ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾਵੇ ਕੇਂਦਰ ਸਰਕਾਰ : ਪਰਨੀਤ ਕੌਰ

09/12/2018 9:43:45 PM

ਜਲੰਧਰ,(ਧਵਨ)— ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੇ ਵਧਣ ਕਾਰਨ ਆਮ ਜਨਤਾ 'ਚ ਹਾਹਾਕਾਰ ਮਚੀ ਹੋਈ ਹੈ। ਪਰਨੀਤ ਕੌਰ ਨੇ ਅੱਜ ਪਟਿਆਲਾ ਸੰਸਦੀ ਖੇਤਰ 'ਚ ਵੱਖ-ਵੱਖ ਸਰਵਜਨਕ ਬੈਠਕਾਂ 'ਚ ਹਿੱਸਾ ਲਿਆ, ਜਿਸ ਦੌਰਾਨ ਉਨ੍ਹਾਂ ਨੇ ਮਹਿੰਗਾਈ 'ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੈਟਰੋਲੀਅਮ ਉਤਪਾਦਾਂ ਦੀਆਂ ਕੀਮਤਾਂ 'ਚ ਕਟੌਤੀ ਕਰਨ ਲਈ ਐਕਸਾਈਜ਼ ਡਿਊਟੀ 'ਚ ਤੁਰੰਤ ਕਮੀ ਲਿਆਉਣੀ ਚਾਹੀਦੀ ਹੈ ਤਾਂ ਜੋ ਆਮ ਜਨਤਾ ਨੂੰ ਮਹਿੰਗਾਈ ਤੋਂ ਰਾਹਤ ਮਿਲ ਸਕੇ।

ਉਨ੍ਹਾਂ ਨੇ ਕਿਹਾ ਕਿ ਜਦ ਕੇਂਦਰ 'ਚ ਯੂ. ਪੀ. ਏ. ਦੀ ਸਰਕਾਰ ਸੀ ਤਾਂ ਰੋਜ਼ਾਨਾ ਉਸ ਖਿਲਾਫ ਭਾਜਪਾ ਵਲੋਂ ਮਹਿੰਗਾਈ ਨੂੰ ਲੈ ਕੇ ਪ੍ਰਚਾਰ ਕੀਤਾ ਜਾਂਦਾ ਸੀ। ਤਦ ਤੁਰੰਤ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਮਹਿੰਗਾਈ 'ਤੇ ਕਾਬੂ ਪਾਉਣ ਲਈ ਐਕਸਾਈਜ਼ ਡਿਊਟੀ 'ਚ ਕਟੌਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਸੂਬੇ 'ਚ 19 ਸਤੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ 'ਚ ਕਾਂਗਰਸ ਬਹੁਮਤ ਹਾਸਲ ਕਰਨ 'ਚ ਕਾਮਯਾਬ ਹੋਵੇਗੀ ਕਿਉਂਕਿ ਜਨਤਾ ਨੂੰ ਪਤਾ ਹੈ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਦੇ ਕਾਰਜਕਾਲ 'ਚ ਪੰਜਾਬ ਕਿਸ ਤਰ੍ਹਾਂ ਪਿੱਛੇ ਚਲਾ ਗਿਆ ਸੀ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਸਰਕਾਰ ਨੇ ਪੰਜਾਬ ਦੀ ਅਰਥਵਿਵਸਥਾ ਨੂੰ ਪਟੜੀ 'ਤੇ ਲਿਆਉਣ ਲਈ ਕਈ ਕਦਮ ਚੁੱਕੇ ਹਨ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਵੀ ਕੰਟਰੋਲ 'ਚ ਹੈ।  ਉਨ੍ਹਾਂ ਕਿਹਾ ਕਿ ਮੰਹਿਗਾਈ ਅੱਜ ਦੇਸ਼ 'ਚ ਸਭ ਤੋਂ ਵੱਡਾ ਮੁੱਦਾ ਬਣ ਕੇ ਉੱਭਰੀ ਹੈ ਕਿਉਂਕਿ ਆਮ ਜਨਤਾ ਨੂੰ ਰੋਜ਼ਾਨਾ ਦੀਆਂ ਵਸਤੂਆਂ ਦੀ ਖਰੀਦਣ 'ਚ ਵੀ ਮੁਸ਼ਕਿਲ ਹੋ ਰਹੀ ਹੈ। ਪਰਨੀਤ ਕੌਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਭ ਤੋਂ ਪਹਿਲਾਂ ਪੈਟਰੋਲ ਅਤੇ ਡੀਜ਼ਲ ਕੀਮਤਾਂ ਨੂੰ ਯੂ. ਪੀ. ਏ. ਸਰਕਾਰ ਦੇ ਕਾਰਜਕਾਲ 'ਚ ਪ੍ਰਚਲਿਤ ਕੀਮਤਾਂ ਦੇ ਬਰਾਬਰ ਲਿਆਵੇ।