ਪੰਜਾਬ ਕੈਬਿਨਟ ਦਾ ਰਾਵਣ ਕਰਾਰ ਕਰ ਕੇ ਕੀਤਾ ਦਹਿਨ

10/19/2018 1:33:29 AM

 ਹੁਸ਼ਿਆਰਪੁਰ,   (ਘੁੰਮਣ)-  ਪੰਜਾਬ ਸਰਕਾਰ ਦੀ ਧੱਕੇਸ਼ਾਹੀ ਦਾ ਸ਼ਿਕਾਰ ਹੋ ਰਹੇ ਐੱਸ.ਐੱਸ.ਏ/ਰਮਸਾ, ਆਦਰਸ਼ ਤੇ ਮਾਡਲ ਸਕੂਲ ਅਧਿਆਪਕਾਂ ਨੇ ਅੱਜ ਦੁਸਹਿਰਾ ਦੀ ਪੂਰਬ ਸੰਧਿਆ ’ਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਕੈਬਿਨਟ ਨੂੰ ਰਾਵਣ ਕਰਾਰ ਦੇ ਦਹਿਣ ਕੀਤਾ। ਇਸ ਮੌਕੇ ਸਾਂਝਾ ਅਧਿਆਪਕ ਮੋਰਚਾ ਦੇ ਕਨਵੀਨਰ ਅਮਨਦੀਪ ਸ਼ਰਮਾ, ਉਪ ਪ੍ਰਧਾਨ ਚੌਧਰੀ ਰਾਮ ਭਜਨ, ਐੱਸ. ਐੱਸ .ਏ/ ‘ਰਮਸਾ’ ਯੂਨੀਅਨ ਦੇ ਜ਼ਿਲਾ ਪ੍ਰਧਾਨ ਪ੍ਰਿਤਪਾਲ ਸਿੰਘ, ਸੁਨੀਲ ਕੁਮਾਰ ਆਦਿ ਦੀ ਅਗਵਾਈ ’ਚ ਸੈਕਡ਼ੇ ਅਧਿਆਪਕਾਂ ਨੇ ਸ਼ਹੀਦ ਊਧਮ ਸਿੰਘ ਪਾਰਕ ਮਾਡਲ ਟਾਊਨ ’ਚ ਰੋਸ ਮਾਰਚ ਕੱਢਿਆ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਦੁਆਰਾ ਇਨ੍ਹਾਂ ਅਧਿਆਪਕਾਂ ਦੀ ਤਨਖਾਹ ’ਚ 65 ਤੋਂ 75 ਫੀਸਦੀ ਤੱਕ ਕਟੌਤੀ ਦੀ ਨਿੰਦਾ ਕਰਦੇ ਹੋਏ ਫੈਸਲਾ ਵਾਪਸ ਲੈਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਪੂਰੀ ਤਨਖਾਹ ਦੇ ਨਾਲ ਇਨ੍ਹਾਂ ਅਧਿਆਪਕਾਂ ਨੂੰ ਸਿੱਖਿਆ ਵਿਭਾਗ ’ਚ ਰੈਗੂਲਰ ਕੀਤਾ ਜਾਵੇ। ਜਬਰਨ ਮੁਅਤਲੀ ਤੇ ਬਦਲੀਆਂ ਨੂੰ ਤੁਰੰਤ ਰੱਦ ਕੀਤਾ ਜਾਵੇ।

21 ਨੂੰ ਮੋਤੀ ਮਹਿਲ ਦੇ ਘਿਰਾਓ ਦਾ ਐਲਾਨ
 ਯੂਨੀਅਨ ਦੇ ਉਪ ਪ੍ਰਧਾਨ ਚੌਧਰੀ ਰਾਮ ਭਜਨ ਨੇ ਦੱਸਿਆ ਕਿ 21 ਅਕਤੂਬਰ ਨੂੰ ਪਟਿਆਲਾ ’ਚ ਸਾਂਝਾ ਅਧਿਆਪਕ ਮੋਰਚੇ ਦੁਆਰਾ ਮੁੱਖ ਮੰਤਰੀ ਕੈਪ. ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ, ਜਿਸ ’ਚ ਰਾਜ ਦੇ ਹਜ਼ਾਰਾਂ ਦੀ ਗਿਣਤੀ ’ਚ ਅਧਿਆਪਕ ਹਿੱਸਾ ਲੈਣਗੇ। ਉਨ੍ਹਾਂ ਨੇ ਕਿਹਾ ਕਿ ਜਦ ਤੱਕ ਸਰਕਾਰ ਆਪਣਾ ਫੈਸਲਾ ਨਹੀਂ ਬਦਲਦੀ ਇਹ ਸੰਘਰਸ਼ ਜਾਰੀ ਰਹੇਗਾ।
ਦਸੂਹਾ, (ਝਾਵਰ)-ਗਜ਼ਟਿਡ ਅਤੇ ਨਾਨ-ਗਜ਼ਟਿਡ ਐੱਸ. ਸੀ. ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾ ਚੇਅਰਮੈਨ ਜਸਬੀਰ ਸਿੰਘ ਪਾਲ, ਸੂਬਾ ਪ੍ਰਧਾਨ ਬਲਰਾਜ ਕੁਮਾਰ ਦੇ ਦਿਸ਼ਾ-ਨਿਰਦੇਸ਼ ਹੇਠ ਇਕ ਵਿਸ਼ਾਲ ਰੋਸ ਮਾਰਚ ਬਲਾਕ ਪ੍ਰਧਾਨ ਕਸ਼ਮੀਰ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਲੈਕਚਰਾਰ ਬਲਜੀਤ ਸਿੰਘ ਦੀ ਅਗਵਾਈ ਵਿਚ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੀ ਐੱਸ. ਐੱਸ. ਏ. ਰਮਸਾ ਅਧਿਆਪਕਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਵਿਰੁੱਧ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ  ਲੈਕਚਰਾਰ ਬਲਜੀਤ ਸਿੰਘ ਨੇ ਦੱਸਿਆ ਕਿ ਫੈਡਰੇਸ਼ਨ ਵੱਲੋਂ ਇਨ੍ਹਾਂ ਅਧਿਆਪਕਾਂ ਦੇ ਸਮਰਥਨ ’ਚ 19 ਅਕਤੂਬਰ ਨੂੰ ਪਟਿਆਲਾ ਵਿਖੇ ਵਿਸ਼ਾਲ ਰੋਸ ਮਾਰਚ ਕਰਦਿਆਂ ਸਾਥੀਆਂ ਦਾ ਹੌਸਲਾ ਵਧਾਇਆ ਜਾਵੇਗਾ।