ਪੰਜਾਬ ’ਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਰਿਕਾਰਡ ਵਾਧਾ: ਤਿੰਨ ਸਾਲਾਂ ''ਚ 6.78 ਲੱਖ ਵਿਦਿਆਰਥੀਆਂ ਨੂੰ ਲਾਭ
Friday, Nov 28, 2025 - 05:37 PM (IST)
ਜਲੰਧਰ- ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਤੇਜ਼ੀ ਨਾਲ ਕੀਤੇ ਜਾ ਰਹੇ ਕੰਮਾਂ ਦਾ ਸਿੱਧਾ ਲਾਭ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਮਿਲ ਰਿਹਾ ਹੈ। ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਇਸ ਸਾਲ ਲਾਭਪਾਤਰੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਰਿਕਾਰਡ ਵਾਧਾ ਦਰਜ ਕੀਤਾ ਗਿਆ ਹੈ। ਮਾਨ ਸਰਕਾਰ ਯੋਗ ਬੱਚਿਆਂ ਨੂੰ ਉੱਚ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੀ ਕਾਰਨ ਸਕਾਲਰਸ਼ਿਪ ਦੇ ਦਾਇਰੇ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ।
ਸਰਕਾਰੀ ਅੰਕੜਿਆਂ ਮੁਤਾਬਕ, ਜਿੱਥੇ 2021 ਦੇ ਅੰਤ ਤੱਕ 76,842 ਵਿਦਿਆਰਥੀ ਇਸ ਸਕੀਮ ਦੇ ਲਾਭਪਾਤਰੀ ਸਨ, ਉੱਥੇ 2024–25 ਦੇ ਡਾਟਾ ਅਨੁਸਾਰ ਇਹ ਗਿਣਤੀ ਵੱਧ ਕੇ 2,37,456 ਹੋ ਗਈ ਹੈ, ਜੋ ਲਗਭਗ 35% ਵਾਧੇ ਨੂੰ ਦਰਸਾਉਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿੰਨ ਸਾਲਾਂ ਤੋਂ ਵੱਧ ਸਮੇਂ ਵਿੱਚ ਕੁੱਲ 6 ਲੱਖ 78 ਹਜ਼ਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਜਾਰੀ ਕੀਤੀ ਗਈ ਹੈ। ਇਹ ਪਿਛਲੇ ਪੰਜ ਸਾਲਾਂ ਦੌਰਾਨ ਦੇ 3 ਲੱਖ 71 ਹਜ਼ਾਰ ਲਾਭਪਾਤਰੀਆਂ ਨਾਲੋਂ ਤਕਰੀਬਨ 3 ਲੱਖ ਵੱਧ ਹੈ। ਪੰਜਾਬ ਸਰਕਾਰ ਨੇ 2025–26 ਲਈ ਇਸ ਸਕੀਮ ਤਹਿਤ 2 ਲੱਖ 70 ਹਜ਼ਾਰ ਵਿਦਿਆਰਥੀਆਂ ਨੂੰ ਲਾਭਪਾਤਰੀ ਬਣਾਉਣ ਦਾ ਟੀਚਾ ਰੱਖਿਆ ਹੈ, ਜਿਸ ਨਾਲ ਸੂਬੇ ਵਿੱਚ ਸਿੱਖਿਆ ਦੇ ਖੇਤਰ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ।
