ਕਪੂਰਥਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਤਿਆਰੀਆਂ ਮੁਕੰਮਲ

Saturday, Dec 13, 2025 - 07:32 PM (IST)

ਕਪੂਰਥਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਤਿਆਰੀਆਂ ਮੁਕੰਮਲ

ਕਪੂਰਥਲਾ (ਮਹਾਜਨ)-ਕਪੂਰਥਲਾ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ ਵੋਟਾਂ ਕੱਲ੍ਹ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਇਸ ਲਈ ਅੱਜ ਵੱਖ-ਵੱਖ ਥਾਵਾਂ ਤੋਂ ਪੋਲਿੰਗ ਪਾਰਟੀਆਂ ਪੋਲਿੰਗ ਬੂਥਾਂ ਲਈ ਰਵਾਨਾ ਹੋਈਆਂ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਹੈ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਪ੍ਰਸ਼ਾਸਨ ਵੱਲੋਂ ਸ਼ਾਂਤੀਪੂਰਵਕ ਤੇ ਨਿਰਪੱਖ ਮਤਦਾਨ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ । ਹਰੇਕ ਪੋਲਿੰਗ ਬੂਥ ਉੇਪਰ ਸੀ ਸੀ ਟੀ ਵੀ ਕੈਮਰੇ ਵੀ ਲਗਾਏ ਗਏ ਹਨ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੇ 5 ਬਲਾਕ ਸੰਮਤੀਆਂ ਦੇ 88 ਜ਼ੋਨਾਂ ਲਈ ਵੋਟਾਂ ਪੈਣਗੀਆਂ। ਇਸ ਲਈ ਜ਼ਿਲ੍ਹੇ ਭਰ ਵਿੱਚ 661 ਪੋਲਿੰਗ ਬੂਥ ਬਣਾਏ ਗਏ ਹਨ ਜਿੱਥੇ ਬੈਲਟ ਪੇਪਰ ਨਾਲ ਵੋਟਰ ਆਪਣੇ ਹੱਕ ਦੀ ਵਰਤੋਂ ਕਰ ਸਕਣਗੇ।

ਇਹ ਵੀ ਪੜ੍ਹੋ: ਪੰਜਾਬ ਦੇ Weather ਦੀ ਨਵੀਂ ਅਪਡੇਟ! 17 ਦਸੰਬਰ ਤੱਕ ਵਿਭਾਗ ਨੇ ਦਿੱਤੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert

ਉਨ੍ਹਾਂ ਅੱਜ ਐੱਸ. ਐੱਸ. ਪੀ. ਗੌਰਵ ਤੂਰਾ ਸਮੇਤ ਵਿਰਸਾ ਵਿਹਾਰ ਵਿਖੇ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤੇ ਜਾਣ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੋਂ ਇਲਾਵਾ ਬਲਾਕ ਸੰਮਤੀ ਨਡਾਲਾ, ਫਗਵਾੜਾ, ਕਪੂਰਥਲਾ, ਸੁਲਤਾਨਪੁਰ ਲੋਧੀ ਅਤੇ ਫੱਤੂਢੀਂਗਾ ਦੇ 88 ਜ਼ੋਨਾਂ ਲਈ ਵੋਟਿੰਗ ਹੋਵੇਗੀ।

ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਜਮਹੂਰੀ ਹੱਕ ਦੀ ਵੱਧ ਚੜ੍ਹ ਕੇ ਵਰਤੋਂ ਕਰਨ। ਇਸ ਮੌਕੇ ਐੱਸ. ਐੱਸ. ਪੀ. ਗੌਰਵ ਤੂਰਾ ਨੇ ਕਿਹਾ ਕਿ ਚੋਣਾਂ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਜਿਸ ਲਈ 1800 ਤੋਂ ਵੱਧ ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ ਹਨ । ਇਸ ਤੋਂ ਇਲਾਵਾ ਸੰਵੇਦਨਸ਼ੀਲ ਤੇ ਅਤਿ ਸੰਵੇਦਨਸ਼ੀਲ ਪੋਲਿੰਗ ਬੂਥਾਂ ਲਈ ਵਾਧੂ ਨਫਰੀ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਹਰੇਕ 20 ਪਿੰਡਾਂ ਲਈ ਗਸ਼ਤ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਪੀ. ਗੁਰਪ੍ਰੀਤ ਸਿੰਘ ਗਿੱਲ, ਡੀ. ਐੱਸ. ਪੀ. ਡਾ. ਸ਼ੀਤਲ ਸਿੰਘ, ਐੱਸ. ਡੀ. ਐੱਮ. ਇਰਵਿਨ ਕੌਰ ਅਤੇ ਹੋਰ ਹਾਜ਼ਰ ਸਨ।

ਇਹ ਵੀ ਪੜ੍ਹੋ: ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਕਤਲ, ਮ੍ਰਿਤਕ ਪੁੱਤ ਨੂੰ ਸਿਹਰਾ ਬੰਨ੍ਹਿਆ ਦੇਖ ਧਾਹਾਂ ਮਾਰ ਰੋਈ ਮਾਂ


author

shivani attri

Content Editor

Related News