ਫਗਵਾੜਾ ਜ਼ਿਮਨੀ ਚੋਣ : 21 ਤਕ ਅਤੇ 24 ਨੂੰ ਰਹੇਗਾ ''ਡਰਾਈ ਡੇਅ''

10/19/2019 4:30:10 PM

ਕਪੂਰਥਲਾ/ਫਗਵਾੜਾ (ਮਹਾਜਨ, ਹਰਜੋਤ, ਜਲੋਟਾ)— ਜ਼ਿਲਾ ਚੋਣ ਅਫਸਰ ਕਪੂਰਥਲਾ ਡੀ. ਪੀ. ਐੱਸ. ਖਰਬੰਦਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 21 ਅਕਤੂਬਰ 2019 ਨੂੰ ਹੋਣ ਜਾ ਰਹੀ ਵਿਧਾਨ ਸਭਾ ਹਲਕਾ-29 ਫਗਵਾੜਾ ਦੀ ਜ਼ਿਮਨੀ ਚੋਣ ਲਈ ਭਲਕੇ 19 ਅਕਤੂਬਰ ਨੂੰ ਸ਼ਾਮ 6 ਵਜੇ ਤੋਂ ਬਾਅਦ ਵੱਖ-ਵੱਖ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਬੰਦ ਹੋ ਜਾਵੇਗਾ ਅਤੇ ਨਾਲ ਹੀ ਉਸੇ ਸਮੇਂ ਤੋਂ 48 ਘੰਟਿਆਂ ਲਈ ਹਲਕੇ 'ਚ ਸ਼ਰਾਬ ਦੇ ਠੇਕੇ ਬੰਦ ਰੱਖਣ ਦੀਆਂ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਕਿਸੇ ਵੀ ਉਮੀਦਵਾਰ 'ਤੇ ਲਾਊਡ ਸਪੀਕਰਾਂ ਦੀ ਵਰਤੋਂ ਕਰਕੇ ਜਨਤਕ ਮੀਟਿੰਗਾਂ ਅਤੇ ਰੈਲੀਆਂ ਆਦਿ ਕਰਨ 'ਤੇ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਘਰ-ਘਰ ਜਾ ਕੇ ਪ੍ਰਚਾਰ ਕਰਨ 'ਤੇ ਪਾਬੰਦੀ ਨਹੀਂ ਹੋਵੇਗੀ। ਇਸੇ ਤਰ੍ਹਾਂ ਹਲਕੇ ਤੋਂ ਬਾਹਰਲੇ ਵਿਅਕਤੀਆਂ ਨੂੰ ਹਲਕਾ ਛੱਡਣ ਦੇ ਆਦੇਸ਼ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਫਗਵਾੜਾ ਅਤੇ ਇਸ ਦੇ ਆਲੇ-ਦੁਆਲੇ ਤਿੰਨ ਕਿਲੋਮੀਟਰ ਦੇ ਘੇਰੇ ਵਿਚ ਪੈਂਦੇ ਇਲਾਕੇ 'ਚ 19 ਅਕਤੂਬਰ 2019 ਸ਼ਾਮ 6 ਵਜੇ ਤੋਂ 21 ਅਕਤੂਬਰ ਸ਼ਾਮ 6 ਵਜੇ ਤਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 24 ਅਕਤੂਬਰ 2019 ਨੂੰ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਿਧਾਨ ਸਭਾ ਹਲਕਾ ਫਗਵਾੜਾ ਵਿਚ ਸਥਿਤ ਫੈਕਟਰੀਆਂ 'ਚ ਕੰਮ ਕਰਦੇ ਵਰਕਰਾਂ ਨੂੰ 21 ਅਕਤੂਬਰ ਨੂੰ 'ਪੇਡ ਛੁੱਟੀ' ਐਲਾਨੀ ਗਈ ਹੈ। ਇਸੇ ਤਰ੍ਹਾਂ ਸੂਬੇ ਦੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿਚ ਕੰਮ ਕਰਦੇ ਹਰਿਆਣਾ ਦੇ ਵੋਟਰਾਂ ਨੂੰ ਵੀ 21 ਅਕਤੂਬਰ ਨੂੰ 'ਪੇਡ ਛੁੱਟੀ' ਹੋਵੇਗੀ।