ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 2025: ਕਪੂਰਥਲਾ ਵਿਖੇ ਪੋਲਿੰਗ ਬੂਥ ਦੇ 200 ਮੀਟਰ ਘੇਰੇ ਅੰਦਰ ਪਾਬੰਦੀਆਂ ਦੇ ਹੁਕਮ

Friday, Dec 12, 2025 - 07:21 PM (IST)

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 2025: ਕਪੂਰਥਲਾ ਵਿਖੇ ਪੋਲਿੰਗ ਬੂਥ ਦੇ 200 ਮੀਟਰ ਘੇਰੇ ਅੰਦਰ ਪਾਬੰਦੀਆਂ ਦੇ ਹੁਕਮ

ਕਪੂਰਥਲਾ (ਮਹਾਜਨ)-ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਰ ਪੰਚਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਚੋਣਾਂ ਵਾਲੇ ਦਿਨ 14 ਦਸੰਬਰ ਨੂੰ ਜ਼ਿਲਾ ਕਪੂਰਥਲਾ ਅੰਦਰ ਬਣੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀਆਂ ਦੇ ਹੁਕਮ ਦਿੰਦਿਆਂ ਕਿਹਾ ਹੈ ਕਿ ਪੋਲਿੰਗ ਬੂਥ ਜਾਂ ਜਨਤਕ/ਨਿੱਜੀ ਜਗ੍ਹਾਂ ‘ਤੇ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕ ਵੱਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ। ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ ਨਜ਼ਦੀਕ ਸ਼ੋਰ ਸ਼ਰਾਬਾ ਤੇ ਹੁੱਲੜਬਾਜ਼ੀ ਨਹੀਂ ਕੀਤੀ ਜਾਵੇਗੀ।

ਹੁਕਮਾਂ ਅਨੁਸਾਰ ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ ਵਾਇਰਲੈਸ ਮੈਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਹੁਕਮ ਚੋਣ ਡਿਊਟੀ ‘ਤੇ ਤਾਇਨਾਤ ਹੋਏ ਅਬਜ਼ਰਵਰ, ਪ੍ਰਸ਼ਾਸਨਿਕ, ਪੁਲਿਸ ਅਧਿਕਾਰੀ, ਡਿਊਟੀ ‘ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ/ਕਾਊਟਿੰਗ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਣਗੇ।

ਇਹ ਵੀ ਪੜ੍ਹੋ: ਪੰਜਾਬ ਦੇ 13 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਵੱਲੋਂ 16 ਦਸੰਬਰ ਤੱਕ ਦੀ ਵੱਡੀ ਭਵਿੱਖਬਾਣੀ, ਪੜ੍ਹੋ ਤਾਜ਼ਾ ਅਪਡੇਟ

ਇਸੇ ਤੋਂ ਇਲਾਵਾ ਪ੍ਰਚਾਰ ਨਾਲ ਸਬੰਧਤ ਕਿਸੇ ਵੀ ਕਿਸਮ ਦਾ ਪੋਸਟਰ/ਬੈਨਰ ਨਹੀਂ ਲਗਾਇਆ ਜਾਵੇਗਾ। ਕੋਈ ਵੀ ਰਾਜਨੀਤਿਕ ਪਾਰਟੀ,ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ/ਟੈਂਟ ਨਹੀਂ ਲਗਾਏਗਾ। ਹੁਕਮਾਂ ਅਨੁਸਾਰ ਕੋਈ ਵੀ ਵਿਅਕਤੀ, ਸਿਵਾਏ ਰਾਜ ਚੋਣ ਕਮਿਸ਼ਨ, ਪੰਜਾਬ, ਜ਼ਿਲਾ ਚੋਣ ਅਫਸਰ ਕਪੂਰਥਲਾ ਜਾਂ ਸਬੰਧਿਤ ਹਲਕੇ ਦੇ ਰਿਟਰਨਿੰਗ ਅਫਸਰ ਵੱਲੋਂ ਅਧਿਕਾਰਤ ਵਿਅਕਤੀ ਕਿਸੇ ਵੀ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਾਹਨ ਨਹੀਂ ਲਿਜਾਏਗਾ। ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਅਤੇ ਸਮੂਹ ਉਪ ਮੰਡਲ ਮੈਜਿਸਟਰੇਟਸ ਜ਼ਿਲ੍ਹਾ ਕਪੂਰਥਲਾ ਵੱਲੋਂ ਉਕਤ ਹੁਕਮਾਂ ਦੀ ਪਾਲਣਾ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ: ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ ਅਪਲਾਈ, 17 ਦਸੰਬਰ ਨੂੰ ਹੋਵੇਗਾ...


author

shivani attri

Content Editor

Related News