ਨਗਰ ਨਿਗਮਾਂ ਤੇ ਕੌਂਸਲਾਂ ’ਚ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਨੂੰ ਯਕੀਨੀ ਬਣਾਵਾਂਗੇ: ਬਲਕਾਰ ਸਿੰਘ
Friday, Jun 02, 2023 - 01:15 PM (IST)

ਜਲੰਧਰ (ਧਵਨ)-ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਬਲਕਾਰ ਸਿੰਘ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਸੂਬੇ ਦੀਆਂ ਸਾਰੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ’ਚ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੀਆਂ ਸਾਰੀਆਂ ਸਥਾਨਕ ਸਰਕਾਰਾਂ ਸੰਸਥਾਵਾਂ ’ਚ ਸੁਚਾਰੂ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਨੂੰ ਯਕੀਨੀ ਬਣਾਇਆ ਜਾ ਸਕੇ। ਵੀਰਵਾਰ ਜਲੰਧਰ ’ਚ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਪੁੱਜੇ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੂੰ ਸਰਕਟ ਹਾਊਸ ’ਚ ਗਾਰਡ ਆਫ਼ ਆਨਰ ਦਿੱਤਾ ਗਿਆ।
ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ’ਚ ਬੁਨਿਆਦੀ ਸਹੂਲਤਾਂ ਦੀ ਉਪਲੱਬਧਤਾ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ, ਸਾਫ਼-ਸਫ਼ਾਈ, ਸੜਕਾਂ ਦਾ ਬਿਹਤਰ ਬੁਨਿਆਦੀ ਢਾਂਚਾ, ਸਟ੍ਰੀਟ ਲਾਈਟਾਂ ’ਚ ਸੁਧਾਰ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਲੋਕ ਸਭਾ ਜ਼ਿਮਨੀ ਚੋਣ ’ਚ ਭਾਰੀ ਵੋਟਾਂ ਦੇ ਫਰਕ ਨਾਲ ਜਿਤਾ ਕੇ ਆਪਣਾ ਭਰੋਸਾ ਆਮ ਆਦਮੀ ਪਾਰਟੀ ’ਚ ਪ੍ਰਗਟ ਕੀਤਾ ਹੈ। ਹੁਣ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਜਲੰਧਰ ਨੂੰ ਪੰਜਾਬ ਦੇ ਮੋਹਰੀ ਸ਼ਹਿਰ ਵਜੋਂ ਵਿਕਸਤ ਕਰੀਏ ਤਾਂ ਜੋ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਜਲੰਧਰ 'ਚ ਕੇਂਦਰੀ ਆਗੂਆਂ ਦਾ ਮਾਸਟਰ ਪਲਾਨ ਫਲਾਪ, ਨੇਤਾਵਾਂ ਦੀ ਮਨਮਰਜ਼ੀ ਕਰਨ ਦੀ ਨੀਤੀ ਲੈ ਡੁੱਬੀ ਭਾਜਪਾ ਦੀ ਬੇੜੀ
ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹਿਰ ਦੇ ਵਿਕਾਸ ਲਈ ਵਿਸ਼ੇਸ਼ ਪਹਿਲਕਦਮੀ ਕੀਤੀ ਜਾਵੇਗੀ ਅਤੇ ਜਲੰਧਰ ਲਈ ਕਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ ਅਤੇ ਜਲਦ ਹੀ ਇਨ੍ਹਾਂ ਪ੍ਰਾਜੈਕਟਾਂ ’ਤੇ ਕੰਮ ਸ਼ੁਰੂ ਹੋ ਜਾਵੇਗਾ। ਇਸ ਮੌਕੇ ’ਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਰਾਜਵਿੰਦਰ ਕੌਰ ਥਿਆੜਾ, ਅੰਮ੍ਰਿਤਪਾਲ ਸਿੰਘ, ਸੁਰਿੰਦਰ ਸਿੰਘ ਸੋਢੀ, ਦਿਨੇਸ਼ ਢੱਲ ਅਤੇ ਮਹਿੰਦਰਾ ਭਗਤ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਭਾਰੀ ਮੀਂਹ ਮਗਰੋਂ ਬਦਲੇਗਾ ਮੌਸਮ ਦਾ ਮਿਜਾਜ਼, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani