ਪੰਜਾਬ ਵਕਫ਼ ਬੋਰਡ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼, ਉਸਾਰੀ ਰੋਕਣ ਲਈ ਪੁਲਸ ਪਾਰਟੀ ’ਤੇ ਹਮਲਾ
Friday, Jun 02, 2023 - 12:05 PM (IST)

ਜਲੰਧਰ (ਮਜ਼ਹਰ)–ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਨੂੰ ਖਾਲੀ ਕਰਵਾਉਣ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਇਨ੍ਹੀਂ ਦਿਨੀਂ ਪੰਚਾਇਤੀ ਜ਼ਮੀਨਾਂ ਨੂੰ ਖਾਲੀ ਕਰਵਾਉਣ ਲਈ ਵੱਡੇ ਪੱਧਰ ’ਤੇ ਸਰਕਾਰ ਕੰਮ ਕਰ ਰਹੀ ਹੈ ਪਰ ਦੂਜੇ ਪਾਸੇ ਸਿਆਸੀ ਦਬਾਅ ਹੇਠ ਪੰਜਾਬ ਵਕਫ਼ ਬੋਰਡ ਦੀਆਂ ਜ਼ਮੀਨਾਂ ’ਤੇ ਲਗਾਤਾਰ ਕਬਜ਼ੇ ਹੋ ਰਹੇ ਹਨ, ਜਿਨ੍ਹਾਂ ਨੂੰ ਖਾਲੀ ਕਰਵਾਉਣਾ ਪੰਜਾਬ ਵਕਫ਼ ਬੋਰਡ ਲਈ ਵੀ ਚੁਣੌਤੀ ਭਰਿਆ ਕੰਮ ਹੈ। ਵੀਰਵਾਰ ਨੂੰ ਇਕ ਅਜਿਹੇ ਹੀ ਮਾਮਲੇ ਵਿਚ ਜੰਮ ਕੇ ਹੰਗਾਮਾ ਹੋਇਆ। ਪੰਜਾਬ ਵਕਫ਼ ਬੋਰਡ ਦੀ ਟੀਮ ਨੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਟਿੱਬੀ ਵਿਚ ਬੇਸ਼ਕੀਮਤੀ 452 ਕਨਾਲ ਜ਼ਮੀਨ ’ਤੇ ਕੁਝ ਲੋਕਾਂ ਵੱਲੋਂ ਨਾਜਾਇਜ਼ ਢੰਗ ਨਾਲ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਜਿਸ ਨੂੰ ਲੈ ਕੇ ਸੰਗਰੂਰ/ਮਾਲੇਰਕੋਟਲਾ ਦੇ ਅਸਟੇਟ ਅਫ਼ਸਰ ਬਹਾਰ ਅਹਿਮਦ ਵੱਲੋਂ ਥਾਣਾ ਸਿਟੀ ਸੁਨਾਮ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਸੀ।
ਇਹ ਵੀ ਪੜ੍ਹੋ- ਜਲੰਧਰ 'ਚ ਕੇਂਦਰੀ ਆਗੂਆਂ ਦਾ ਮਾਸਟਰ ਪਲਾਨ ਫਲਾਪ, ਨੇਤਾਵਾਂ ਦੀ ਮਨਮਰਜ਼ੀ ਕਰਨ ਦੀ ਨੀਤੀ ਲੈ ਡੁੱਬੀ ਭਾਜਪਾ ਦੀ ਬੇੜੀ
ਸ਼ਿਕਾਇਤ ਤੋਂ ਬਾਅਦ ਜਦੋਂ ਥਾਣਾ ਇੰਚਾਰਜ ਇੰਸ. ਦੀਪਇੰਦਰ ਸਿੰਘ ਵੱਲੋਂ ਮੌਕੇ ’ਤੇ ਪਹੁੰਚ ਕੇ ਨਾਜਾਇਜ਼ ਕਬਜ਼ਾਧਾਰਕਾਂ ਨੂੰ ਉਸਾਰੀ ਰੋਕਣ ਲਈ ਕਿਹਾ ਗਿਆ ਤਾਂ ਉਨ੍ਹਾਂ ਇੰਸਪੈਕਟਰ ਸਮੇਤ ਪੂਰੀ ਪੁਲਸ ਪਾਰਟੀ ਅਤੇ ਪੰਜਾਬ ਵਕਫ਼ ਬੋਰਡ ਦੇ ਅਧਿਕਾਰੀਆਂ ’ਤੇ ਜਾਨਲੇਵਾ ਹਮਲਾ ਕਰਦਿਆਂ ਗੱਡੀਆਂ ਨੂੰ ਨੁਕਸਾਨ ਪਹੁੰਚਾਇਆ। ਪੰਜਾਬ ਵਕਫ਼ ਬੋਰਡ ਦੀ ਜ਼ਮੀਨ ’ਤੇ ਜਿਹੜਾ ਵਿਅਕਤੀ ਨਾਜਾਇਜ਼ ਕਬਜ਼ਾ ਕਰ ਰਿਹਾ ਸੀ, ਉਸ ਨੇ ਹਮਲਾ ਕਰਨ ਲਈ ਆਪਣੇ ਕੁਝ ਰਿਸ਼ਤੇਦਾਰਾਂ ਨੂੰ ਮੌਕੇ ’ਤੇ ਬੁਲਾ ਕੇ ਹਮਲਾ ਕੀਤਾ, ਜਿਸ ਤੋਂ ਬਾਅਦ ਹਮਲਾ ਕਰਨ ਵਾਲੇ ਜਗਤਾਰ ਸਿੰਘ, ਤਰਸੇਮ ਸਿੰਘ ਸਮੇਤ ਹੋਰਨਾਂ ਲੋਕਾਂ ’ਤੇ ਹਮਲਾ ਕਰਨ ਅਤੇ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਦੀ ਨੀਅਤ ਅਤੇ ਪੁਲਸ ਨਾਲ ਹੱਥੋਪਾਈ ਕਰਨ ਦੇ ਦੋਸ਼ ਵਿਚ ਕੇਸ ਦਰਜ ਕੀਤਾ ਗਿਆ ਹੈ।
ਹੈਰਾਨੀ ਦੀ ਗੱਲ ਹੈ ਕਿ ਅੱਜ ਵੀ ਇਕ ਪਾਸੇ ਜਦੋਂ ਸਰਕਾਰ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਾ ਛੁਡਵਾਉਣ ਦੀ ਗੱਲ ਕਹਿ ਰਹੀ ਹੈ ਤਾਂ ਪੰਜਾਬ ਵਕਫ਼ ਬੋਰਡ ਦੀਆਂ ਜ਼ਮੀਨਾਂ ’ਤੇ ਸ਼ਰੇਆਮ ਸਿਆਸੀ ਦਬਾਅ ਦੇ ਕਬਜ਼ੇ ਕੀਤੇ ਜਾ ਰਹੇ ਹਨ, ਜਿਸ ਨੂੰ ਲੈ ਕੇ ਮੁਸਲਿਮ ਭਾਈਚਾਰੇ ਵਿਚਕਾਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਪੰਜਾਬ ਵਕਫ਼ ਬੋਰਡ ਦੀ ਜ਼ਮੀਨ ’ਤੇ ਨਾਜਾਇਜ਼ ਢੰਗ ਨਾਲ ਕਬਜ਼ਾ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜਿਵੇਂ ਸਰਕਾਰ ਪੰਚਾਇਤੀ ਜ਼ਮੀਨਾਂ ਨੂੰ ਖਾਲੀ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਰਹੀ ਹੈ, ਇਸੇ ਤਰ੍ਹਾਂ ਪੰਜਾਬ ਵਕਫ ਬੋਰਡ ਦੀਆਂ ਜ਼ਮੀਨਾਂ ਨੂੰ ਵੀ ਕਬਜ਼ਾ-ਮੁਕਤ ਕਰਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਜਾਵੇ।
ਇਹ ਵੀ ਪੜ੍ਹੋ- ਪੰਜਾਬ 'ਚ ਭਾਰੀ ਮੀਂਹ ਮਗਰੋਂ ਬਦਲੇਗਾ ਮੌਸਮ ਦਾ ਮਿਜਾਜ਼, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ
ਬੋਰਡ ਦੀਆਂ ਜ਼ਮੀਨਾਂ ’ਤੇ ਨਾਜਾਇਜ਼ ਢੰਗ ਨਾਲ ਉਸਾਰੀ ਦਾ ਕੰਮ ਚੱਲਦਾ ਰਿਹਾ, ਬੋਰਡ ਦੇ ਕਿਸੇ ਅਧਿਕਾਰੀ ਨੂੰ ਭਿਣਕ ਤਕ ਨਹੀਂ ਲੱਗੀ, ਜ਼ਿੰਮੇਵਾਰ ਕੌਣ?
ਵਕਫ ਬੋਰਡ ਦੀ ਬੇਸ਼ਕੀਮਤੀ ਜ਼ਮੀਨ ’ਤੇ ਨਾਜਾਇਜ਼ ਢੰਗ ਨਾਲ ਦੁਕਾਨਾਂ ਬਣਾਉਣ ਦਾ ਕੰਮ ਕਈ ਦਿਨਾਂ ਤੋਂ ਚੱਲ ਰਿਹਾ ਸੀ ਅਤੇ ਉਥੋਂ ਦੇ ਅਸਟੇਟ ਅਫਸਰ ਨੂੰ ਭਿਣਕ ਤੱਕ ਨਹੀਂ ਲੱਗੀ। ਇਸਦੇ ਪਿੱਛੇ ਕਿਹੜਾ ਅਫਸਰ ਜ਼ਿੰਮੇਵਾਰ ਹੈ, ਕਿਸ ਦੀ ਸ਼ਹਿ ’ਤੇ ਇੰਨੇ ਵੱਡੇ ਪੈਮਾਨੇ ’ਤੇ ਉਸਾਰੀ ਦਾ ਕੰਮ ਚੱਲ ਰਿਹਾ ਸੀ, ਇਸਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰ ਦੱਸਦੇ ਹਨ ਕਿ ਇਸ ਮਾਮਲੇ ਵਿਚ ਅਸਟੇਟ ਅਫ਼ਸਰ ਬਹਾਰ ਅਹਿਮਦ ਪੂਰੀ ਤਰ੍ਹਾਂ ਨਾਲ ਜ਼ਿੰਮੇਵਾਰ ਹਨ ਕਿਉਂਕਿ ਉਨ੍ਹਾਂ ਸਮਾਂ ਰਹਿੰਦਿਆਂ ਇਸ ਉਸਾਰੀ ਨੂੰ ਰੋਕਿਆ ਨਹੀਂ ਅਤੇ ਨਾ ਹੀ ਹੈੱਡ ਆਫਿਸ ਨੂੰ ਇਸ ਦੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ- ਕੋਰੋਨਾ ਕਾਲ ਨੇ ਖੋਹ ਲਿਆ ਰੁਜ਼ਗਾਰ, ਮਾਂ-ਧੀਆਂ ਨੇ ਨਹੀਂ ਹਾਰੀ ਹਿੰਮਤ, ਅੱਜ ਹੋਰਾਂ ਲਈ ਬਣੀਆਂ ਮਿਸਾਲ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani