ਗਣਤੰਤਰ ਦਿਵਸ ਮੌਕੇ ਡੀ. ਸੀ. ਡਾ. ਸ਼ੇਨਾ ਅਗਰਵਾਲ ਨੇ ਲਹਿਰਾਇਆ ਕੌਮੀ ਝੰਡਾ

01/26/2021 6:22:35 PM

ਨਵਾਂਸ਼ਹਿਰ (ਤ੍ਰਿਪਾਠੀ)- 72ਵੇਂ ਗਣਤੰਤਰ ਦਿਵਸ ਦਾ ਜ਼ਿਲਾ ਪੱਧਰੀ ਸਮਾਗਮ ਆਈ. ਟੀ. ਆਈ ਗਰਾਊਂਡ ਨਵਾਂਸ਼ਹਿਰ ਵਿਖੇ ਹੋਇਆ, ਜਿਸ ਦੌਰਾਨ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕੀਤਾ। ਜ਼ਿਲ੍ਹਾ ਪੁਲਸ ਮੁਖੀ ਅਲਕਾ ਮੀਨਾ ਇਸ ਮੌਕੇ ਉਨਾਂ ਦੇ ਨਾਲ ਸਨ। ਹਲਕਾ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਵੀ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪਰੇਡ ਕਮਾਂਡਰ ਡੀ. ਐਸ. ਪੀ ਸਵਿੰਦਰਪਾਲ ਸਿੰਘ ਦੀ ਅਗਵਾਈ ਵਿਚ ਪੰਜਾਬ ਪੁਲਿਸ, ਐਨ. ਸੀ. ਸੀ. ਕੈਡਿਟਾਂ ਅਤੇ ਸਕੂਲੀ ਬੈਂਡ ਨੇ ਪਰੇਡ ਵਿਚ ਹਿੱਸਾ ਲਿਆ ਅਤੇ ਸ਼ਾਨਦਾਰ ਮਾਰਚ ਪਾਸਟ ਕਰਕੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ। ਇਸੇ ਤਰਾਂ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਅਤੇ ਸਮਾਜਿਕ ਮੁੱਦਿਆਂ ਨੂੰ ਦਰਸਾਉਂਦੀਆਂ ਦਿਲਕਸ਼ ਝਾਕੀਆਂ ਕੱਢੀਆਂ ਗਈਆਂ। 

 ਇਸ ਮੌਕੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਆਪਣੇ ਸੰਬੋਧਨ ਵਿਚ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਹਾਲ ਰੱਖਣ ਦਾ ਸੱਦਾ ਦਿੰਦਿਆਂ ਕਿਹਾ ਕਿ ਦੇਸ਼ ਭਗਤਾਂ ਦੀਆਂ ਅਨੇਕਾਂ ਕੁਰਬਾਨੀਆਂ ਸਦਕਾ ਮੁਲਕ ਨੂੰ ਆਜ਼ਾਦੀ ਮਿਲੀ ਅਤੇ ਡਾ. ਭੀਮ ਰਾਓ ਅੰਬੇਡਕਰ ਤੇ ਹੋਰਨਾਂ ਸ਼ਖਸੀਅਤਾਂ ਦੀ ਸਖ਼ਤ ਘਾਲਣਾ ਸਦਕਾ ਮੁਲਕ ਅੰਦਰ ਲੋਕਤੰਤਰੀ ਵਿਵਸਥਾ ਸਥਾਪਿਤ ਹੋਈ। ਉਨਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਹੀ ਸਹੀ ਮਾਅਨਿਆਂ ਵਿਚ ਗਣਰਾਜ ਦੀ ਸਥਾਪਨਾ ਹੋਈ ਅਤੇ ਭਾਰਤੀਆਂ ਦੇ ਸੁਪਨੇ ਸਾਕਾਰ ਹੋਏ। ਉਨਾਂ ਕਿਹਾ ਕਿ ਭਾਰਤ ਨੂੰ ਦੁਨੀਆ ਵਿਚ ਸਭ ਤੋਂ ਵੱਡੀ ਜ਼ਮਹੂਰੀਅਤ ਹੋਣ ਦਾ ਮਾਣ ਹਾਸਲ ਹੈ। 

PunjabKesari

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅਸੀਂ ਆਜ਼ਾਦ ਭਾਰਤ ਦੇ ਸਭ ਤੋਂ ਮੁਸ਼ਕਲ ਅਤੇ ਚੁਨੌਤੀਪੂਰਨ ਸਮੇਂ ਵਿਚੋਂ ਗੁਜ਼ਰ ਰਹੇ ਹਾਂ, ਜਦੋਂ ਕੋਰੋਨਾ ਮਹਾਮਾਰੀ ਨੇ ਸਾਡੇ ਸੂਬੇ ਅਤੇ ਮੁਲਕ ਸਮੇਤ ਪੂਰੀ ਦੁਨੀਆ ਨੂੰ ਆਪਣੀ ਗਿ੍ਰਫ਼ਤ ਵਿਚ ਲਿਆ ਹੋਇਆ ਹੈ। ਉਨਾਂ ਕਿਹਾ ਕਿ ਜਿਵੇਂ ਅਸੀਂ ਸੰਘਰਸ਼ ਕਰ ਕੇ ਬਰਤਾਨਵੀ ਹਕੂਮਤ ਤੋਂ ਮੁਕਤੀ ਪਾਈ, ਉਵੇਂ ਹੀ ਸਾਨੂੰ ਹੁਣ ਕੋਰੋਨਾ ਖਿਲਾਫ਼ ਜੰਗ ’ਤੇ ਵੀ ਫ਼ਤਿਹ ਪਾਉਣੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਖਿਲਾਫ਼ ਜੰਗ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਇਸ ਬੀਮਾਰੀ ’ਤੇ ਤੇਜ਼ੀ ਨਾਲ ਕਾਬੂ ਪਾਉਣ ਅਤੇ ਇਸ ਦਾ ਫੈਲਾਅ ਰੋਕਣ ਵਿਚ ਕਾਫੀ ਹੱਦ ਤੱਕ ਸਫਲ ਹੋਇਆ ਹੈ। 

PunjabKesari

ਜ਼ਿਲ੍ਹੇ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਨੂੰ ਹਰੇਕ ਖੇਤਰ ਵਿਚ ਮੋਹਰੀ ਜ਼ਿਲਾ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਜੀਅ-ਤੋੜ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਜ਼ਿਲੇ ਲਈ ਮਾਣ ਵਾਲੀ ਗੱਲ ਹੈ ਕਿ ਇਸ ਨੂੰ 100 ਫੀਸਦੀ ‘ਐੱਫ. ਐੱਚ. ਟੀ. ਸੀ’ ਐਲਾਨਿਆ ਗਿਆ ਹੈ, ਜਿੱਥੇ ਹਰੇਕ ਘਰ ਵਿਚ ਜਲ ਸਪਲਾਈ ਦੀ ਸੁਵਿਧਾ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਉਸਾਰੀ ਦਾ ਕੰਮ ਵੀ ਮੁਕੰਮਲ ਹੋ ਗਿਆ ਹੈ ਅਤੇ ਜੁਡੀਸ਼ੀਅਲ ਕੰਪਲੈਕਸ ਦਾ ਕੰਮ ਵੀ ਜੰਗੀ ਪੱਧਰ ’ਤੇ ਚੱਲ ਰਿਹਾ ਹੈ। 
ਇਸੇ ਤਰਾਂ ਸਰਕਾਰੀ ਕਾਲਜ ਜਾਡਲਾ ਦੀ ਨਵੀਂ ਬਿਲਡਿੰਗ ਵਿਚ ਵੀ ਅਗਲੇ ਸੈਸ਼ਨ ਤੋਂ ਕਲਾਸਾਂ ਸ਼ੁਰੂ ਹੋ ਜਾਣਗੀਆਂ। ਬਲਾਕ ਬਲਾਚੌਰ ਦੇ ਪਿੰਡ ਸਾਹਿਬਾ ਵਿਖੇ ਆਈ. ਟੀ. ਆਈ ਬਣਨ ਜਾ ਰਹੀ ਹੈ। ਜ਼ਿਲ੍ਹੇ ਵਿਚ ਸਰਕਾਰ ਅਤੇ ਜਨਤਕ ਸਹਿਯੋਗ ਨਾਲ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ ਜਾ ਰਿਹਾ ਹੈ। ਇਸੇ ਤਰਾਂ ਉਨਾਂ ਜ਼ਿਲਾ ਵਾਸੀਆਂ, ਖਾਸ ਕਰ ਨੌਜਵਾਨਾਂ ਅਤੇ ਲੜਕੀਆਂ ਦੀ ਬਿਹਤਰੀ ਲਈ ਜ਼ਿਲੇ ਵਿਚ ਕੀਤੇ ਜਾ ਰਹੇ ਉਪਰਾਲਿਆਂ ’ਤੇ ਵੀ ਚਾਨਣਾ ਪਾਇਆ।

ਇਸ ਮੌਕੇ ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਖੇਤਰਾਂ ’ਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸਖ਼ਸੀਅਤਾਂ ਅਤੇ ਕੋਵਿਡ-19 ਦੌਰਾਨ ਬਿਹਤਰੀਨ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸੇ ਤਰਾਂ ਪਰੇਡ ਵਿਚ ਭਾਗ ਲੈਣ ਵਾਲੀਆਂ ਟੁਕੜੀਆਂ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਐਸ. ਪੀ ਮਨਵਿੰਦਰ ਬੀਰ ਸਿੰਘ, ਤਹਿਸੀਲਦਾਰ ਕੁਲਵੰਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਹੋਰ ਸ਼ਖਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ। 
 


shivani attri

Content Editor

Related News