RTO ਨੇ ਕੀਤੀ ਅਚਨਚੇਤ ਚੈਕਿੰਗ, ਇਕ ਹੀ ਸਕੂਲ ਦੇ 12 ਵਾਹਨਾਂ ਦੇ ਕੱਟੇ ਚਲਾਨ
Friday, Aug 09, 2024 - 05:18 AM (IST)
ਜਲੰਧਰ (ਚੋਪੜਾ)– ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀ (ਆਰ.ਟੀ.ਓ.) ਅਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਭੋਗਪੁਰ ਵਿਚ ਵਿਸ਼ੇਸ਼ ਨਾਕਾਬੰਦੀ ਕਰ ਕੇ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਦਸਤਾਵੇਜ਼ਾਂ ਵਿਚ ਕਮੀ ਅਤੇ ਹੋਰ ਕਮੀਆਂ ਪਾਈਆਂ ਜਾਣ ’ਤੇ ਇਕ ਪ੍ਰਾਈਵੇਟ ਸਕੂਲ ਦੇ ਇਕ ਦਰਜਨ ਸਕੂਲੀ ਵਾਹਨਾਂ ਦੇ ਚਲਾਨ ਕੀਤੇ ਗਏ।
ਆਰ.ਟੀ.ਓ. ਅਮਨਪ੍ਰੀਤ ਸਿੰਘ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੈਕਿੰਗ ਦੌਰਾਨ 12 ਸਕੂਲ ਵਾਹਨ ਅਜਿਹੇ ਸਨ, ਜੋ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੇ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ ਕੁਝ ਸਕੂਲ ਵਾਹਨਾਂ ਦੇ ਜ਼ਰੂਰੀ ਦਸਤਾਵੇਜ਼ ਪੂਰੇ ਨਾ ਹੋਣ ਕਾਰਨ ਚਲਾਨ ਕੀਤੇ ਗਏ ਹਨ, ਜਦਕਿ ਕੁਝ ਸਕੂਲੀ ਬੱਸਾਂ ਦੇ ਚਾਲਕਾਂ ਨੇ ਵਰਦੀ ਨਹੀਂ ਪਹਿਨੀ ਸੀ। ਕੁਝ ਵਾਹਨਾਂ ਵਿਚ ਅਟੈਂਡੈਂਟ ਨਹੀਂ ਸੀ ਅਤੇ ਹੋਰ ਵਾਹਨ ਅਨਫਿੱਟ ਸਨ।
ਇਹ ਵੀ ਪੜ੍ਹੋ- ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਪਾਰਕ 'ਚ ਸੈਰ ਕਰਨ ਗਏ ਨੌਜਵਾਨ ਦੀ ਭੇਤਭਰੇ ਹਾਲਾਤਾਂ 'ਚ ਹੋਈ ਮੌਤ
ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਕਤ ਪ੍ਰਾਈਵੇਟ ਸਕੂਲ ਦੇ ਵਾਹਨਾਂ ਬਾਰੇ ਉਨ੍ਹਾਂ ਨੂੰ ਦਫਤਰ ਦੀ ਈਮੇਲ ਜ਼ਰੀਏ ਸ਼ਿਕਾਇਤ ਪ੍ਰਾਪਤ ਹੋਈ ਸੀ, ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਏ.ਆਰ.ਟੀ.ਓ. ਵਿਸ਼ਾਲ ਗੋਇਲ ਦੀ ਡਿਊਟੀ ਲਾਈ ਗਈ, ਜਿਨ੍ਹਾਂ ਨੇ ਸਕੂਲ ਦੇ ਬਾਹਰ ਲਿੰਕ ਰੋਡ ’ਤੇ ਨਾਕਾ ਲਾ ਕੇ ਸਕੂਲੀ ਵਾਹਨਾਂ ਦੀ ਚੈਕਿੰਗ ਮੁਹਿੰਮ ਚਲਾਈ।
ਆਰ.ਟੀ.ਓ. ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਵੀ ਸਕੂਲੀ ਵਾਹਨਾਂ ਦੀ ਚੈਕਿੰਗ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਸਕੂਲ ਵਾਹਨ ਰੋਡ ਸੇਫਟੀ ਨਿਯਮਾਂ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਕਰਦੇ ਹੋਣ।
ਆਰ.ਟੀ.ਓ. ਨੇ ਇਸ ਦੇ ਨਾਲ ਹੀ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਬੱਚਿਆਂ ਦੀ ਸਕੂਲ ਵੈਨ ਜਾਂ ਬੱਸ ਵਿਚ ਕਿਸੇ ਤਰ੍ਹਾਂ ਦੀ ਕਮੀ ਨਜ਼ਰ ਆਉਂਦੀ ਹੈ ਤਾਂ ਸਕੂਲ ਪ੍ਰਬੰਧਕਾਂ ਦੇ ਧਿਆਨ ਵਿਚ ਲਿਆਉਣ ਤਾਂ ਕਿ ਸੇਫ ਸਕੂਲ ਵਾਹਨ ਪਾਲਿਸੀ ਨੂੰ 100 ਫੀਸਦੀ ਲਾਗੂ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਢਾਈ ਸਾਲਾ ਬੱਚੀ ਦੀ ਮਾਂ ਦੀ ਭੇਤਭਰੀ ਹਾਲਤ 'ਚ ਮੌਤ, ਪੇਕੇ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਕਤਲ ਦੇ ਇਲਜ਼ਾਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e