ਪਾਵਰਕਾਮ ’ਚ 1690 ਏ. ਐੱਲ. ਐੱਮ. ਦੀ ਭਰਤੀ: ਕੱਚੇ ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗੁਲ

05/11/2022 4:44:43 PM

ਜਲੰਧਰ (ਪੁਨੀਤ)–ਪਾਵਰਕਾਮ ਵੱਲੋਂ 1690 ਏ. ਐੱਲ. ਐੱਮ. (ਸਹਾਇਕ ਲਾਈਨਮੈਨ) ਭਰਤੀ ਕਰਨ ਨੂੰ ਹਰੀ ਝੰਡੀ ਦਿੱਤੀ ਗਈ ਹੈ, ਜਦੋਂ ਕਿ ਪਾਵਰਕਾਮ ਵਿਚ ਆਊਟਸੋਰਸ ’ਤੇ ਪਿਛਲੇ 10-15 ਸਾਲਾਂ ਤੋਂ ਕੰਮ ਕਰ ਰਹੇ ਠੇਕਾ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਸਰਕਾਰ ਵੱਲੋਂ ਕੋਈ ਪਾਲਿਸੀ ਨਹੀਂ ਬਣਾਈ ਗਈ। ਨਵੀਂ ਭਰਤੀ ਨੂੰ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਪਾਵਰਕਾਮ ਟਰਾਂਸਕੋ ਠੇਕਾ ਕਰਮਚਾਰੀ ਯੂਨੀਅਨ ਦੀ ਸਟੇਟ ਬਾਡੀ ਦੀ ਮੀਟਿੰਗ ਵਿਚ ਬੁਲਾਰਿਆਂ ਨੇ ਕੀਤਾ। ਯੂਨੀਅਨ ਪ੍ਰਧਾਨ ਬਲਿਹਾਰ ਸਿੰਘ ਅਤੇ ਜਨਰਲ ਸਕੱਤਰ ਰਾਜੇਸ਼ ਕੁਮਾਰ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗੁਲ ਵਜਾਉਂਦਿਆਂ ਬੁਲਾਰਿਆਂ ਨੇ ਕਿਹਾ ਕਿ 18 ਮਈ ਨੂੰ ਹੋਣ ਵਾਲੀ ਕੈਬਨਿਟ ਦੀ ਮੀਟਿੰਗ ਵਿਚ ਉਨ੍ਹਾਂ ਨੂੰ ਪੱਕਾ ਕਰਨ ਦਾ ਪ੍ਰਸਤਾਵ ਪਾਸ ਕੀਤਾ ਜਾਵੇ, ਨਹੀਂ ਤਾਂ ਉਹ 18 ਮਈ ਤੋਂ ਬਾਅਦ ਕਿਸੇ ਵੀ ਦਿਨ ਸੰਗਰੂਰ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਨੂੰ ਮਜਬੂਰ ਹੋ ਜਾਣਗੇ, ਜਿਸ ਦੇ ਲਈ ਸਰਕਾਰ ਦੀਆਂ ਨੀਤੀਆਂ ਜ਼ਿੰਮੇਵਾਰ ਹੋਣਗੀਆਂ।

ਇਹ ਵੀ ਪੜ੍ਹੋ: ਮੋਹਾਲੀ ਵਿਖੇ ਹੋਏ ਰਾਕੇਟ ਹਮਲੇ ਦੇ ਮਾਮਲੇ ’ਚ ਪੁਲਸ ਯੂ-ਟਿਊਬ ’ਤੇ ਰੱਖਣ ਲੱਗੀ ਨਜ਼ਰ, ਮਿਲੇ ਅਹਿਮ ਸੁਰਾਗ

ਪਾਵਰਕਾਮ ਵਿਚ ਸੀ. ਐੱਚ. ਬੀ. (ਕੰਪਲੇਂਟ ਹੈਂਡਲਿੰਗ ਬਾਈਕ) ਵਜੋਂ ਕੰਮ ਕਰ ਰਹੇ ਕਰਮਚਾਰੀਆਂ ਨੇ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਉਨ੍ਹਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ ਪਰ ਹੁਣ ਸਰਕਾਰ ਨੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਕੰਮ ਇਕ ਸਾਲ ਲਈ ਲਟਕਾ ਦਿੱਤਾ ਹੈ। ਇਸ ਨਾਲ ਸਰਕਾਰ ਦੀਆਂ ਕੱਚੇ ਕਰਮਚਾਰੀਆਂ ਪ੍ਰਤੀ ਗਲਤ ਨੀਤੀਆਂ ਜ਼ਾਹਰ ਹੋ ਰਹੀਆਂ ਹਨ। ਸੰਬੋਧਨ ਕਰਦਿਆਂ ਪ੍ਰਧਾਨ ਬਲਿਹਾਰ ਸਿੰਘ ਨੇ ਕਿਹਾ ਕਿ ਸਰਕਾਰ ਦੇ ਹੁਕਮਾਂ ’ਤੇ ਵਿਭਾਗ ਵਿਚ ਕੱਚੇ ਕਰਮਚਾਰੀਆਂ ਦੀਆਂ ਪੋਸਟਾਂ ਘੱਟ ਕੀਤੀਆਂ ਜਾ ਰਹੀਆਂ ਹਨ ਅਤੇ ਘੱਟ ਸਟਾਫ਼ ਤੋਂ ਵੱਧ ਕੰਮ ਲਿਆ ਜਾ ਰਿਹਾ ਹੈ। ਉਨ੍ਹਾਂ ਦੀਆਂ ਪੋਸਟਾਂ ਘੱਟ ਕਰਕੇ 1690 ਕਰਮਚਾਰੀਆਂ ਦੀ ਭਰਤੀ ਕਰਨ ਨਾਲ ਸਰਕਾਰ ਦੀਆਂ ਨੀਤੀਆਂ ਦੀ ਪੋਲ ਖੁੱਲ੍ਹ ਗਈ ਹੈ।

ਇਹ ਵੀ ਪੜ੍ਹੋ: ਕਪੂਰਥਲਾ 'ਚ ਵੱਡੀ ਵਾਰਦਾਤ, ਰੇਲਵੇ ਸਟੇਸ਼ਨ ਨੇੜੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਜਨਰਲ ਸਕੱਤਰ ਰਾਜੇਸ਼ ਕੁਮਾਰ ਨੇ ਕਿਹਾ ਕਿ ਭਿਆਨਕ ਗਰਮੀ ਦੇ ਇਸ ਦੌਰ ਵਿਚ ਉਹ ਬਹੁਤ ਘੱਟ ਤਨਖਾਹ ’ਤੇ ਫਾਲਟ ਠੀਕ ਕਰਨ ਦਾ ਕੰਮ ਕਰ ਰਹੇ ਹਨ। ਪਿਛਲੇ ਲੰਮੇ ਅਰਸੇ ਤੋਂ ਉਨ੍ਹਾਂ ਦੀ ਤਨਖਾਹ ਵਧਾਉਣ ਦੀ ਮੰਗ ਚਲੀ ਆ ਰਹੀ ਹੈ ਪਰ ਸਰਕਾਰ ਨੇ ਇਸ ਮੰਗ ਨੂੰ ਪੂਰਾ ਕਰਨ ਬਾਰੇ ਇਕ ਵਾਰ ਵੀ ਨਹੀਂ ਸੋਚਿਆ। ਆਊਟਸੋਰਸ ’ਤੇ ਰੱਖੇ ਕਰਮਚਾਰੀਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਖੁਦ ਨੂੰ ਆਮ ਆਦਮੀ ਦਾ ਸਾਥੀ ਦੱਸਣ ਵਾਲੀ ਨਵੀਂ ਸਰਕਾਰ ਦੇ ਮੰਤਰੀ ਕਿਸੇ ਦੇ ਹਿੱਤਾਂ ਦਾ ਧਿਆਨ ਨਹੀਂ ਰੱਖ ਰਹੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੱਕਾ ਨਾ ਕੀਤਾ ਗਿਆ ਤਾਂ ਉਹ ਆਪਣੇ ਪਰਿਵਾਰਾਂ ਨੂੰ ਨਾਲ ਲੈ ਕੇ ਸੜਕਾਂ ’ਤੇ ਉਤਰ ਆਉਣਗੇ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਜਨਤਾ ਤੱਕ ਪਹੁੰਚਾਇਆ ਜਾਵੇਗਾ।

ਇਹ ਵੀ ਪੜ੍ਹੋ: ਖਾਣਾ ਖਾਣ ਮਗਰੋਂ PG ਜਾ ਰਹੇ ਦੋਸਤਾਂ ਨਾਲ ਵਾਪਰੀ ਅਣਹੋਣੀ ਨੇ ਘਰ ’ਚ ਵਿਛਾਏ ਸੱਥਰ, MSC ਦੇ ਵਿਦਿਆਰਥੀ ਦੀ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News