ਐੱਸ. ਐੱਸ. ਏ./ਰਮਸਾ ਅਧਿਆਪਕਾਂ ਵੱਲੋਂ ਸਰਕਾਰ ਖਿਲਾਫ਼ ਰੋਸ ਵਿਖਾਵਾ
Saturday, Sep 15, 2018 - 01:10 AM (IST)

ਹੁਸ਼ਿਆਰਪੁਰ, (ਘੁੰਮਣ)- ਐੱਸ. ਐੱਸ. ਏ./ਰਮਸਾ ਤਹਿਤ ਕੰਮ ਕਰ ਰਹੇ ਅਧਿਆਪਕ ਪਿਛਲੇ 4 ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਹਨ, ਜਿਸ ਕਰ ਕੇ ਉਨ੍ਹਾਂ ਲਈ ਘਰ ਦੇ ਖਰਚ ਚਲਾਉਣਾ ਵੀ ਅੌਖਾ ਹੋ ਗਿਆ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਉਕਤ ਅਧਿਆਪਕਾਂ ਨੇ ਅੱਜ ਪੰਜਾਬ ਸਰਕਾਰ ਖਿਲਾਫ਼ ਰੋਸ ਵਿਖਾਵਾ ਕੀਤਾ। ਉਨ੍ਹਾਂ ਸਰਕਾਰ ਵਿਰੁੱਧ ਰੋਹ ਭਰੀ ਨਾਅਰੇਬਾਜ਼ੀ ਵੀ ਕੀਤੀ।
ਯੂਨੀਅਨ ਦੇ ਸੂਬਾ ਕਨਵੀਨਰ ਚੌਧਰੀ ਰਾਮ ਭਜਨ ਨੇ ਦੱਸਿਆ ਕਿ ਸਰਕਾਰ ਵੱਲੋਂ ਜਬਰੀ 75 ਫੀਸਦੀ ਤਨਖਾਹ ਕਟੌਤੀ ਕਰਨ ਦੀਆਂ ਖਬਰਾਂ ਕਰ ਕੇ ਅਧਿਆਪਕ ਪਹਿਲਾਂ ਹੀ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਚੁੱਕੇ ਸਨ ਅਤੇ ਹੁਣ 4-5 ਮਹੀਨਿਆਂ ਤੋਂ ਤਨਖਾਹਾਂ ਵੀ ਨਾ ਮਿਲਣ ਕਰ ਕੇ ਉਹ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਨੂੰ ਹੁਣ ਦੁਕਾਨਦਾਰਾਂ ਨੇ ਵੀ ਉਧਾਰ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਪਿਛਲੇ 9 ਸਾਲਾਂ ਤੋਂ ਠੇਕਾ ਆਧਾਰਿਤ ਨੌਕਰੀ ਰਹੇ 8626 ਅਧਿਆਪਕਾਂ ਨੂੰ ਹਮੇਸ਼ਾ ਪੰਜ-ਛੇ ਮਹੀਨਿਆਂ ਬਾਅਦ ਤਨਖਾਹਾਂ ਨਸੀਬ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਉਕਤ ਅਧਿਆਪਕਾਂ ਨਾਲ ਪਿਛਲੇ 9 ਸਾਲਾਂ ਤੋਂ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ ਅਤੇ ਰੈਗੂਲਰ ਕਰਨਾ ਤਾਂ ਦੂਰ ਦੀ ਗੱਲ ਸਮੇਂ-ਸਿਰ ਤਨਖਾਹਾਂ ਵੀ ਨਹੀਂ ਦਿੱਤੀਆਂ ਜਾਂਦੀਆਂ। ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਾਨਸਿਕ ਅਤੇ ਆਰਥਿਕ ਮੰਦਹਾਲੀ ਦੇ ਸ਼ਿਕਾਰ ਉਕਤ ਅਧਿਆਪਕਾਂ ਨੂੰ ਤੁਰੰਤ ਪੰਜਾਬ ਸਿੱਖਿਆ ਵਿਭਾਗ ਅਧੀਨ ਲੈ ਕੇ ਪੂਰੀਆਂ ਤਨਖਾਹਾਂ ਅਤੇ ਸਹੂਲਤਾਂ ਸਮੇਤ ਰੈਗੂਲਰ ਕੀਤਾ ਜਾਵੇ ਅਤੇ ਰੋਕੀਆਂ ਹੋਈਆਂ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ।