ਕਾਂਗਰਸ ਦੀ ਸਰਕਾਰ ਬਣਨ ’ਤੇ ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਮਿਲਣਗੇ ਵਿਸ਼ੇਸ਼ ਪ੍ਰੋਤਸਾਹਨ : ਪਰਗਟ ਸਿੰਘ

Monday, Nov 09, 2026 - 07:58 PM (IST)

ਕਾਂਗਰਸ ਦੀ ਸਰਕਾਰ ਬਣਨ ’ਤੇ ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਮਿਲਣਗੇ ਵਿਸ਼ੇਸ਼ ਪ੍ਰੋਤਸਾਹਨ : ਪਰਗਟ ਸਿੰਘ

ਫਗਵਾੜਾ (ਜਲੋਟਾ) : ਪੰਜਾਬ ਕਾਂਗਰਸ ਪ੍ਰਧਾਨ ਅਤੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਹੈ ਕਿ ਜੇਕਰ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਦੇ ਛੋਟੇ ਅਤੇ ਦਰਮਿਆਨੇ ਉਦਯੋਗਾਂ (ਐੱਮ.ਐੱਸ.ਐੱਮ.ਈ.) ਨੂੰ ਵਿਸ਼ੇਸ਼ ਆਰਥਿਕ ਪ੍ਰੋਤਸਾਹਨ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਬਣਾਉਣ ਵਿੱਚ ਛੋਟੇ ਅਤੇ ਦਰਮਿਆਨੇ ਉਦਯੋਗਾਂ ਦੀ ਅਹਿਮ ਭੂਮਿਕਾ ਹੈ। ਇਹ ਉਦਯੋਗ ਨਾ ਸਿਰਫ਼ ਲੱਖਾਂ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਂਦੇ ਹਨ, ਸਗੋਂ ਸੂਬੇ ਦੇ ਉਦਯੋਗਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਵੀ ਹਨ।

ਪਰਗਟ ਸਿੰਘ ਅਨੁਸਾਰ ਮੌਜੂਦਾ ਸਮੇਂ ਵਿੱਚ ਛੋਟੇ ਉਦਯੋਗ ਮਹਿੰਗੀ ਬਿਜਲੀ, ਉਤਪਾਦਨ ਲਾਗਤ ਵਿਚ ਵਾਧੇ, ਵਿੱਤੀ ਮੁਸ਼ਕਲਾਂ ਅਤੇ ਸਰਕਾਰੀ ਪ੍ਰਕਿਰਿਆਵਾਂ ਕਾਰਨ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਕਾਂਗਰਸ ਦੀ ਸਰਕਾਰ ਬਣਨ ’ਤੇ ਇਨ੍ਹਾਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਿਸ਼ੇਸ਼ ਨੀਤੀ ਤਿਆਰ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਨੂੰ ਆਪਣਾ ਕਾਰੋਬਾਰ ਵਧਾਉਣ ਲਈ ਆਰਥਿਕ ਸਹਾਇਤਾ, ਨਿਵੇਸ਼ ਨੂੰ ਉਤਸ਼ਾਹਿਤ ਕਰਨ ਵਾਲੀਆਂ ਨੀਤੀਆਂ ਅਤੇ ਅਨੁਕੂਲ ਉਦਯੋਗਿਕ ਮਾਹੌਲ ਮੁਹੱਈਆ ਕਰਵਾਉਣਾ ਬੇਹੱਦ ਜ਼ਰੂਰੀ ਹੈ। ਛੋਟੇ ਕਾਰੋਬਾਰੀਆਂ ਨੂੰ ਰਾਹਤ ਮਿਲਣ ਨਾਲ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਨੌਜਵਾਨਾਂ ਨੂੰ ਆਪਣੇ ਹੀ ਸੂਬੇ ਵਿੱਚ ਕੰਮ ਕਰਨ ਦੇ ਮੌਕੇ ਮਿਲਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਕਾਂਗਰਸ ਪੰਜਾਬ ਦੇ ਉਦਯੋਗਿਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਉਦਯੋਗਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ।


author

Anmol Tagra

Content Editor

Related News