤੇ 27 ਜੁਲਾਈ, 2025 ਨੂੰ ਉਪ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਇਸ ਸੰਦਰਭ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਨਿਰਦੇਸ਼ ਦਿੱਤੇ ਹਨ ਕਿ ਪੰਚਾਇਤੀ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਬੰਧਤ ਪਿੰਡ ਖੇਤਰਾਂ ਦੀ ਸੀਮਾ ਵਿੱਚ ਸਥਿਤ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ (ਲਾਇਸੰਸਸ਼ੁਦਾ ਦੁਕਾਨਾਂ) 27 ਜੁਲਾਈ, 2025 ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ।

ਉਨ੍ਹਾਂ ਸਪੱਸ਼ਟ ਕੀਤਾ ਕਿ ਉਪਰੋਕਤ ਦਿਨਾਂ ਦੌਰਾਨ ਨਾ ਸਿਰਫ਼ ਸ਼ਰਾਬ ਦੀਆਂ ਦੁਕਾਨਾਂ ਅਤੇ ਅਹਾਤੇ ਬੰਦ ਰਹਿਣਗੇ, ਸਗੋਂ ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ ਜਾਂ ਹੋਰ ਥਾਵਾਂ 'ਤੇ ਸ਼ਰਾਬ ਦਾ ਸੇਵਨ, ਵਰਤਾਉਣ ਜਾਂ ਵਿਕਰੀ 'ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਸ਼ਰਾਬ ਸਟੋਰ ਨਹੀਂ ਕਰ ਸਕੇਗਾ। ਇਹ ਹੁਕਮ ਜ਼ਿਲ੍ਹੇ ਦੇ ਸਾਰੇ ਲਾਇਸੰਸਸ਼ੁਦਾ ਅਹਾਤਿਆਂ 'ਤੇ ਬਰਾਬਰ ਲਾਗੂ ਹੋਵੇਗਾ, ਜਿਸ ਵਿੱਚ ਹੋਟਲ, ਕਲੱਬ ਅਤੇ ਬਾਰ ਸ਼ਾਮਲ ਹਨ।

ਆਸ਼ਿਕਾ ਜੈਨ ਨੇ ਕਿਹਾ ਕਿ ਇਸ ਪਾਬੰਦੀ ਦਾ ਉਦੇਸ਼ ਚੋਣਾਂ ਦੌਰਾਨ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣਾ ਅਤੇ ਵੋਟਿੰਗ ਪ੍ਰਕਿਰਿਆ ਨੂੰ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਜਾਂ ਪ੍ਰਭਾਵ ਪਾਉਣ ਵਾਲੇ ਤੱਤਾਂ ਤੋਂ ਮੁਕਤ ਰੱਖਣਾ ਹੈ। ਉਨ੍ਹਾਂ ਕਿਹਾ ਕਿ ਜਾਰੀ ਕੀਤੇ ਗਏ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਪੁਲਿਸ ਅਤੇ ਆਬਕਾਰੀ ਵਿਭਾਗ ਨੂੰ ਇਸ ਹੁਕਮ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।


author

Hardeep Kumar

Content Editor

Related News