ਪਨਬਸ ਠੇਕਾ ਮੁਲਾਜ਼ਮਾਂ ਨੇ ਗੇਟ ਰੈਲੀਆਂ ਕਰਕੇ ਸਰਕਾਰ ਖਿਲਾਫ ਕੱਢੀ ਭੜਾਸ
Monday, Jul 22, 2019 - 01:40 PM (IST)

ਜਲੰਧਰ (ਸੋਨੂੰ)— ਆਪਣੀਆਂ ਮੰਗਾਂ ਨੂੰ ਲੈ ਕੇ ਪਨਬਸ ਠੇਕਾ ਵਰਕਰਜ਼ ਯੂਨੀਅਨ ਵੱਲੋਂ ਅੱਜ ਸੂਬੇ ਦੇ 18 ਡਿਪੂਆਂ 'ਚ ਗੇਟ ਰੈਲੀਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਨੇਤਾ ਜਸਵੰਤ ਸਿੰਘ ਨੇ ਦੱਸਿਆ ਕਿ ਸੂਬੇ ਦੇ ਟਰਾਂਸਪੋਰਟ ਮੰਤਰੀ ਨਾਲ ਉਨ੍ਹਾਂ ਦੀਆਂ ਮੀਟਿੰਗ ਹੋ ਚੁੱਕੀਆਂ ਹਨ ਪਰ ਉਨ੍ਹਾਂ ਦੀਆਂ ਮੀਟਿੰਗਾਂ ਫਲਾਪ ਰਹੀਆਂ ਹਨ। ਇਸੇ ਕਰਕੇ ਅੱਜ ਸੂਬੇ 'ਚ ਗੇਟ ਰੈਲੀਆਂ ਦਾ ਆਯੋਜਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੋਈ ਫੈਸਲਾ ਨਾ ਲੈਣ 'ਤੇ ਉਹ 2 ਅਗਸਤ ਨੂੰ ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ 'ਚ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕਰਨਗੇ। ਇਸ ਤੋਂ ਬਾਅਦ 14,15 ਅਤੇ 16 ਅਗਸਤ ਨੂੰ ਸੂਬੇ ਭਰ 'ਚ ਪਨਬਸ ਦਾ ਚੱਕਾ ਜਾਮ ਕਰ ਦਿੱਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਇਕ ਪਾਸੇ ਜਿੱਥੇ 15 ਅਗਸਤ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਜ਼ਾਦੀ ਦਿਵਸ ਦਾ ਝੰਡਾ ਲਹਿਰਾਉਣਗੇ, ਉਥੇ ਹੀ ਯੂਨੀਅਨ ਵੱਲੋਂ ਕਾਲੇ ਕੱਪੜੇ ਪਾ ਕੇ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਨੇ ਸਰਕਾਰ ਨੂੰ ਸਖਤ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਸਰਕਾਰ ਨੇ ਫਿਰ ਵੀ ਮੰਗਾਂ ਨਾ ਮੰਨੀਆਂ ਤਾਂ ਪੱਕੇ ਤੌਰ 'ਤੇ ਸੂਬੇ 'ਚ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।