ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਰਸਤੇ ''ਚ ਰੋਕ ਨੌਜਵਾਨ ਨਾਲ ਕੀਤੀ ਲੁੱਟਖੋਹ
Thursday, Nov 21, 2024 - 06:43 PM (IST)
 
            
            ਹੁਸ਼ਿਆਰਪੁਰ (ਰਾਕੇਸ਼)-ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਚਾਕੂ ਦੀ ਨੋਕ ’ਤੇ ਮੋਟਰਸਾਈਕਲ ’ਤੇ ਘਰ ਪਰਤ ਰਹੇ ਨੌਜਵਾਨ ਤੋਂ ਉਸ ਦੀਆਂ ਪਾਈਆਂ ਹੋਈਆਂ ਸੋਨੇ ਦੀਆਂ ਮੁੰਦਰੀਆਂ ਅਤੇ 1500 ਰੁਪਏ ਲੁੱਟ ਲਏ ਅਤੇ ਫਰਾਰ ਹੋ ਗਏ। ਉਨ੍ਹਾਂ ਨੇ ਨੌਜਵਾਨ ਦਾ ਮੋਬਾਇਲ ਫੋਨ ਤੋੜ ਦਿੱਤਾ ਅਤੇ ਮੋਟਰਸਾਈਕਲ ਦੀ ਚਾਬੀ ਵੀ ਆਪਣੇ ਨਾਲ ਲੈ ਗਏ। ਸ਼ਿਵਾਲਿਕ ਐਨਕਲੇਵ ਨਿਵਾਸੀ ਗੌਰਵ ਕਾਲੀਆ ਨੇ ਦੱਸਿਆ ਕਿ ਉਹ ਹੁਸ਼ਿਆਰਪੁਰ ਵਿਖੇ ਇਕ ਦੁਕਾਨ ’ਤੇ ਕੰਮ ਕਰਦਾ ਹੈ। ਦੇਰ ਰਾਤ ਉਹ ਆਪਣਾ ਕੰਮ ਖ਼ਤਮ ਕਰਕੇ ਮੋਟਰਸਾਈਕਲ ’ਤੇ ਘਰ ਪਰਤ ਰਿਹਾ ਸੀ।
ਜਦੋਂ ਉਹ ਧੋਬੀਘਾਟ ਤੋਂ ਆਦਮਵਾਲ ਨੂੰ ਜਾਂਦੇ ਰਸਤੇ ’ਤੇ ਮੰਦਰ ਨੇੜੇ ਪਹੁੰਚਿਆ ਤਾਂ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਦੇ ਮੋਟਰਸਾਈਕਲ ਅੱਗੇ ਮੋਟਰਸਾਈਕਲ ਕਰਕੇ ਉਸ ਨੂੰ ਰੋਕ ਲਿਆ। ਇਕ ਨੌਜਵਾਨ ਨੇ ਉਸ ਦੇ ਪਿੱਛੇ ਚਾਕੂ ਰੱਖ ਕੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਉਸ ਨਾਲ ਲੁੱਟਖੋਹ ਕੀਤੀ।
ਇਹ ਵੀ ਪੜ੍ਹੋ- ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਡੈਮਾਂ 'ਚ ਘਟਿਆ ਪਾਣੀ, BBMB ਨੇ ਜਾਰੀ ਕੀਤੀ ਚਿਤਾਵਨੀ
ਗੌਰਵ ਨੇ ਦੱਸਿਆ ਕਿ ਤਿੰਨਾਂ ਨੌਜਵਾਨਾਂ ਨੇ ਉਸ ਵੱਲੋਂ ਪਾਈਆਂ ਸੋਨੇ ਦੀਆਂ ਮੁੰਦਰੀਆਂ ਅਤੇ 1500 ਰੁਪਏ ਲੁੱਟ ਲਏ। ਲੁਟੇਰਿਆਂ ਨੇ ਉਸ ਦਾ ਮੋਬਾਇਲ ਖੋਹ ਕੇ ਤੋੜ ਦਿੱਤਾ ਅਤੇ ਮੋਟਰਸਾਈਕਲ ਦੀਆਂ ਚਾਬੀਆਂ ਵੀ ਖੋਹ ਲਈਆਂ ਤਾਂ ਜੋ ਉਹ ਉਨ੍ਹਾਂ ਦਾ ਪਿੱਛਾ ਨਾ ਕਰ ਸਕੇ। ਗੌਰਵ ਨੇ ਦੱਸਿਆ ਕਿ ਜਾਂਦੇ ਸਮੇਂ ਦੋਸ਼ੀ ਨੌਜਵਾਨ ਨੇ ਉਸ ਦੇ ਹੱਥ ’ਤੇ ਚਾਕੂ ਮਾਰ ਦਿੱਤਾ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਉਨ੍ਹਾਂ ਇਸ ਸਬੰਧੀ ਥਾਣਾ ਸਦਰ ਪੁਲਸ ਨੂੰ ਸੂਚਨਾ ਦਿੱਤੀ। ਲੁੱਟ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਸਿਟੀ ਸ਼ਿਵਦੱਤ ਅਤੇ ਐੱਸ. ਐੱਚ. ਓ. ਨੇ ਪੁਲਸ ਟੀਮ ਨਾਲ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਸੀ. ਸੀ. ਟੀ. ਵੀ. ਫੁੱਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਸਾਵਧਾਨ! 325 ਦੇ ਖ਼ਤਰਨਾਕ ਪੱਧਰ ’ਤੇ ਪਹੁੰਚਿਆ ਪੰਜਾਬ ਦੇ ਇਸ ਜ਼ਿਲ੍ਹੇ ਦਾ AQI, ਸਖ਼ਤ ਹੁਕਮ ਜਾਰੀ
 
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            