85ਵੀਂ ਸੰਵਿਧਾਨਿਕ ਸੋਧ ਨੂੰ ਲਾਗੂ ਕਰਕੇ ਦਲਿਤ ਭਾਈਚਾਰੇ ਨੂੰ ਪਹੁੰਚਾਇਆ ਜਾਵੇਗਾ ਲਾਭ: ਧਰਮਸੌਤ

10/14/2019 2:03:05 PM

ਜਲੰਧਰ/ਚੰਡੀਗੜ੍ਹ (ਕਮਲ)— ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੰਵਿਧਾਨ ਦੀ 85ਵੀਂ ਸੋਧ ਨੂੰ ਲਾਗੂ ਕਰਕੇ ਦਲਿਤ ਭਾਈਚਾਰੇ ਨੂੰ ਹਰ ਤਰ੍ਹਾਂ ਦਾ ਲਾਭ ਪਹੁੰਚਾਉਣ ਲਈ ਵਚਨਬੱਧ ਹੈ। ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਜਲੰਧਰ ਵਿਖੇ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਧਰਮਸੌਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਹੀ ਸਰਕਾਰੀ ਨੌਕਰੀਆਂ 'ਚ ਅਨੁਸੂਚਿਤ ਜਾਤੀ ਭਾਈਚਾਰੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਰੱਕੀਆਂ ਦੇਣ ਲਈ 85ਵੀਂ ਸੰਵਿਧਾਨਿਕ ਸੋਧ ਨੂੰ ਲਾਗੂ ਕਰ ਦਿੱਤਾ ਗਿਆ ਸੀ। ਹੁਣ ਫਿਰ ਮੁੱਖ ਮੰਤਰੀ ਪੰਜਾਬ ਇਸ ਸੋਧ ਨੂੰ ਸਹੀ ਅਰਥਾਂ ''ਚ ਲਾਗੂ ਕਰਨ ਲਈ ਵਚਨਬੱਧ ਹਨ ਅਤੇ ਜਲਦੀ ਹੀ ਇਸ ਨੂੰ ਲਾਗੂ ਕਰ ਦਿੱਤਾ ਜਾਵੇਗਾ। ਧਰਮਸੌਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕਿ ਜੀ ਦੇ ਤੀਰਥ ਅਸਥਾਨ ਦੇ ਹੋਰ ਵਿਕਾਸ ਲਈ ਵਿਆਪਕ ਯੋਜਨਾ ਬਣਾਈ ਜਾ ਰਹੀ ਹੈ। ਇਸ ਪਵਿੱਤਰ ਅਸਥਾਨ ਦੇ ਸਰੋਵਰ 'ਤੇ ਵਾਟਰ ਟਰੀਟਮੈਂਟ ਪਲਾਂਟ ਜਲਦੀ ਲਾ ਦਿੱਤਾ ਜਾਵੇਗਾ। ਇਲ ਤੋਂ ਇਲਾਵਾ ਵਾਲਮੀਕਿ ਕਿਮਿਊਨਿਟੀ ਹਾਲ ਦੇ ਨਿਰਮਾਣ ਲਈ 21 ਲੱਖ ਰੁਪਏ ਸਰਕਾਰ ਦੇਵੇਗੀ। ਇਸ ਮੌਕੇ ਉਨ੍ਹਾਂ ਨੇ ਸਭ ਨੂੰ ਭਗਵਾਨ ਵਾਲਮੀਕਿ ਜੀ ਵੱਲੋਂ ਦਿਖਾਏ ਗਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ।

ਇਸ ਮੌਕੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਉਤਸਵ ਜਲੰਧਰ ਵਿਖੇ ਸੂਬਾ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਭਗਵਾਨ ਵਾਲਮੀਕਿ ਜੀ ਨੇ ਆਪਣੀ ਪਵਿੱਤਰ ਰਚਨਾ ਰਾਮਾਇਣ ਰਾਹੀਂ,ਜੋ ਕਿ ਸਦੀਆਂ ਤੋਂ ਲੋਕਾਂ ਨੂੰ ਕਦਰਾਂ ਕੀਮਤਾਂ 'ਤੇ ਆਧਾਰਿਤ ਜੀਵਨ ਬਤੀਤ ਕਰਨ ਲਈ ਮਾਰਗ ਦਰਸ਼ਨ ਕਰਦੀ ਆ ਰਹੀ ਹੈ, ਅੱਜ ਦੇ ਪਦਾਰਥਵਾਦੀ ਯੁੱਗ ਵਿਚ ਵੀ ਇਸ ਦਾ ਓਨਾ ਹੀ ਮਹੱਤਵ ਹੈ। ਇਸ ਮੌਕੇ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਅੱਜ ਦੇ ਯੁੱਗ ਵਿਚ ਸੰਪਰਦਾਇਕ ਸਦਭਾਵਨਾ, ਸ਼ਾਂਤੀ ਅਤੇ ਭਰਾਤਰੀ ਪਿਆਰ ਨੂੰ ਬਣਾਈ ਰੱਖਣ ਵਿਚ ਬਹੁਤ ਸਾਰਥਿਕ ਸਿੱਧ ਹੋ ਰਹੀਆਂ ਹਨ।

ਇਸ ਮੌਕੇ ਵਿਧਾਇਕ ਰਜਿੰਦਰ ਬੇਰੀ, ਸੁਸ਼ੀਲ ਰਿੰਕੂ, ਅਵਤਾਰ ਸਿੰਘ ਬਾਵਾ ਹੈਨਰੀ ਅਤੇ ਚੌਧਰੀ ਸੁਰਿੰਦਰ ਸਿੰਘ ਵਲੋਂ ਵੀ ਪੰਜਾਬ ਸਰਕਾਰ ਦੁਆਰਾ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਉਤਸਵ ਜਲੰਧਰ ਵਿਖੇ ਸੂਬਾ ਪੱਧਰ 'ਤੇ ਮਨਾਉਣ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਨਗਰ ਨਿਗਮ ਕਮਿਸ਼ਨਰ ਦੀਪਰਵਾ ਲਾਕੜਾ, ਚੇਅਰਮੈਨ ਪੰਜਾਬ ਵਾਟਰ ਰਿਸੋਰਸ ਮੈਨੇਜਮੈਂਟ ਕਾਰਪੋਰੇਸ਼ਨ ਜਗਬੀਰ ਸਿੰਘ ਬਰਾੜ, ਚੇਅਰਮੈਨ ਇੰਪਰੂਵਮੈਂਟ ਟਰੱਸਟ ਕਰਤਾਰਪੁਰ ਰਜਿੰਦਰਪਾਲ ਸਿੰਘ ਰਾਣਾ ਰੰਧਾਵਾ, ਜ਼ਿਲਾ ਕਾਂਗਰਸੀ (ਸ਼ਹਿਰੀ) ਬਲਦੇਵ ਸਿੰਘ ਦੇਵਲ, ਜ਼ਿਲਾ ਕਾਂਗਰਸ ਦਿਹਾਤੀ ਸੁਖਵਿੰਦਰ ਸਿੰਘ ਲਾਲੀ, ਜ਼ਿਲਾ ਮਹਿਲਾ ਕਾਂਗਰਸ ਪ੍ਰਧਾਨ ਜਸਲੀਨ ਸੇਠੀ, ਮੈਂਬਰ ਪੰਜਾਬ ਐੱਸ. ਐੱਸ. ਬੋਰਡ ਰਜਨੀਸ਼ ਸਹੋਤਾ, ਅੰਮ੍ਰਿਤ ਖੋਸਲਾ, ਸੁਰਿੰਦਰ ਚੌਧਰੀ, ਮੇਜਰ ਸਿੰਘ, ਰਾਜੇਸ਼ ਭੱਟੀ, ਅਸ਼ੋਕ ਗੁਪਤਾ, ਯਸ਼ਪਾਲ ਧੀਮਾਨ, ਸਤਨਾਮ ਸਿੰਘ ਬਿੱਟਾ, ਰਾਜ ਕੁਮਾਰ ਰਾਜੂ, ਸਲਿਲ ਬਾਹਰੀ, ਸਤੀਸ਼ ਕੁਮਾਰ ਗੋਲਡੀ ਅਤੇ ਹੋਰ ਵੀ ਹਾਜ਼ਰ ਸਨ।


shivani attri

Content Editor

Related News