ਪਟਿਆਲਾ 'ਚ ਹੋਏ ਲਾਠੀਚਾਰਜ ਖਿਲਾਫ਼ ਅਧਿਆਪਕਾਂ ਨੇ ਫੂਕੀ ਕੈਪਟਨ ਦੀ ਅਰਥੀ
Wednesday, Feb 13, 2019 - 02:46 PM (IST)
ਹੁਸ਼ਿਆਰਪੁਰ (ਅਮਰੀਕ): ਕਾਂਗਰਸ ਦੀ ਸਰਕਾਰ ਬਣਨ ਤੇ ਪਹਿਲੀ ਕੈਬਨਿਟ ਮੀਟਿੰਗ 'ਚ ਹੀ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਅਤੇ ਤਨਖਾਹਾਂ ਵਧਾਉਣ ਦਾ ਚੋਣਾਂਵੀ ਵਾਅਦਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਕੋਲ ਦੋ ਸਾਲ ਕਾਂਗਰਸ ਦੀ ਸਰਕਾਰ ਦੇ ਬੀਤ ਜਾਣ ਤੋਂ ਬਾਅਦ ਵੀ ਅਧਿਆਪਕਾਂ ਨੂੰ ਪੱਕਾ ਕਰਨ, ਤਨਖਾਹਾਂ ਵਧਾਉਣ ਅਤੇ ਹੋਰ ਸਿੱਖਿਆ ਸਬੰਧੀ ਮੰਗਾਂ ਮਸਲਿਆਂ ਨੂੰ ਹੱਲ ਕਰਨਾ ਤਾਂ ਦੂਰ ਅਧਿਆਪਕਾਂ ਨੂੰ ਮਿਲਣ ਤੱਕ ਦਾ ਸਮਾਂ ਵੀ ਨਹੀਂ, ਉਲਟਾ ਜੇਕਰ ਅਧਿਆਪਕ ਆਪਣੀਆਂ ਮੰਗਾਂ ਅਤੇ ਕਾਂਗਰਸ ਪਾਰਟੀ ਵਲੋਂ ਕੀਤੇ ਵਾਅਦੇ ਯਾਦ ਕਰਵਾਉਣ ਲਈ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕਰਦਿਆਂ ਪਟਿਆਲਾ ਵਿਖੇ ਸਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਨ ਤਾਂ ਦਮਨਕਾਰੀ ਨੀਤੀ ਅਪਣਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ਤਹਿਤ ਪੰਜਾਬ ਪੁਲਸ ਵਲੋਂ ਅਧਿਆਪਕਾਂ ਤੇ ਭਾਰੀ ਲਾਠੀਚਾਰਜ ਤੇ ਪਾਣੀ ਦੀਆਂ ਵਾਛੜਾਂ ਛੱਡ ਕੇ ਕਹਿਰ ਢਾਹਿਆ ਗਿਆ, ਜਿਸ ਖਿਲਾਫ਼ ਅਧਿਆਪਕਾਂ ਵਲੋਂ ਸੂਬਾ ਪੱਧਰੀ ਫੈਸਲੇ ਅਨੁਸਾਰ ਅਧਿਆਪਕ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੀ ਅਗਵਾਈ ਹੇਠ ਮਿੰਨੀ ਸਕੱਤਰੇਤ ਤੇ ਇਕੱਠੇ ਹੋ ਕੇ ਮੁੱਖ ਮੰਤਰੀ ਦੀ ਅਰਥੀ ਫੂਕੀ ਗਈ । ਕੈਪਟਨ ਅਮਰਿੰਦਰ ਸਿੰਘ ਕੋਲ ਜੇ ਹੁਣ ਅਧਿਆਪਕਾਂ ਦੀਆਂ ਮੰਗਾਂ ਹੱਲ ਕਰਨ ਲਈ ਅਧਿਆਪਕਾਂ ਨੂੰ ਮਿਲਣ ਦਾ ਸਮਾਂ ਨਹੀਂ ਹੈ ਤਾਂ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ, ਕਿਉਂਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਲੋਕਾਂ ਦੇ ਹਿੱਤਾਂ ਦੀ ਰੱਖਿਆ ਅਤੇ ਸਮੱਸਿਆਵਾਂ ਹੱਲ ਕਰਨ ਲਈ ਮੁੱਖ ਮੰਤਰੀ ਦੇ ਅਹੁਦੇ ਤੇ ਬਿਠਾਇਆ ਹੈ ਤੇ ਜੇਕਰ ਉਨ੍ਹਾਂ ਕੋਲ ਲੋਕਾਂ ਦੇ ਮਸਲਿਆਂ ਲਈ ਸਮਾਂ ਹੀ ਨਹੀਂ ਹੈ ਤਾਂ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੇ ਰਹਿਣ ਦਾ ਕੋਈ ਹੱਕ ਨਹੀਂ।
ਇਸ ਮੌਕੇ ਅਜੀਬ ਦਿਵੇਦੀ ਨੇ ਕਿਹਾ ਕਿ ਆਪਣੇ ਹੱਕਾਂ ਲਈ ਰੋਸ ਪ੍ਰਦਰਸ਼ਨ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ ਪਰ ਪੰਜਾਬ ਦੀ ਕਾਂਗਰਸ ਸਰਕਾਰ ਨੇ ਅਧਿਆਪਕਾਂ ਤੇ ਜ਼ਬਰ ਕਰਕੇ ਇਸ ਸੰਵਿਧਾਨਕ ਹੱਕ ਨੂੰ ਜਿੱਥੇ ਖੋਹਿਆ ਹੈ ਉੱਥੇ ਕੌਮ ਦੇ ਨਿਰਮਾਤਾ ਅਧਿਆਪਕ ਦਾ ਵੀ ਅਪਮਾਨ ਕੀਤਾ ਹੈ,ਜਿਸ ਨੂੰ ਪੰਜਾਬ ਦੇ ਮੁਲਾਜ਼ਮ ਹੀ ਨਹੀਂ ਸਗੋਂ ਆਮ ਲੋਕ ਵੀ ਮੁਆਫ਼ ਨਹੀਂ ਕਰਨਗੇ ਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ।
