ਗਿੱਦੜਵਿੰਡੀ ਵਾਲਾ ਬੰਨ ਟੁੱਟਣ ਪਿੱਛੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਜ਼ਿੰਮੇਵਾਰ : ਸੱਜਣ ਚੀਮਾ

08/19/2019 8:46:57 PM

ਸੁਲਤਾਨਪੁਰ ਲੋਧੀ,(ਸੋਢੀ): ਭਾਖੜਾ ਤੇ ਨੰਗਲ ਡੈਮ ਤੋਂ ਸਤਲੁਜ 'ਚ ਪਾਣੀ ਛੱਡਣ ਤੋਂ ਬਾਅਦ ਜਲੰਧਰ ਤੇ ਕਪੂਰਥਲਾ ਜ਼ਿਲ੍ਹੇ 'ਚ ਹਾਲਾਤ ਬੇਹੱਦ ਨਾਜ਼ੁਕ ਬਣੇ ਹੋਏ ਹਨ। ਇਸ ਦੌਰਾਨ ਜਲੰਧਰ ਰੋਜ਼ ਕੋਲ ਮੁੱਖ ਮਾਰਗ ਤੇ ਗਿੱਦੜਪਿੰਡੀ ਕੋਲ ਬਣਿਆ ਐਡਵਾਂਸ ਬੰਨ ਪਾਣੀ ਦੇ ਤੇਜ਼ ਵਹਾਅ ਕਾਰਨ ਟੁੱਟ ਗਿਆ। ਜਿਸ ਕਾਰਨ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਪਾਣੀ ਵਿੱਚ ਡੁੱਬ ਕੇ ਤਬਾਹ ਹੋ ਗਈ ਹੈ । ਹਲਕਾ ਸੁਲਤਾਨਪੁਰ ਲੋਧੀ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਸੱਜਣ ਸਿੰਘ ਚੀਮਾ ਨੇ ਇਸ ਦੌਰਾਨ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਬੰਨ੍ਹ ਟੁੱਟਣ ਦੇ ਪਿੱਛੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ। ਜਿਨ੍ਹਾਂ ਨੇ ਸਮਾਂ ਰਹਿੰਦੇ ਇਸ ਬੰਨ ਨੂੰ ਮਜ਼ਬੂਤ ਨਹੀਂ ਕੀਤਾ ਤੇ ਬੰਨ ਦੇ ਲਾਗੇ ਕੋਲੋ ਹੇਠਾਂ ਸਫ਼ਾਈ ਨਹੀਂ ਕੀਤੀ । ਉਨ੍ਹਾਂ ਸਰਕਾਰ 'ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਸਥਾਨਕ ਵਿਧਾਇਕ ਸਾਹਿਬ ਜਿਹੜੇ ਹੁਣ ਦੌਰੇ ਕਰ ਰਹੇ ਹਨ, ਜੇ ਇਹ ਦੌਰੇ ਛੇ ਮਹੀਨੇ ਪਹਿਲਾਂ ਕੀਤੇ ਹੁੰਦੇ ਤਾਂ ਬੰਨ੍ਹ ਨੂੰ ਮਜ਼ਬੂਤ ਕਰਵਾਇਆ ਹੁੰਦਾ ਤਾਂ ਅੱਜ ਲੋਕਾਂ ਨੂੰ ਇਨ੍ਹਾਂ ਹਾਲਾਤਾਂ ਦਾ ਸਾਹਮਣਾ ਨਾ ਕਰਨਾ ਪੈਂਦਾ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰ ਲੋਕਾਂ ਨਾਲ ਖੜ੍ਹੇ ਹਨ।