ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ : ਡੀ. ਸੀ.

08/20/2019 12:52:23 AM

ਸੁਲਤਾਨਪੁਰ ਲੋਧੀ, (ਧੀਰ, ਸੋਢੀ)-ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਣ ਇਸ ਦੇ ਨਾਲ ਲੱਗਦੇ ਸੁਲਤਾਨਪੁਰ ਲੋਧੀ ਹਲਕੇ ਦੇ ਕੁਝ ਪਿੰਡਾਂ 'ਚ ਹੜ੍ਹਾਂ ਵਰਗੀ ਸਥਿਤੀ ਪੈਦਾ ਹੋਣ ਕਾਰਣ ਇੱਥੋਂ ਦੇ ਲੋਕਾਂ ਲਈ ਭਰੋਆਣਾ ਗੁਰਦੁਆਰਾ ਸਾਹਿਬ ਵਿਖੇ ਬਣਾਏ ਗਏ ਰਾਹਤ ਕੈਂਪ ਦਾ ਡਿਪਟੀ ਕਮਿਸ਼ਨਰ ਇੰਜੀ. ਡੀ. ਪੀ. ਐੱਸ. ਖਰਬੰਦਾ ਅਤੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਅੱਜ ਜਾਇਜ਼ਾ ਲਿਆ। ਉਨ੍ਹਾਂ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਪ੍ਰਸ਼ਾਸਨ ਸੰਕਟ ਦੀ ਇਸ ਘੜੀ 'ਚ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਦੀ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਜ਼ੁਰਗਾਂ ਨੂੰ ਵੀ ਇਸ ਰਾਹਤ ਕੈਂਪ 'ਚ ਲੈ ਕੇ ਆਉਣ।

ਉਨ੍ਹਾਂ ਕਿਹਾ ਕਿ ਰਾਹਤ ਕੈਂਪ 'ਚ ਉਨ੍ਹਾਂ ਦੇ ਰਹਿਣ-ਸਹਿਣ, ਖਾਣ-ਪੀਣ, ਦਵਾਈਆਂ, ਮੈਡੀਕਲ ਸਹੂਲਤਾਂ, ਸੁਰੱਖਿਆ, ਪਸ਼ੂਆਂ ਲਈ ਚਾਰੇ ਆਦਿ ਦੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਬਚਾਅ ਕਾਰਜਾਂ ਦੇ ਵੀ ਪੁਖ਼ਤਾ ਇੰਤਜ਼ਾਮ ਹਨ, ਜਿਨ੍ਹਾਂ 'ਚ ਮੋਟਰ ਬੋਟਾਂ, ਲਾਈਫ ਜੈਕੇਟਾਂ, ਗੋਤਾਖੋਰ, ਕਿਸ਼ਤੀਆਂ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਸ ਅਧਿਕਾਰੀਆਂ ਵਲੋਂ ਸਥਿਤੀ 'ਤੇ ਪਲ-ਪਲ ਨਜ਼ਰ ਰੱਖੀ ਜਾ ਰਹੀ ਹੈ। ਇਸੇ ਦੌਰਾਨ ਉਨ੍ਹਾਂ ਡਾਕਟਰਾਂ ਅਤੇ ਮੈਡੀਕਲ ਸਟਾਫ ਨਾਲ ਵੀ ਗੱਲਬਾਤ ਕੀਤੀ ਅਤੇ ਹਦਾਇਤ ਕੀਤੀ ਕਿ ਉਹ ਦਵਾਈਆਂ ਆਦਿ ਦਾ ਪੂਰਾ ਸਟਾਕ ਆਪਣੇ ਕੋਲ ਰੱਖਣ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਮੁਸਤੈਦੀ ਨਾਲ ਕਰਨ ਲਈ ਕਿਹਾ। ਇਸ ਤੋਂ ਪਹਿਲਾਂ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਐੱਸ. ਡੀ. ਐੱਮ. ਸੁਲਤਾਨਪੁਰ ਲੋਧੀ ਨਵਨੀਤ ਕੌਰ ਬੱਲ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਅੱਜ ਲਗਾਤਾਰ ਪ੍ਰਭਾਵਿਤ ਇਲਾਕਿਆਂ ਅਤੇ ਨਾਜ਼ੁਕ ਥਾਵਾਂ ਦੇ ਦੌਰੇ ਕੀਤੇ ਗਏ। ਦਿਨ ਸਮੇਂ ਹੀ ਮੰਡ ਇੰਦਰਪੁਰ ਅਤੇ ਲਾਗਲੇ ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਵਲੋਂ ਖੁਦ ਭਰੋਆਣਾ ਰਾਹਤ ਕੈਂਪ 'ਚ ਪਹੁੰਚਾਇਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਹਰੀਕੇ ਹੈੱਡ ਵਰਕਸ ਦੇ ਗੇਟ ਵੀ ਖੁੱਲ੍ਹਵਾਏ ਗਏ।

Karan Kumar

This news is Content Editor Karan Kumar