ਨਸ਼ੇ ਦੀ ਪੂਰਤੀ ਲਈ ਧਾਰਮਿਕ ਸਥਾਨਾਂ ਨੂੰ ਚੋਰ ਬਣਾ ਰਹੇ ਨਿਸ਼ਾਨਾ! ਪੁਲਸ ਵੱਲੋਂ ਗਿਰੋਹ ਦਾ ਪਰਦਾਫ਼ਾਸ਼
Wednesday, Oct 14, 2026 - 02:38 PM (IST)
ਸੁਲਤਾਨਪੁਰ ਲੋਧੀ (ਧੀਰ)-ਇਲਾਕੇ ਵਿਚ ਧਾਰਮਿਕ ਅਸਥਾਨਾਂ ਨੂੰ ਨਿਸ਼ਾਨਾ ਬਣਾ ਕੇ ਚੋਰੀਆਂ ਕਰਨ ਵਾਲੇ ਕਥਿਤ ਗਿਰੋਹ ਵਿਰੁੱਧ ਕਾਰਵਾਈ ਕਰਦਿਆਂ ਸੁਲਤਾਨਪੁਰ ਲੋਧੀ ਪੁਲਸ ਨੇ ਇਕ ਮੁਲਜ਼ਮ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਪ੍ਰਾਚੀਨ ਸਿੰਘ ਭਵਾਨੀ ਮੰਦਿਰ ਵਿਚ ਹੋਈ ਚੋਰੀ ਦੀ ਵਾਰਦਾਤ ਨੂੰ ਸੁਲਝਾਉਣ ਦਾ ਦਾਅਵਾ ਕਰਦਿਆਂ ਕਿਹਾ ਹੈ ਕਿ ਮੁਲਜ਼ਮ ਕੋਲੋਂ ਪੁੱਛਗਿੱਛ ਦੌਰਾਨ ਹੋਰ ਚੋਰੀਆਂ ਸਬੰਧੀ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਸ ਅਨੁਸਾਰ ਮੁਲਜ਼ਮ ਕਥਿਤ ਤੌਰ ’ਤੇ ਨਸ਼ੇ ਦੀ ਪੂਰਤੀ ਲਈ ਮੰਦਰਾਂ ਅਤੇ ਹੋਰ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਂਦਾ ਸੀ, ਜਦਕਿ ਇਸ ਮਾਮਲੇ ਵਿਚ ਗਿਰੋਹ ਦੇ ਹੋਰਨਾਂ ਮੈਂਬਰਾਂ ਦੀ ਭਾਲ ਵੀ ਕੀਤੀ ਜਾ ਰਹੀ ਹੈ। ਇਹ ਕਾਰਵਾਈ ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਦੇ ਦਿਸ਼ਾ-ਨਿਰਦੇਸ਼ਾਂ, ਏ.ਐੱਸ.ਪੀ. ਧਿਰੇਂਦਰ ਵਰਮਾ ਦੀਆਂ ਹਦਾਇਤਾਂ ਅਤੇ ਥਾਣਾ ਮੁਖੀ ਦਵਿੰਦਰ ਪਾਲ ਦੀ ਨਿਗਰਾਨੀ ਹੇਠ ਕੀਤੀ ਗਈ।
ਇਹ ਵੀ ਪੜ੍ਹੋ: ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ ਪੂਰਨ ਸਮਰਥਨ: ਰਾਜਾ ਵੜਿੰਗ
ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਦਵਿੰਦਰ ਪਾਲ ਨੇ ਦੱਸਿਆ ਕਿ ਏ. ਐੱਸ. ਆਈ. ਸੰਤੋਖ ਸਿੰਘ ਸਮੇਤ ਪੁਲਸ ਪਾਰਟੀ ਨੂੰ ਇਕ ਦਰਗਾਹ ਵਿਚ ਚੋਰੀ ਹੋਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦਿਆਂ ਹੀ ਪੁਲਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ ’ਤੇ ਪਹੁੰਚ ਕੇ ਇਕ ਵਿਅਕਤੀ ਨੂੰ ਕਾਬੂ ਕਰ ਲਿਆ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਦੀਪਕ ਕੁਮਾਰ ਪੁੱਤਰ ਸੁਖਵਿੰਦਰ ਪਾਲ, ਵਾਸੀ ਮੁਹੱਲਾ ਮੋਰੀ, ਸੁਲਤਾਨਪੁਰ ਲੋਧੀ ਵਜੋਂ ਹੋਈ ਹੈ।

ਥਾਣਾ ਮੁਖੀ ਮੁਤਾਬਕ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਬੀਤੇ ਦਿਨੀਂ ਪ੍ਰਾਚੀਨ ਸਿੰਘ ਭਵਾਨੀ ਮੰਦਰ ਵਿੱਚ ਹੋਈ ਚੋਰੀ ਦੀ ਵਾਰਦਾਤ ਨੂੰ ਵੀ ਅੰਜਾਮ ਦੇਣ ਦੀ ਗੱਲ ਕਬੂਲ ਕੀਤੀ ਹੈ। ਪੁਲਿਸ ਮੁਤਾਬਕ ਮੁਲਜ਼ਮ ਨੇ ਲੋਹੇ ਦੇ ਸਰੀਏ ਦੀ ਮਦਦ ਨਾਲ ਮੰਦਰ ਦੇ ਮੁੱਖ ਗੇਟ ਅਤੇ ਗੋਲਕ ਦੇ ਤਾਲੇ ਤੋੜ ਕੇ ਗੋਲਕ ਵਿੱਚੋਂ ਨਕਦੀ ਚੋਰੀ ਕੀਤੀ ਸੀ। ਇਸ ਵਾਰਦਾਤ ਤੋਂ ਬਾਅਦ ਇਲਾਕੇ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਪੈਦਾ ਹੋ ਗਈ ਸੀ।
ਪੁਲਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮੁਲਜ਼ਮ ਨੇ ਪੁੱਛਗਿੱਛ ਦੌਰਾਨ ਹੋਰਨਾਂ ਧਾਰਮਿਕ ਸਥਾਨਾਂ ’ਤੇ ਵੀ ਚੋਰੀਆਂ ਕਰਨ ਦੀ ਗੱਲ ਕਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੇ ਕਥਿਤ ਤੌਰ ’ਤੇ ਨਸ਼ੇ ਦੀ ਲਤ ਪੂਰੀ ਕਰਨ ਲਈ ਚੋਰੀਆਂ ਕਰਨ ਦੀ ਗੱਲ ਮੰਨੀ ਹੈ। ਹਾਲਾਂਕਿ, ਇਨ੍ਹਾਂ ਵਾਰਦਾਤਾਂ ਵਿੱਚ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਅਤੇ ਚੋਰੀ ਕੀਤੀ ਨਕਦੀ ਸਬੰਧੀ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਥਾਣਾ ਮੁਖੀ ਦਵਿੰਦਰ ਪਾਲ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦਾ ਮੁੱਖ ਮਕਸਦ ਇਹ ਪਤਾ ਲਗਾਉਣਾ ਹੈ ਕਿ ਕਥਿਤ ਗਿਰੋਹ ਵਿੱਚ ਹੋਰ ਕਿੰਨੇ ਵਿਅਕਤੀ ਸ਼ਾਮਲ ਹਨ ਅਤੇ ਇਲਾਕੇ ਵਿੱਚ ਪਹਿਲਾਂ ਵਾਪਰੀਆਂ ਚੋਰੀਆਂ ਨਾਲ ਮੁਲਜ਼ਮ ਜਾਂ ਉਸ ਦੇ ਸਾਥੀਆਂ ਦਾ ਕੋਈ ਸਬੰਧ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਕਿਸੇ ਵੀ ਗਲਤ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁਲਜ਼ਮ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਜਾਂਚ ਅੱਗੇ ਵਧਣ ਨਾਲ ਹੋਰ ਅਹਿਮ ਤੱਥ ਸਾਹਮਣੇ ਆਉਣ ਦੀ ਉਮੀਦ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
