‘ਮਿਸ਼ਨ ਫ਼ਤਿਹ’ ਤਹਿਤ ਲੋਕਾਂ ਨੂੰ ਘਰ-ਘਰ ਜਾ ਕੇ ਕੀਤਾ ਜਾ ਰਿਹੈ ਜਾਗਰੂਕ

07/09/2020 2:19:20 AM

ਰੂਪਨਗਰ, (ਵਿਜੇ ਸ਼ਰਮਾ) - ਮਿਸ਼ਨ ਫ਼ਤਿਹ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਨੇ ਦੱਸਿਆ ਕਿ ਸਿਹਤ ਵਰਕਰਾਂ, ਆਂਗਨਵਾਡ਼ੀ ਵਰਕਰਾਂ, ਪੰਚਾਂ ਤੇ ਸਰਪੰਚਾਂ, ਨਗਰ ਕੌਂਸਲਾਂ ਦੇ ਕਰਮਚਾਰੀਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿਚ ਜਾ ਕੇ ਲੋਕਾਂ ਨੂੰ ਵਾਰ-ਵਾਰ ਹੱਥ ਧੋਣ, ਮਾਸਕ ਪਾਉਣ ਅਤੇ ਸਮਾਜਿਕ ਵਿੱਥ ਰੱਖਣ ਲਈ ਪ੍ਰੇਰਿਤ ਕਰ ਰਹੇ ਹਨ। ਇਸ ਦੇ ਨਾਲ-ਨਾਲ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਸਾਵਧਾਨੀਆਂ ਵਰਤ ਕੇ ਹੀ ਕੋਰੋਨਾ ਵਾਇਰਸ ਵਰਗੀ ਮਹਾਮਾਰੀ ਤੋਂ ਬਚਿਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਮਿਸ਼ਨ ਫਤਿਹ’ ਪ੍ਰੋਗਰਾਮ ਤਹਿਤ ਫਰੰਟ ਲਾਈਨ ’ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਵਿਸ਼ੇਸ਼ ਬੈਜ ਲਾ ਕੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਵੀ ਕੀਤੀ ਗਈ ਹੈ।

ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਮਿਸ਼ਨ ਫ਼ਤਿਹ ਤਹਿਤ ਕੋਵਾ ਐਪ ਡਾਊਨਲੋਡ ਕਰ ਕੇ ਉਸ ਵਿਚ ਮਿਸ਼ਨ ਫ਼ਤਿਹ ਜੁਆਇੰਨ ਕਰਨ ਤੇ ਇਸ ਮਿਸ਼ਨ ਦੀ ਕਾਮਯਾਬੀ ਲਈ ਪੰਜਾਬ ਸਰਕਾਰ ਨੂੰ ਸਹਿਯੋਗ ਦੇਣ।

Bharat Thapa

This news is Content Editor Bharat Thapa