ਸ਼ਹਿਰ ਅਤੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਾਡਾ ਫਰਜ਼ : ਭੁੱਲਰ

02/12/2020 5:19:44 PM

ਜਲੰਧਰ (ਸੁਧੀਰ)— ਗੁਰਦਾਸਪੁਰ 'ਚ ਸ਼ਿਵ ਸੈਨਾ ਆਗੂ 'ਤੇ ਜਾਨਲੇਵਾ ਹਮਲਾ ਹੋਣ ਦੇ ਮੱਦੇਨਜ਼ਰ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸ਼ਹਿਰ ਦੀ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕਮਿਸ਼ਨਰੇਟ ਪੁਲਸ ਦੇ ਅਹੁਦੇਦਾਰਾਂ ਨੂੰ ਆਪਣੇ ਖੇਤਰ 'ਚ ਚੌਕਸੀ ਵਧਾਉਣ ਦੇ ਨਿਰਦੇਸ਼ ਜਾਰੀ ਕੀਤੇ।

ਇਸ ਸਖਤੀ ਤਹਿਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸਥਾਨਕ ਪੁਲਸ ਲਾਈਨ 'ਚ ਕਮਿਸ਼ਨਰੇਟ ਪੁਲਸ ਦੇ ਸਾਰੇ ਅਹੁਦੇਦਾਰਾਂ ਅਤੇ ਥਾਣਾ ਮੁਖੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਸ਼ਹਿਰ ਦੀ ਸੁਰੱਖਿਆ ਵਧਾਉਣ ਦੇ ਨਿਰਦੇਸ਼ ਜਾਰੀ ਕੀਤੇ। ਮੀਟਿੰਗ 'ਚ ਪੁਲਸ ਕਮਿਸ਼ਨਰ ਨੇ ਸਾਰੇ ਅਹੁਦੇਦਾਰਾਂ ਨੂੰ ਸਾਫ ਕਿਹਾ ਕਿ ਹਰ ਕੋਈ ਅਧਿਕਾਰੀ ਆਪਣੇ ਖੇਤਰ ਦੀ ਕਮਾਨ ਖੁਦ ਸੰਭਾਲੇ। ਉਨ੍ਹਾਂ ਦੱਸਿਆ ਕਿ ਡਿਊਟੀ 'ਚ ਲਾਪ੍ਰਵਾਹੀ ਵਰਤਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਪੁਲਸ ਅਧਿਕਾਰੀ ਹੋਵੇ ਜਾਂ ਫਿਰ ਪੁਲਸ ਮੁਲਾਜ਼ਮ।

ਭੁੱਲਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਕਿਸੇ ਤਰ੍ਹਾਂ ਦੀ ਘਟਨਾ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ ਅਤੇ ਕਮਿਸ਼ਨਰੇਟ ਪੁਲਸ ਵੱਲੋਂ ਸ਼ਹਿਰ 'ਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਜਾ ਰਹੇ ਹਨ। ਇਸ 'ਚ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਛੱਡੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪੁਲਸ ਅਹੁਦੇਦਾਰਾਂ ਅਤੇ ਸ਼ਰਾਰਤੀ ਅਨਸਰਾਂ 'ਤੇ ਨਜ਼ਰ ਰੱਖਣ ਦੇ ਨਾਲ-ਨਾਲ ਉਨ੍ਹਾਂ 'ਤੇ ਨਕੇਲ ਕੱਸਣ ਦੇ ਵੀ ਨਿਰਦੇਸ਼ ਜਾਰੀ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੇ ਅਹੁਦੇਦਾਰਾਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਝੂਠੀਆਂ ਅਫਵਾਹਾਂ ਫੈਲਾਉਣ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਇਸ ਦੇ ਨਾਲ ਹੀ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸ਼ਹਿਰ 'ਚ ਅਪਰਾਧ 'ਤੇ ਕਾਬੂ ਪਾਉਣ ਅਤੇ ਸ਼ਰਾਰਤੀ ਅਨਸਰਾਂ 'ਤੇ ਨਕੇਲ ਕੱਸਣ ਲਈ ਲੋਕਾਂ ਦਾ ਵੀ ਸਹਿਯੋਗ ਮੰਗਿਆ। ਉਨ੍ਹਾਂ ਕਿਹਾ ਕਿ ਲੋਕ ਅਫਵਾਹਾਂ ਤੋਂ ਬਚਣ ਅਤੇ ਕਿਸੇ ਵੀ ਅਫਵਾਹ 'ਚ ਨਾ ਆਉਣ। ਉਨ੍ਹਾਂ ਦੱਸਿਆ ਕਿ ਸ਼ਹਿਰ ਅਤੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਾਡਾ ਫਰਜ਼ ਹੈ ਅਤੇ ਇਸ 'ਚ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ।
ਇਸ ਮੌਕੇ ਡੀ. ਸੀ. ਪੀ. ਗੁਰਮੀਤ ਸਿੰਘ, ਡੀ. ਸੀ. ਪੀ. ਨਰੇਸ਼ ਡੋਗਰਾ, ਡੀ. ਸੀ. ਪੀ. ਏ. ਐੱਸ. ਪਵਾਰ, ਡੀ. ਸੀ. ਪੀ. ਅਰੁਣ ਸੈਣੀ, ਏ. ਡੀ. ਸੀ. ਪੀ. ਸਿਟੀ-1 ਡੀ. ਸੂਡਰਵਿਜੀ, ਏ. ਡੀ. ਸੀ. ਪੀ. ਸਿਟੀ-2 'ਤੇ ਪਰਮਿੰਦਰ ਸਿੰਘ ਭੰਡਾਲ, ਏ. ਡੀ. ਸੀ. ਪੀ. ਗੁਰਮੀਤ ਸਿੰਘ ਅਤੇ ਕਮਿਸ਼ਨਰੇਟ ਪੁਲਸ ਦੇ ਹੋਰ ਅਧਿਕਾਰੀ ਮੌਜੂਦ ਸਨ।


shivani attri

Content Editor

Related News